ਅਕਾਲੀ ਆਗੂ ਦੀ ਕਾਂਗਰਸ ਨੂੰ ਸਖਤ ਚਿਤਾਵਨੀ, ਕਿਹਾ...

04/17/2017 1:35:50 PM

ਮੋਹਾਲੀ (ਨਿਆਮੀਆਂ) : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਪਾਰਲੀਮੈਂਟ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ ਤਾਂ ਕਿ ਸੂਬੇ ਨੂੰ ਰਾਜਸੀ ਬਦਲਾਖੋਰੀ ਦੀ ਅੱਗ ਦੇ ਸੇਕ ਤੋਂ ਬਚਾਇਆ ਜਾ ਸਕੇ। ਇਕ ਪ੍ਰੈੱਸ ਬਿਆਨ ਰਾਹੀਂ ਚੰਦੂਮਾਜਰਾ ਨੇ ਦੱਸਿਆ ਕਿ ਆਪਣੇ ਸਾਰੇ ਵਾਅਦਿਆਂ ਤੋਂ ਉਲਟ ਜਾ ਕੇ ਕਾਂਗਰਸੀਆਂ ਦੀ ਸ਼ਹਿ ਉੱਤੇ ਪਿੰਡ ਸਨੇਟਾ ਦੀ ਸਰਪੰਚ ਸੁਖਵਿੰਦਰ ਕੌਰ ਖਿਲਾਫ ਨਾਜਾਇਜ਼ ਕੇਸ ਦਰਜ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪਿੰਡ ਪੱਤੋਂ ਦੇ ਸਰਪੰਚ ਹਰਮਿੰਦਰ ਸਿੰਘ ਉੱਤੇ ਇਕ ਕੇਸ ਵਿਚ ਗਵਾਹੀ ਨਾ ਦੇਣ ਲਈ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਗਵਾਹੀ ਦੇਣ ਤੋਂ ਨਾ ਟਲਣ ਦੀ ਸੂਰਤ ਵਿਚ ਉਸ ਨੂੰ ਨਾਜਾਇਜ਼ ਕੇਸ ਵਿਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹੀ ਪਿੰਡ ਦਾਊਂ ਦੇ ਸਰਪੰਚ ਅਵਤਾਰ ਸਿੰਘ ਨੂੰ ਵੀ ਡਰਾਇਆ-ਧਮਕਾਇਆ ਜਾ ਰਿਹਾ ਹੈ।
ਪ੍ਰੋ. ਚੰਦੂਮਾਜਰਾ ਨੇ ਕਾਂਗਰਸ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ਧੱਕੇਸ਼ਾਹੀਆਂ ਕਰਨੀਆਂ ਬੰਦ ਕੀਤੀਆਂ ਜਾਣ, ਨਹੀਂ ਤਾਂ ਅਕਾਲੀ ਦਲ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਇਸ ਦਮਨ ਚੱਕਰ ਖਿਲਾਫ ਸੜਕਾਂ ''ਤੇ ਉਤਰਨ ਲਈ ਮਜਬੂਰ ਹੋਣਾ ਪਵੇਗਾ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਆਪਣੇ ਫਰਜ਼ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਕਾਂਗਰਸੀਆਂ ਵਲੋਂ ਕੀਤੀ ਜਾ ਰਹੀ ਗੁੰਡਾਗਰਦੀ ਨੂੰ ਨੱਥ ਪਾਉਣ।  
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਇਕ ਮਹਿਲਾ ਅਧਿਕਾਰੀ ਨੂੰ ਧਮਕੀਆਂ ਦੇਣ ਅਤੇ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੱਲੋਂ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਦੇ ਸਾਹਮਣੇ ਆਏ ਮਾਮਲਿਆਂ ਉੱਤੇ ਟਿੱਪਣੀ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇੱਕ ਮਹੀਨੇ ਦੇ ਛੋਟੇ ਜਿਹੇ ਅਰਸੇ ਵਿਚ ਹੀ ਕਾਂਗਰਸੀਆਂ ਦੀ ਪੋਲ ਖੁੱਲ੍ਹ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬਣਦਿਆਂ ਹੀ ਕਾਂਰਗਸੀਆਂ ਨੇ ਲੋਕਾਂ ਦੇ ਕਾਰੋਬਾਰਾਂ ''ਤੇ ਜਬਰਨ ਕਬਜ਼ੇ ਕਰਨੇ ਸ਼ੁਰੂ ਕਰ ਦਿੱਤੇ ਹਨ। ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ''ਤੇ ਨਾਜਾਇਜ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਦਾ ਦਾਅਵਾ ਕਰਨ ਵਾਲੀ ਸਰਕਾਰ ਨੇ ਆਉਂਦੇ ਹੀ ਪਿੰਡਾਂ ਦੇ ਵਿਕਾਸ ਲਈ ਦਿੱਤੇ ਗਏ ਪੈਸੇ ਵਾਪਿਸ ਮੰਗਵਾ ਲਏ ਅਤੇ ਹੁਣ ਸਰਪੰਚਾਂ ''ਤੇ ਨਾਜਾਇਜ਼ ਕੇਸ ਪਾਉਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਇਨ੍ਹਾਂ ਨਾਜਾਇਜ਼ ਤੰਗ-ਪ੍ਰੇਸ਼ਾਨ ਕਰਨ ਵਾਲਿਆਂ ਨੂੰ ਨੱਥ ਨਾ ਪਾਈ ਤਾਂ ਅਕਾਲੀ ਦਲ ਨੂੰ ਮਜਬੂਰਨ ਸੰਘਰਸ਼ ਦੇ ਰਾਹ ਪੈਣਾ ਪਵੇਗਾ।


Gurminder Singh

Content Editor

Related News