ਜ਼ਿਲਾ ਮੈਜਿਸਟ੍ਰੇਟ ਨੇ 5 ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਲਗਾਈ ਪਾਬੰਦੀ

08/17/2017 7:12:55 PM

ਫਾਜ਼ਿਲਕਾ /ਜਲਾਲਾਬਾਦ(ਸੇਤੀਆ)— ਜ਼ਿਲਾ ਮੈਜਿਸਟ੍ਰੇਟ ਸ੍ਰੀਮਤੀ ਈਸ਼ਾ ਕਾਲੀਆ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਅੰਦਰ 5 ਜਾਂ 5 ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 14 ਸਤੰਬਰ 2017 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟ੍ਰੇਟ ਵੱਲੋਂ ਹੁਕਮਾਂ ਵਿੱਚ ਜ਼ਿਲੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਦੇ ਮੱਦੇ-ਨਜ਼ਰ 5 ਜਾਂ 5 ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਜਨਤਕ ਥਾਵਾਂ ਤੇ ਮੀਟਿੰਗਾਂ ਕਰਨ, ਨਾਅਰੇ ਲਗਾਉਣ, ਜਲੂਸ ਕੱਢਣ ਅਤੇ ਭੜਕਾਊ ਪ੍ਰਚਾਰ ਕਰਨ ਅਤੇ ਜਨਤਕ ਥਾਵਾਂ 'ਤੇ ਉਤੇਜਿਕ ਸ਼ਬਦ ਇਸਤੇਮਾਲ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਦੱਸਿਆ ਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨੇ ਅਤੇ ਹੜਤਾਲਾਂ ਕਰਨ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਜਨ-ਜੀਵਨ ਪ੍ਰਭਾਵਿਤ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। 
ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਸ, ਫੌਜ ਦੇ ਜਵਾਨ ਅਤੇ ਵਿਆਹਾਂ ਅਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਜਲੂਸ ਅਤੇ ਉਹ ਸਾਰੀਆਂ ਥਾਵਾਂ, ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲਾ/ਉੱਪ ਮੰਡਲ, ਮੈਜਿਟਰੇਟ ਤੋਂ ਲਈ ਹੋਵੇ 'ਤੇ ਲਾਗੂ ਨਹੀਂ ਹੋਵੇਗਾ।


Related News