ਕੈਪਟਨ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਭਾਜਪਾਈ ਸੜਕਾਂ ''ਤੇ ਉਤਰੇ

01/17/2018 10:36:00 AM

ਅਜਨਾਲਾ (ਰਮਨਦੀਪ) - ਕੈਪਟਨ ਸਰਕਾਰ ਵੱਲੋਂ 10 ਮਹੀਨੇ ਪੂਰੇ ਹੋਣ ਤੋਂ ਬਾਅਦ ਵੀ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਅਤੇ ਕਿਸਾਨਾਂ ਦੀਆਂ ਦਿਨੋ-ਦਿਨ ਵੱਧ ਰਹੀਆਂ ਖੁਦਕੁਸ਼ੀਆਂ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ ਦੇ ਅੰਮ੍ਰਿਤਸਰ ਜ਼ਿਲਾ ਦਿਹਾਤੀ ਪ੍ਰਧਾਨ ਬਾਊ ਰਾਮ ਸ਼ਰਨ ਪ੍ਰਾਸ਼ਰ ਦੀ ਅਗਵਾਈ ਹੇਠ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਕੇਵਲ ਕੁਮਾਰ ਸਮੇਤ ਭਾਜਪਾ ਵਰਕਰਾਂ ਨੇ ਅਜਨਾਲਾ ਦੇ ਬਾਜ਼ਾਰਾਂ 'ਚ ਇਕ ਵਿਸ਼ਾਲ ਰੋਸ ਮਾਰਚ ਕੱਢਣ ਉਪਰੰਤ ਤਹਿਸੀਲਦਾਰ ਅਜਨਾਲਾ ਜਗਸੀਰ ਸਿੰਘ ਸਰਾਂ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ।
ਇਸ ਰੋਸ ਮਾਰਚ ਵਿਚ ਵੱਡੀ ਗਿਣਤੀ 'ਚ ਇਕੱਠੇ ਹੋਏ ਭਾਜਪਾ ਵਰਕਰਾਂ ਨੇ ਪੰਜਾਬ ਦੀ ਕੈਪਟਨ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰੇ। ਭਾਜਪਾ ਦੇ ਸੂਬਾ ਜਨਰਲ ਸਕੱਤਰ ਕੇਵਲ ਕੁਮਾਰ ਨੇ ਕਿਹਾ ਕਿ ਕੈਪਟਨ ਸਰਕਾਰ ਬਣੀ ਨੂੰ ਪੂਰੇ 10 ਮਹੀਨੇ ਹੋ ਗਏ ਹਨ ਪਰ ਸਰਕਾਰ ਨੇ ਅਜੇ ਤੱਕ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਕਰਜ਼ਾ ਮੁਆਫੀ ਵਾਲਾ ਕੋਝਾ ਮਜ਼ਾਕ ਕੀਤਾ ਹੈ, ਨਾ ਤਾਂ ਕਿਸੇ ਦਾ ਚੰਗੀ ਤਰ੍ਹਾਂ ਕਰਜ਼ਾ ਮੁਆਫ ਕੀਤਾ ਸਗੋਂ ਦਿਨੋ-ਦਿਨ ਕਿਸਾਨਾਂ ਦੀਆਂ ਖੁਦਕੁਸ਼ੀਆਂ ਵਿਚ ਵਾਧਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਲੋਕਾਂ ਦਾ ਭਲਾ ਕਰਨ ਦੀ ਬਜਾਏ ਲੋਕਾਂ ਨੂੰ ਲੁੱਟਿਆ ਹੈ, ਜਿਸ ਕਰ ਕੇ ਪੰਜਾਬ ਦੀ ਜਨਤਾ ਕੈਪਟਨ ਸਰਕਾਰ ਤੋਂ ਦੁਖੀ ਹੈ। ਇਸ ਮੌਕੇ ਆਨੰਦ ਸ਼ਰਮਾ ਜ਼ਿਲਾ ਪ੍ਰਧਾਨ, ਵਿਜੇ ਵਰਮਾ ਜਨਰਲ ਸੈਕਟਰੀ, ਬਲਜਿੰਦਰ ਸਿੰਘ ਨੇਪਾਲ, ਹਰਚਰਨ ਸਿੰਘ, ਹਰਦਿਆਲ ਸਿੰਘ ਭਿੰਡੀ ਔਲਖ, ਪਰਵਿੰਦਰ ਸਿੰਘ, ਗੁਰਪਾਲ ਸਿੰਘ, ਸੈਮਸਨ, ਅਰਵਿੰਦਰ ਸਿੰਘ, ਨਰਿੰਦਰ ਕੌਰ, ਪਲਵਿੰਦਰ ਕੌਰ, ਮਹਿੰਦਰ ਸਿੰਘ, ਡਾ. ਦਵਿੰਦਰ ਸਿੰਘ, ਸਤਿੰਦਰ ਟੀਟਾ ਤੇ ਕੁਲਦੀਪ ਸਿੰਘ ਤੇੜੀ ਸਮੇਤ ਹੋਰ ਭਾਜਪਾ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।


Related News