ਕੈਂਸਰ ਹਸਪਤਾਲ ਬਣਨ ਨਾਲ ਕੈਂਸਰ ਰੋਗੀਆਂ ਨੂੰ ਮਿਲੇਗੀ ਰਾਹਤ : ਪਵਨ ਕੁਮਾਰ ਆਦੀਆ

06/22/2017 11:56:02 AM

ਹੁਸ਼ਿਆਰਪੁਰ (ਘੁੰਮਣ)— ਕਾਂਗਰਸ ਦੇ ਜ਼ਿਲਾ ਪ੍ਰਧਾਨ ਅਤੇ ਹਲਕਾ ਵਿਧਾਇਕ ਸ਼ਾਮਚੁਰਾਸੀ ਪਵਨ ਕੁਮਾਰ ਆਦੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜ ਦੇ ਹਰੇਕ ਵਰਗ ਨੂੰ ਜੋ ਸਹੂਲਤਾਂ ਦਿੱਤੀਆਂ ਗਈਆਂ ਹਨ, ਉਹ ਕਾਬਲੇ ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਕੈਂਸਰ ਹਸਪਤਾਲ ਬਣਾਉਣ ਲਈ 50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਐਲਾਨ ਨਾਲ ਕੈਂਸਰ ਪੀੜਤ ਮਰੀਜ਼ਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਕੈਂਸਰ ਦੇ ਮਰੀਜ਼ ਆਪਣੇ ਜ਼ਿਲੇ ਵਿਚ ਹੀ ਬੀਮਾਰੀ ਦਾ ਇਲਾਜ ਕਰਵਾ ਸਕਣਗੇ, ਉਨ੍ਹਾਂ ਨੂੰ ਦੂਜੇ ਜ਼ਿਲਿਆਂ ਵਿਚ ਇਲਾਜ ਕਰਾਉਣ ਲਈ ਭਟਕਣਾ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਦੀ ਦਿੱਖ ਬਦਲਣ ਲਈ ਵੀ 10 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਸਰਕਾਰੀ ਕਾਲਜ ਹੁਸ਼ਿਆਰਪੁਰ ਨੂੰ ਵੀ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ (ਪੰਜ ਏਕੜ ਤੱਕ) ਲਈ 2 ਲੱਖ ਰੁਪਏ ਤੱਕ ਦਾ ਸਮੁੱਚਾ ਫਸਲੀ ਕਰਜ਼ਾ ਮੁਆਫ ਕਰਨਾ ਵੀ ਸਰਾਹਨਾਯੋਗ ਕਦਮ ਹੈ। ਇਸ ਦੇ ਨਾਲ ਕੁਲ 10.25 ਲੱਖ ਕਿਸਾਨਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਵਿਚ ਪੰਜ ਏਕੜ ਤੱਕ ਵਾਲੇ 8.75 ਲੱਖ ਕਿਸਾਨ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਖੁਦਕੁਸ਼ੀ ਨਾਲ ਪੀੜਤ ਪਰਿਵਾਰਾਂ ਦੀ ਐਕਸਗ੍ਰੇਸ਼ੀਆ ਰਾਸ਼ੀ ਵੀ ਮੌਜੂਦਾ ਤਿੰਨ ਲੱਖ ਤੋਂ ਵਧਾ ਕੇ ਪੰਜ ਲੱਖ ਕਰਨ ਦਾ ਸਰਕਾਰ ਦਾ ਵਧੀਆ ਫੈਸਲਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਇੰਡਸਟਰੀ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣਾ ਵੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਸਨਅਤ ਅਤੇ ਵਪਾਰਕ ਖੇਤਰ ਨੂੰ ਵੱਡਾ ਫਾਇਦਾ ਮਿਲੇਗਾ। ਕੈਪਟਨ ਸਰਕਾਰ ਵੱਲੋਂ ਅਨੁਸੂਚਿਤ ਜਾਤਾਂ ਲਈ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕਰਨ ਸਬੰਧੀ ਵੀ ਕਦਮ ਚੁੱਕੇ ਜਾ ਰਹੇ ਹਨ। ਇਸ ਤੋਂ ਇਲਾਵਾ ਰਾਜ ਦੀਆਂ ਸਾਰੀਆਂ ਟਰੱਕ ਯੂਨੀਅਨਾਂ ਭੰਗ ਕਰਨ ਦਾ ਫੈਸਲਾ ਵੀ ਆਪਣੇ-ਆਪ ਵਿਚ ਅਗਾਂਹਵਧੂ ਫੈਸਲਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਨਰਸਰੀ ਤੋਂ ਲੈ ਕੇ ਪੀ. ਐੱਚ. ਡੀ. ਤੱਕ ਮੁਫ਼ਤ ਸਿੱਖਿਆ ਮੁਹੱਈਆ ਕਰਾਉਣ ਨਾਲ ਲੜਕੀਆਂ ਨੂੰ ਅੱਗੇ ਵੱਧਣ ਦੇ ਮੌਕੇ ਮਿਲਣਗੇ।


Related News