ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਮੰਗਣ ਮੁਆਫੀ : ਬਡੂੰਗਰ

06/27/2017 12:17:51 PM

ਰੂਪਨਗਰ (ਵਿਜੇ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਮੁਆਫੀ ਮੰਗਣ ਲਈ ਕਿਹਾ ਹੈ। ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ 'ਚ ਸ਼੍ਰੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ 'ਚ ਆਏ ਪ੍ਰੋ. ਬਡੂੰਗਰ ਨੇ ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ 'ਤੇ ਕਿਹਾ ਕਿ ਸਰਕਾਰ ਪੰਜਾਬੀ ਭਾਸ਼ਾ ਦਾ ਪਹਿਲਾਂ ਵਾਲਾ ਰੁਤਬਾ ਕਾਇਮ ਰੱਖੇ। ਬਡੂੰਗਰ ਨੇ ਨੀਟ ਦੀ ਪ੍ਰੀਖਿਆ 'ਚ ਅੱਵਲ ਰਹੇ ਨਵਦੀਪ ਸਿੰਘ ਤੇ ਗੁਰਪ੍ਰੀਤ ਕੌਰ ਨੂੰ ਸਨਮਾਨਤ ਕਰਨ ਦੀ ਗੱਲ ਵੀ ਕਹੀ। ਉਨ੍ਹਾਂ ਦੱਸਿਆ ਕਿ 3 ਜੁਲਾਈ ਨੂੰ ਮੀਰੀ-ਪੀਰੀ ਦਿਵਸ ਦੇ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਗੱਤਕੇ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਅੰਮ੍ਰਿਤਸਰ ਵਿਖੇ ਵਧੀ ਸ਼ਰਧਾਲੂਆਂ ਦੀ ਗਿਣਤੀ ਨੂੰ ਮੁੱਖ ਰੱਖਦੇ ਹੋਏ ਅਕਾਲੀ ਮਾਰਕੀਟ 'ਚ ਗੁਰੂ ਅਮਰਦਾਸ ਸਰਾਂ ਦਾ ਨਿਰਮਾਣ ਕਰਵਾਇਆ ਜਾਵੇਗਾ।
ਇਸ ਦੌਰਾਨ ਪ੍ਰੋ. ਬਡੂੰਗਰ ਨੇ ਪਿਛਲੇ ਦਿਨੀਂ ਵਿਧਾਨ ਸਭਾ 'ਚ ਦਸਤਾਰ ਦੀ ਬੇਅਦਬੀ ਤੇ ਮਹਿਲਾ ਵਿਧਾਇਕ ਨਾਲ ਬਦਸਲੂਕੀ ਦੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਲਈ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਮੁਆਫੀ ਮੰਗਣ। ਉਨ੍ਹਾਂ ਕਿਹਾ ਕਿ ਸੱਤਾ ਤਬਦੀਲੀ ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਾਂਗਰਸ ਪਾਰਟੀ ਦੇ ਵਿਧਾਇਕ ਤੇ ਹੋਰ ਨੇਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ 'ਤੇ ਕਬਜ਼ੇ ਕਰਨ ਲੱਗ ਪਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐੱਸ. ਜੀ. ਪੀ. ਸੀ. ਨਾਲ ਗੱਲ ਕਰਨ ਤੇ ਮਾਲ ਵਿਭਾਗ 'ਚ ਇਨ੍ਹਾਂ ਜ਼ਮੀਨਾਂ ਦਾ ਰਿਕਾਰਡ ਚੈੱਕ ਕਰਨ ਤੋਂ ਬਾਅਦ ਆਪਣੇ ਨੇਤਾਵਾਂ ਨੂੰ ਰੋਕਣ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਸ਼੍ਰੋਮਣੀ ਕਮੇਟੀ ਦੇ ਕੰਮਾਂ 'ਤੇ ਟਿੱਪਣੀ ਕਰਨ ਤੋਂ ਬਚਣ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਦੀ ਸਰਕਾਰ ਦੇ ਉਸ ਫੈਸਲੇ ਦਾ ਜ਼ੋਰਦਾਰ ਵਿਰੋਧ ਕੀਤਾ, ਜਿਸ 'ਚ ਕੇਂਦਰ ਸਰਕਾਰ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਧਾਰਮਿਕ ਯਾਤਰਾ 'ਤੇ ਪਾਕਿਸਤਾਨ ਜਾਂਦਾ ਹੈ ਤਾਂ ਉਹ ਆਪਣੀ ਸੁਰੱਖਿਆ ਦਾ ਖੁਦ ਜ਼ਿੰਮੇਵਾਰ ਹੋਵੇਗਾ। ਐੱਸ.ਜੀ.ਪੀ.ਸੀ. ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਵੰਡ ਸਮੇਂ ਬਹੁਤ ਸਾਰੇ ਧਾਰਮਿਕ ਸਥਾਨ ਪਾਕਿਸਤਾਨ 'ਚ ਰਹਿ ਗਏ ਸੀ, ਜੋ ਸਿੱਖਾਂ ਲਈ ਬਹੁਤ ਹੀ ਪਿਆਰੇ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਇਨ੍ਹਾਂ ਪਵਿੱਤਰ ਅਸਥਾਨਾਂ ਨਾਲ ਜੁੜੀਆਂ ਹਨ। ਹਰ ਸਾਲ ਭਾਰਤ ਤੋਂ ਸੈਂਕੜੇ ਸ਼ਰਧਾਲੂ ਪਾਕਿਸਤਾਨ 'ਚ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਂਦੇ ਹਨ ਅਤੇ ਸਾਲ 2014 ਤੱਕ ਜੋ ਵੀ ਸ਼ਰਧਾਲੂ ਉਥੇ ਜਾਂਦਾ ਸੀ, ਉਸ ਦੀ ਸਾਰੀ ਜ਼ਿੰਮੇਵਾਰੀ ਕੇਂਦਰ ਸਰਕਾਰ 'ਤੇ ਹੁੰਦੀ ਸੀ ਪਰ ਇਸ ਤੋਂ ਬਾਅਦ ਮੋਦੀ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਐਲਾਨ ਕੀਤਾ ਹੈ ਕਿ ਜੇਕਰ ਕੋਈ ਵੀ ਸ਼ਰਧਾਲੂ ਪਾਕਿਸਤਾਨ ਜਾਂਦਾ ਹੈ ਤਾਂ ਉਹ ਖੁਦ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਬਿਆਨ ਹੈ, ਜਿਸ ਨਾਲ ਸਿੱਖ ਸ਼ਰਧਾਲੂਆਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਰੀ ਚਿੰਤਾ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧ 'ਚ ਕੇਂਦਰ ਸਰਕਾਰ ਨੂੰ ਪੱਤਰ ਲਿਖਣਗੇ।


Related News