ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਧਰਨਾ

08/18/2017 12:38:20 AM

ਗੁਰਦਾਸਪੁਰ,   (ਵਿਨੋਦ, ਦੀਪਕ)-  ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਸਥਾਨਕ ਸਿਵਲ ਸਰਜਨ ਦਫ਼ਤਰ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 10 ਸਾਲਾਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਤੇ ਵਿਭਾਗ ਵੱਲੋਂ ਉਨ੍ਹਾਂ ਦੀਆਂ ਮੰਗਾਂ ਦੀ ਅਣਦੇਖੀ ਕਰ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਪਰ ਉਹ ਵਾਰ-ਵਾਰ ਆਪਣੀਆਂ ਮੰਗਾਂ ਪ੍ਰਤੀ ਆਵਾਜ਼ ਬੁਲੰਦ ਕਰਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਸਰਕਾਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਕੋਈ ਵੀ ਕੰਮ ਵਰਕਰਾਂ ਦੇ ਬਿਨਾਂ ਨਹੀਂ ਹੋ ਸਕਦਾ ਪਰ ਪੂਰਾ ਮਹੀਨਾ ਮਿਹਨਤ ਕਰਨ 'ਤੇ ਜ਼ਿਆਦਾਤਰ ਰਾਤਾਂ ਹਸਪਤਾਲਾਂ ਵਿਚ ਬਤੀਤ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਮਾਤਰ 700 ਤੋਂ 800 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ, ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਮੁਸ਼ਕਲ ਹੋ ਗਿਆ ਹੈ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਜ਼ਿਆਦਾਤਰ ਜ਼ਿਲਿਆਂ 'ਚ ਅਧਿਕਾਰੀਆਂ ਤੇ ਹੋਰ ਸਟਾਫ ਵੱਲੋਂ ਵਰਕਰਾਂ ਦੀ ਨਾਜਾਇਜ਼ ਛਾਂਟੀ ਕਰ ਕੇ ਉਨ੍ਹਾਂ ਨੂੰ ਕੰਮ ਤੋਂ ਕੱਢਿਆ ਜਾ ਰਿਹਾ ਹੈ।ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਤਾਂ 7 ਸਤੰਬਰ ਨੂੰ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਦਫ਼ਤਰ ਚੰਡੀਗੜ੍ਹ ਸਾਹਮਣੇ ਰਾਜ ਪੱਧਰੀ ਵਿਸ਼ਾਲ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਰਾਜ ਕੁਮਾਰ ਪਿੰਡੋਰੀ, ਰਾਜਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ।


Related News