ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ''ਤੇ ਪਾਬੰਦੀ

12/12/2017 12:49:57 AM

ਫਾਜ਼ਿਲਕਾ(ਲੀਲਾਧਰ, ਨਾਗਪਾਲ)—ਜ਼ਿਲਾ ਮੈਜਿਸਟ੍ਰੇਟ ਫਾਜ਼ਿਲਕਾ ਈਸ਼ਾ ਕਾਲੀਆ ਨੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਈਸ਼ਾ ਕਾਲੀਆ ਵੱਲੋਂ ਜਾਰੀ ਹੁਕਮਾਂ 'ਚ ਜ਼ਿਲੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਦੇ ਮੱਦੇਨਜ਼ਰ ਪੰਜ ਜਾਂ ਇਸ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਜਨਤਕ ਥਾਵਾਂ 'ਤੇ ਮੀਟਿੰਗਾਂ ਕਰਨ, ਨਾਅਰੇ ਲਾਉਣ, ਜਲੂਸ ਕੱਢਣ ਅਤੇ ਭੜਕਾਊ ਪ੍ਰਚਾਰ ਕਰਨ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨੇ ਅਤੇ ਹੜਤਾਲਾਂ ਕਰਨ ਨਾਲ ਆਵਾਜਾਈ 'ਚ ਵਿਘਨ ਪੈਂਦਾ ਹੈ ਅਤੇ ਆਮ ਜਨ-ਜੀਵਨ ਅਸਤ-ਵਿਅਸਤ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਸ, ਫੌਜ ਦੇ ਜਵਾਨਾਂ ਅਤੇ ਵਿਆਹ-ਸ਼ਾਦੀਆਂ ਅਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਜਲੂਸ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪੱਸ਼ਟ ਪ੍ਰਵਾਨਗੀ ਜ਼ਿਲਾ ਮੈਜਿਸਟ੍ਰੇਟ/ਉਪ ਮੰਡਲ ਮੈਜਿਸਟ੍ਰੇਟ ਤੋਂ ਲਈ ਹੋਵੇ 'ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 7 ਜਨਵਰੀ 2018 ਤੱਕ ਲਾਗੂ ਰਹਿਣਗੇ।


Related News