ਕੇਂਦਰ ਸਰਕਾਰ ਦੀ ਅਣ-ਐਲਾਨੀ ਐਮਰਜੈਂਸੀ ਵਿਰੁੱਧ ਧਰਨਾ

06/27/2017 3:41:10 AM

ਨਵਾਂਸ਼ਹਿਰ,   (ਤ੍ਰਿਪਾਠੀ, ਮਨੋਰੰਜਨ)-  ਭਾਰਤੀ ਕਮਿਊਨਿਸਟ ਪਾਰਟੀ (ਐੱਮ.ਐੱਲ.) ਨਿਊ ਡੈਮੋਕ੍ਰੇਸੀ ਨੇ ਕੇਂਦਰ ਸਰਕਾਰ ਦੀ ਅਣ-ਐਲਾਨੀ ਐਮਰਜੈਂਸੀ ਦੇ ਵਿਰੋਧ 'ਚ ਧਰਨਾ ਦਿੱਤਾ। ਚੰਡੀਗੜ੍ਹ ਰੋਡ 'ਤੇ ਸਰਕਾਰੀ ਸਕੂਲ ਦੇ ਮੈਦਾਨ 'ਚ ਦਿੱਤੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਆਗੂਆਂ ਕੁਲਵਿੰਦਰ ਸਿੰਘ ਵੜੈਚ, ਜਸਵੀਰ ਸਿੰਘ, ਸੁਰਿੰਦਰ ਸਿੰਘ ਤੇ ਅਵਤਾਰ ਸਿੰਘ ਨੇ ਕਿਹਾ ਕਿ 1975 'ਚ ਉਸ ਸਮੇਂ ਦੀ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨੇ ਦੇਸ਼ 'ਤੇ ਐਲਾਨੀ ਐਮਰਜੈਂਸੀ ਥੋਪੀ ਸੀ ਪਰ ਮੌਜੂਦਾ ਸਰਕਾਰ ਨੇ ਦੇਸ਼ 'ਤੇ ਅਣ-ਐਲਾਨੀ ਐਮਰਜੈਂਸੀ ਥੋਪੀ ਹੋਈ ਹੈ। ਦੇਸ਼ ਭਗਤੀ, ਲਵ ਜੇਹਾਦ ਤੇ ਗਊ ਰਕਸ਼ਾ ਦੇ ਨਾਂ 'ਤੇ ਲੋਕਾਂ ਦਾ ਧਿਆਨ ਦੇਸ਼ ਦੀਆਂ ਗੰਭੀਰ ਸਮੱਸਿਆਵਾਂ ਤੋਂ ਹਟਾਇਆ ਜਾ ਰਿਹਾ ਹੈ।
ਲੋਕਾਂ ਦੇ ਦੁੱਖ-ਤਕਲੀਫਾਂ ਨੂੰ ਦੂਰ ਕਰਨ ਦੀ ਥਾਂ ਕੇਂਦਰ ਸਰਕਾਰ ਦੇਸ਼ ਦੇ ਵੱਡੇ ਘਰਾਣਿਆਂ ਨੂੰ ਗੈਰ-ਜ਼ਰੂਰੀ ਲਾਭ ਦੇਣ ਦੀਆਂ ਨੀਤੀਆਂ ਨੂੰ ਵੀ ਅਮਲ ਵਿਚ ਲਿਆ ਰਹੀ ਹੈ। ਸਰਕਾਰ ਕਿਰਤ ਕਾਨੂੰਨਾਂ 'ਚ ਸੋਧਾਂ ਕਰ ਕੇ ਕਿਰਤੀਆਂ ਦੇ ਅਧਿਕਾਰਾਂ 'ਤੇ ਡਾਕਾ ਮਾਰ ਰਹੀ ਹੈ ਤੇ ਪਹਿਲਾਂ ਤੋਂ ਮਿਲ ਰਹੀਆਂ ਸਹੂਲਤਾਂ ਖੋਹ ਰਹੀ ਹੈ। ਅੱਜ ਕੇਂਦਰ ਦੀ ਮੌਜੂਦਾ ਸਰਕਾਰ ਤੇ ਆਰ.ਐੱਸ.ਐੱਸ. ਖਿਲਾਫ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ।
ਇਸ ਮੌਕੇ ਯੂਨੀਅਨ ਆਗੂ ਬੀਬੀ ਗੁਰਬਖਸ਼ ਕੌਰ ਸੰਘਾ, ਹਰੀਰਾਮ ਰਸੂਲਪੁਰੀ ਨੇ ਵੀ ਆਪਣੇ ਵਿਚਾਰ ਰੱਖਦੇ ਹੋਏ ਕੇਂਦਰ ਸਰਕਾਰ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ। ਧਰਨੇ ਉਪਰੰਤ ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੇ ਮੁੱਖ ਰਸਤਿਆਂ 'ਤੇ ਰੋਸ ਮਾਰਚ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।


Related News