ਮੁੱਖ ਮੰਤਰੀ ਅਮਰਿੰਦਰ ਨੇ ਬਰਨਾਲਾ ਹਲਕੇ ਦੇ ਵਿਕਾਸ ਲਈ ਕੇਵਲ ਢਿੱਲੋਂ ਨੂੰ 1.5 ਕਰੋੜ ਦਾ ਚੈੱਕ ਸੌਂਪਿਆ

10/18/2017 6:00:48 AM

ਬਰਨਾਲਾ(ਬਿਊਰੋ)—ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਹੋਏ ਸਮਾਰੋਹ ਦੌਰਾਨ ਬਰਨਾਲਾ ਹਲਕੇ ਦੇ ਵਿਕਾਸ ਲਈ ਸਾਬਕਾ ਵਿਧਾਇਕ ਤੇ ਪੰਜਾਬ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ 1.5 ਕਰੋੜ ਦਾ ਚੈੱਕ ਸੌਂਪਿਆ। ਇਸ ਮੌਕੇ ਮੁੱਖ ਮੰਤਰੀ ਨਾਲ ਸਥਾਨਕ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕੇਵਲ ਸਿੰਘ ਢਿੱਲੋਂ ਨੂੰ ਚੈੱਕ ਸੌਂਪਦਿਆਂ ਕਿਹਾ ਕਿ ਵਿਕਾਸ ਕਾਰਜਾਂ ਲਈ  ਨਗਰ ਕੌਂਸਲ ਨੂੰ ਤੁਰੰਤ ਟੈਂਡਰ ਲਾ ਦੇਣੇ ਚਾਹੀਦੇ ਹਨ ਤਾਂ ਜੋ ਵਿਕਾਸ ਕਾਰਜਾਂ ਨੂੰ ਤੁਰੰਤ ਸ਼ੁਰੂ ਕੀਤਾ ਜਾ ਸਕੇ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਜਲਦੀ ਹੀ ਬਰਨਾਲਾ ਹਲਕੇ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਦੂਜੀ ਕਿਸ਼ਤ ਵੀ ਜਾਰੀ ਕਰ ਦਿੱਤੀ ਜਾਵੇਗੀ। ਨਵਜੋਤ ਸਿੱਧੂ ਨੇ ਅੱਜ ਸੂਬੇ ਦੀਆਂ ਸਾਰੀਆਂ ਨਗਰ ਕੌਂਸਲਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡਣ ਲਈ ਸਮਾਰੋਹ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦਿੱਤਾ ਸੀ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਵਿੱਖ ਵਿਚ ਵੀ ਬਰਨਾਲਾ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪਿਛਲੇ ਕੁਝ ਸਮੇਂ ਤੋਂ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਲੋਕਾਂ ਵੱਲੋਂ ਕਾਂਗਰਸ ਸਰਕਾਰ 'ਤੇ ਗਲਤ ਦੋਸ਼ ਲਾਉਣ ਦਾ ਸਿਲਸਿਲਾ ਜਾਰੀ ਸੀ ਕੀ ਸਰਕਾਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਨਹੀਂ ਕਰ ਰਹੀ ਪਰ ਅੱਜ ਜਿਸ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਨੇ 200 ਕਰੋੜ ਤੋਂ ਵੱਧ ਦੀ ਰਕਮ ਛੋਟੇ ਕਸਬਿਆਂ ਤੇ ਸ਼ਹਿਰਾਂ ਲਈ ਜਾਰੀ ਕੀਤੀ ਹੈ, ਉਸ ਨਾਲ ਸਮੁੱਚੀਆਂ ਵਿਰੋਧੀ ਪਾਰਟੀਆਂ ਤੇ ਉਨ੍ਹਾਂ ਦੇ ਆਗੂਆਂ ਦੇ ਮੂੰਹ 'ਤੇ ਤਾਲੇ ਲੱਗ ਗਏ ਹਨ।  ਕੇਵਲ ਢਿੱਲੋਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸ਼ੁਕਰੀਆ ਅਦਾ ਕਰਦਿਆਂ ਕਿਹਾ ਕਿ ਹੁਣ ਜਲਦੀ ਹੀ ਮੁੱਖ ਮੰਤਰੀ ਸੰਗਰੂਰ ਤੇ ਬਰਨਾਲਾ ਹਲਕਿਆਂ ਦਾ ਦੌਰਾ ਵੀ ਕਰਨਗੇ।  ਮੁੱਖ ਮੰਤਰੀ ਨੂੰ ਲਗਾਤਾਰ ਹਲਕੇ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਰਿਪੋਰਟ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਵਿਕਾਸ ਕਾਰਜਾਂ ਨੂੰ ਲੈ ਕੇ ਵਚਨਬੱਧ ਹੈ। 


Related News