ਚਾਈਨਾ ਡੋਰ ਵੇਚਣ, ਖ਼ਰੀਦਣ, ਸਟੋਰ ਕਰਨ ਤੇ ਵਰਤਣ ''ਤੇ ਮੁਕੰਮਲ ਪਾਬੰਦੀ

10/19/2017 6:44:44 AM

ਕਪੂਰਥਲਾ, (ਮਲਹੋਤਰਾ)- ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀ ਮੁਹੰਮਦ ਤਇਅਬ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਕਪੂਰਥਲਾ ਦੀ ਹਦੂਦ ਅੰਦਰ ਪਤੰਗਾਂ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਨਾਈਲਾਨ ਦੀ ਬਣੀ ਚਾਈਨਾ ਡੋਰ ਅਤੇ ਸਿੰਥੈਟਿਕ ਮਾਂਜਾ ਲੱਗੀ ਡੋਰ ਨੂੰ ਵੇਚਣ, ਖ਼ਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 15 ਦਸੰਬਰ, 2017 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ 'ਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਅੱਜ ਕੱਲ ਪਤੰਗ/ਗੁੱਡੀਆਂ ਉਡਾਉਣ ਲਈ ਲੋਕਾਂ ਵੱਲੋਂ ਚਾਈਨਾ ਡੋਰ ਦੀ ਵਰਤੋਂ ਕਾਫੀ ਮਾਤਰਾ 'ਚ ਕੀਤੀ ਜਾਂਦੀ ਹੈ। ਚਾਈਨਾ ਡੋਰ ਸੂਤੀ ਧਾਗੇ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ, ਜੋ ਕਾਫੀ ਮਜ਼ਬੂਤ ਹੁੰਦੀ ਹੈ, ਜਿਸ ਦੇ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟਣ, ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਆਦਿ ਦੀਆਂ ਘਟਨਾਵਾਂ ਵਾਪਰਦੀਆਂ ਹਨ। ਇਹ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਸ ਲਈ ਇਸ ਕਾਰਵਾਈ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕਣ ਦੀ ਫੌਰੀ ਜ਼ਰੂਰਤ ਹੈ।


Related News