ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦੇਣ ਦੀ ਲੋੜ : ਰਾਏ

01/17/2018 3:50:34 PM

ਸਿੰਗਾਪੁਰ (ਭਾਸ਼ਾ)— ਭਾਰਤ ਦੇ ਸਾਬਕਾ ਕੰਟਰੋਲਰ ਅਤੇ ਆਡੀਟਰ ਜਨਰਲ (ਕੈਗ) ਵਿਨੋਦ ਰਾਏ ਨੇ ਸੁਝਾਅ ਦਿੱਤਾ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ. ਏ. ਐੱਸ.) ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਖੇਤਰਾਂ 'ਚ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਥਾਂ 'ਤੇ ਉਨ੍ਹਾਂ ਦਾ 3 ਸਾਲ ਦਾ ਤੈਅ ਕਾਰਜਕਾਲ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਦਾ ਵਾਰ-ਵਾਰ ਟਰਾਂਸਫਰ ਨਹੀਂ ਕੀਤਾ ਜਾਣਾ ਚਾਹੀਦਾ, ਤਾਂ ਕਿ ਉਹ ਦੇਸ਼ ਦੇ ਵਿਕਾਸ ਵਿਚ ਯੋਗਦਾਨ ਦੇ ਸਕਣ। ਰਾਏ ਨੇ ਇਸ ਦੇ ਨਾਲ ਹੀ ਕਿਹਾ ਕਿ ਭਾਰਤੀ ਲੋਕ ਸੇਵਾ ਵਿਚ ਬਿਹਤਰੀਨ ਹੁਨਰ ਵਾਲੇ ਲੋਕ ਆਉਂਦੇ ਹਨ, ਕਿਉਂਕਿ ਉਨ੍ਹਾਂ ਨੂੰ ਇਸ ਵਿਚ ਚੰਗੇ ਮੌਕੇ ਮਿਲਦੇ ਹਨ।
ਰਾਏ ਨੇ 'ਸਿੰਗਾਪੁਰ ਇੰਸਟੀਚਿਊਟ ਆਫ ਸਾਊਥ ਏਸ਼ੀਅਨ ਸਟੱਡੀਜ਼' ਵਿਚ 'ਦਿ ਇੰਡੀਅਨ ਸਿਵਲ ਸਰਵਿਸ : ਹੈਜ ਇਟ ਡਿਲਿਵਰਡ?' 'ਤੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ, ''ਮੈਂ ਇਸ ਗੱਲ ਦੀ ਜ਼ੋਰਦਾਰ ਸਿਫਾਰਸ਼ ਕਰਦਾ ਹਾਂ ਕਿ ਲੋਕ ਸੇਵਕਾਂ ਨੂੰ ਵਿਸ਼ੇਸ਼ ਖੇਤਰਾਂ ਵਿਚ ਸਿਖਲਾਈ ਦੇਣ ਦੀ ਲੋੜ ਹੈ ਅਤੇ ਕਿਸੇ ਥਾਂ ਉਨ੍ਹਾਂ ਦਾ ਕਾਰਜਕਾਲ ਘੱਟ ਤੋਂ ਘੱਟ ਤਿੰਨ ਸਾਲ ਹੋਵੇ ਅਤੇ ਉਨ੍ਹਾਂ ਦਾ ਵਾਰ-ਵਾਰ ਟਰਾਂਸਫਰ ਨਾ ਕੀਤਾ ਜਾਵੇ, ਕਿਉਂਕਿ ਇਸ ਨਾਲ ਉਨ੍ਹਾਂ ਦਾ ਪ੍ਰਦਰਸ਼ਨ ਪ੍ਰਭਾਵਿਤ ਹੁੰਦਾ ਹੈ ਅਤੇ ਉਨ੍ਹਾਂ ਨੂੰ ਆਪਣੇ ਕੰਮਾਂ ਵਿਚ ਦਿਲਚਸਪੀ ਦਿਖਾਉਣ ਦਾ ਮੌਕਾ ਨਹੀਂ ਮਿਲਦਾ। ਉਨ੍ਹਾਂ ਨੇ ਇਕ ਪ੍ਰਸ਼ਨ ਦੇ ਉੱਤਰ ਵਿਚ ਕਿਹਾ ਕਿ ਲੋਕ ਸੇਵਕਾਂ ਤੋਂ ਅੱਜ ਜਿਸ ਪ੍ਰਦਰਸ਼ਨ ਦੀ ਉਮੀਦ ਕੀਤੀ ਜਾਂਦੀ ਹੈ, ਉਹ ਪਹਿਲਾਂ ਦੀ ਤੁਲਨਾ ਵਿਚ ਵਧ ਜਟਿਲ ਹੈ।''


Related News