ਇਟਲੀ ਦੀ ਨੈਸ਼ਨਲ ਸਿੱਖ ਧਰਮ ਪ੍ਰਚਾਰ ਕਮੇਟੀ ਦੇ ਸਿੰਘਾ ਵਲੋ ਯੂਕੇ ਦੇ ਸਿੱਖ ਸੰਸਦ ਮੈਂਬਰਾਂ ਨਾਲ ਕੀਤੀ ਗਈ ਮੀਟਿੰਗ

10/06/2017 5:21:59 AM

ਰੋਮ (ਕੈਂਥ)— ਇਟਲੀ ਦੇ ਸਿੱਖ ਮਾਮਲਿਆਂ ਬਾਰੇ ਨੈਸ਼ਨਲ ਸਿੱਖ ਧਰਮ ਪ੍ਰਚਾਰ ਕਮੇਟੀ (ਇਟਲੀ) ਦੇ ਮੁੱਖ ਸੇਵਾਦਾਰ ਹਰਵੰਤ ਸਿੰਘ ਦਾਦੂਵਾਲ ਦੀ ਬਰਤਾਨੀਆ ਦੇ ਸਿੱਖ ਸੰਸਦ ਮੈਂਬਰਾਂ ਨਾਲ ਅਹਿਮ ਮੀਟਿੰਗ ਹੋਈ। ਜਿਸ ਵਿਚ ਸਿੱਖ ਫੈਡਰੇਸ਼ਨ ਯੂਕੇ ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ, ਕੁਲਦੀਪ ਸਿੰਘ ਚਹੇੜੂ ਅਤੇ ਹੋਰ ਸਿੱਖ ਆਗੂਆਂ ਦੀ ਹਾਜ਼ਰੀ ਵਿਚ ਐਮ.ਪੀ. ਤਨਮਨਜੀਤ ਸਿੰਘ ਢੇਸੀ, ਐਮ.ਪੀ. ਪ੍ਰੀਤ ਕੌਰ ਗਿੱਲ ਨੂੰ ਇਟਲੀ ਦੇ ਸਿੱਖਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਇਟਲੀ ਵਿਚ ਸਿੱਖ ਧਰਮ ਨੂੰ ਰਜਿਸਟਰ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਨੂੰ ਹਾਲੇ ਤੱਕ ਸਫਲਤਾ ਨਹੀਂ ਮਿਲੀ। ਉਨ੍ਹਾਂ ਦੋਵੇਂ ਸਿੱਖ ਸੰਸਦ ਮੈਂਬਰਾਂ ਤੋਂ ਇਟਲੀ ਵਿਚ ਸਿੱਖ ਧਰਮ ਨੂੰ ਰਜਿਸਟਰ ਕਰਨ ਦੇ ਮਾਮਲੇ 'ਚ ਦਖ਼ਲ ਦੇਣ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਸਬੰਧੀ ਇਟਲੀ ਸਰਕਾਰ ਅਤੇ ਯੂਰਪੀਅਨ ਸੰਸਦ ਨਾਲ ਗੱਲਬਾਤ ਕੀਤੀ ਜਾਵੇ। ਭਾਈ ਦਾਦੂਵਾਲ ਨੇ ਕਿਹਾ ਕਿ ਦੋਵੇਂ ਸਿੱਖ ਸੰਸਦ ਮੈਂਬਰਾਂ ਨੇ ਸਾਨੂੰ ਭਰੋਸਾ ਦਿਵਾਇਆ ਹੈ ਕਿ ਉਹ ਇਟਲੀ ਵਿਚ ਸਿੱਖ ਧਰਮ ਨੂੰ ਰਜਿਸਟਰ ਕਰਨ ਦੇ ਮਾਮਲੇ 'ਚ ਜ਼ਰੂਰ ਹਰ ਸੰਭਵ ਮਦਦ ਕਰਨਗੇ।


Related News