ਸਰਹੱਦੀ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ : ਰਾਜਨਾਥ

10/18/2017 6:55:59 AM

ਫਿਰੋਜ਼ਪੁਰ  (ਮਲਹੋਤਰਾ, ਕੁਮਾਰ) — ਅੰਤਰਰਾਸ਼ਟਰੀ ਹਿੰਦ-ਪਾਕਿ ਸਰਹੱਦ ਦੀ ਹੁਸੈਨੀਵਾਲਾ ਚੈੱਕ-ਪੋਸਟ 'ਤੇ ਹੋਣ ਵਾਲੀ ਪਰੇਡ ਨੂੰ ਦੇਖਣ ਲਈ ਪੁੱਜਣ ਵਾਲੇ ਹਜ਼ਾਰਾਂ ਲੋਕਾਂ ਦੀ ਸਹੂਲਤ ਲਈ ਬਣਾਈ ਵੱਡੀ ਦਰਸ਼ਕ ਗੈਲਰੀ ਦਾ ਮੰਗਲਵਾਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਕੁਲਬੀਰ ਸਿੰਘ ਜ਼ੀਰਾ, ਸਤਿਕਾਰ ਕੌਰ, ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ ਤੋਂ ਇਲਾਵਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਭਾਗ ਲਿਆ। ਰਾਜਨਾਥ ਸਿੰਘ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ 'ਤੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਕੇਂਦਰ ਦੁਆਰਾ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਕੰਡਿਆਲੀ ਤਾਰ ਪਾਰ ਖੇਤੀ ਕਰਨ ਜਾਣ ਵਾਲੇ ਕਿਸਾਨਾਂ ਨੂੰ ਜੋ ਮੁਸ਼ਕਲਾਂ ਪੇਸ਼ ਆ ਰਹੀਆਂ ਹਨ, ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ।
ਕੀ ਕਹਿਣਾ ਹੈ ਵਿਧਾਇਕ ਪਿੰਕੀ ਦਾ-ਵਿਧਾਇਕ ਪਿੰਕੀ ਨੇ ਦੱਸਿਆ ਕਿ ਗ੍ਰਹਿ ਮੰਤਰੀ ਨਾਲ ਹੋਈ ਗੱਲਬਾਤ ਵਿਚ ਉਨ੍ਹਾਂ ਹੁਸੈਨੀਵਾਲਾ ਚੈੱਕ-ਪੋਸਟ 'ਤੇ ਬਣੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸਮਾਧੀ ਸਥਾਨ ਅਤੇ ਇਸ ਪੂਰੇ ਖੇਤਰ ਵਿਚ ਲਾਈਟ ਐਂਡ ਸਾਊਂਡ ਸਿਸਟਮ ਲਾਉਣ ਲਈ ਅਤੇ ਇਸ ਨੂੰ ਹੋਰ ਖੂਬਸੂਰਤ ਬਣਾਉਣ ਲਈ ਪੰਜ ਕਰੋੜ ਰੁਪਏ ਦੇਣ ਦੀ ਘੋਸ਼ਣਾ ਕੀਤੀ ਜਦਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜ ਕਰੋੜ ਰੁਪਏ ਦੇਣ ਦੀ ਘੋਸ਼ਣਾ ਕੀਤੀ। ਪਿੰਕੀ ਨੇ ਕਿਹਾ ਕਿ 10 ਕਰੋੜ ਰੁਪਏ ਦੀ ਲਾਗਤ ਨਾਲ ਇਸ ਸਥਾਨ ਨੂੰ ਬੇਹੱਦ ਖੂਬਸੂਰਤ ਸੈਲਾਨੀ ਕੇਂਦਰ ਬਣਾਇਆ ਜਾਵੇਗਾ, ਸੈਲਾਨੀਆਂ ਲਈ ਲਾਈਟ ਐਂਡ ਸਾਊਂਡ, ਸਵਿਮਿੰਗ ਪੂਲ, ਲਾਇਬ੍ਰੇਰੀ, ਮਿਊਜ਼ੀਅਮ ਅਤੇ ਸਰਕਟ ਹਾਊਸ ਆਦਿ ਬਣਾਏ ਜਾਣਗੇ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਮਾ ਸੁਰੱਖਿਆ ਬਲ ਦੀਆਂ ਮਹਿਲਾ ਕਾਂਸਟੇਬਲਾਂ ਦੀ ਸਹੂਲਤ ਲਈ ਬਾਰਡਰ 'ਤੇ ਸਾਫ-ਸੁਥਰੇ ਪਖਾਨੇ ਬਣਾਉਣ ਲਈ ਇਕ ਕਰੋੜ ਰੁਪਏ ਦੇਣ ਦੀ ਘੋਸ਼ਣਾ ਕੀਤੀ ਤਾਂ ਕਿ ਕਿਸੇ ਵੀ ਮਹਿਲਾ ਜਵਾਨ ਨੂੰ ਕੋਈ ਮੁਸ਼ਕਲ ਨਾ ਆਵੇ। ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਸ਼ਹੀਦੀ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਬੀ. ਐੱਸ. ਐੱਫ. ਅਤੇ ਆਰਮੀ ਦੇ ਅਧਿਕਾਰੀਆਂ ਤੇ ਜਵਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ।


Related News