ਪਹਿਲੀ ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ : ਡਿਪਟੀ ਕਮਿਸ਼ਨਰ

09/22/2017 7:33:30 PM

ਫਾਜ਼ਿਲਕਾ/ਜਲਾਲਾਬਾਦ (ਸੇਤੀਆ) : ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਕੀਤੇ ਜਾਣ ਵਾਲੇ ਅਗਾਉਂ ਪ੍ਰਬੰਧਾਂ ਸਬੰਧੀ ਵੱਖ-ਵੱਖ ਖਰੀਦ ਏਜੰਸੀਆਂ, ਮੰਡੀ ਬੋਰਡ ਦੇ ਅਧਿਕਾਰੀਆਂ ਤੇ ਸ਼ੈਲਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਜ਼ਿਲੇ ਅੰਦਰ ਸ਼ੁਰੂ ਹੋ ਜਾਵੇਗੀ। ਇਸ ਦੇ ਮੱਦੇਨਜ਼ਰ ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ਵਿਚ ਝੋਨੇ ਦੀ ਖਰੀਦ ਲਈ ਹਰ ਤਰ੍ਹਾਂ ਦੇ ਅਗਾਉਂ ਪ੍ਰਬੰਧ 30 ਸਤੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਲਈ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ ਝੋਨੇ ਦੀ ਖਰੀਦ ਲਈ 94 ਖਰੀਦ ਕੇਂਦਰ ਹਨ । ਉਨ੍ਹਾਂ ਦੱਸਿਆ ਕਿ ਇਸ ਸਾਲ ਪਿਛਲੇ ਸਾਲ (2,45,254 ਮੀਟ੍ਰਿਕ ਟਨ) ਦੇ ਮੁਕਾਬਲੇ 10 ਫੀਸਦੀ (2,70,310 ਮੀਟ੍ਰਿਕ ਟਨ) ਵਧੇਰੇ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਖਰੀਦ ਏਜੰਸੀਆਂ ਪਨਗਰੇਨ, ਮਾਰਕਫੈੱਡ, ਪਨਸਪ, ਸਟੇਟ ਵੇਅਰ ਹਾਊਸ, ਪੰਜਾਬ ਐਗਰੋ ਅਤੇ ਐਫ.ਸੀ.ਆਈ ਦੇ ਅਧਿਕਾਰੀਆਂ ਨੂੰ ਜ਼ਿਲੇ ਦੀ ਸਮੂਹ ਅਨਾਜ ਮੰਡੀਆਂ, ਫੋਕਲ ਪੁਆਇੰਟ ਤੇ ਖਰੀਦ ਕੇਂਦਰਾਂ ਅਤੇ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਮੰਡੀਆਂ ਦੇ ਫੜ੍ਹਾਂ ਦੀ ਸਾਫ-ਸਫਾਈ, ਬਿਜਲੀ ਅਤੇ ਛਾਂ ਆਦਿ ਦੇ ਲੋੜੀਂਦੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੇਂਦਰਾਂ ਦੇ ਗੇਟਾਂ 'ਤੇ ਨਮੀ ਮਾਪਕ ਯੰਤਰ ਰਾਹੀਂ ਕਿਸਾਨਾਂ ਦੁਆਰਾ ਲਿਆਂਦੀ ਜਾਣ ਵਾਲੀ ਝੋਨੇ ਦੀ ਫਸਲ ਨੂੰ ਮਾਪਨ ਤੋਂ ਉਪਰੰਤ ਹੀ ਮੰਡੀ ਅੰਦਰ ਦਾਖਲ ਹੋਣ ਦੇਣ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 17 ਫੀਸਦੀ ਤੋਂ ਜਿਆਦਾ ਨਮੀ ਵਾਲਾ ਝੋਨਾ ਮੰਡੀਆਂ ਵਿਚ ਨਾ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਾਮ 7 ਵਜੇ ਤੋ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕੀਤੀ ਜਾਵੇ। ਰਾਤ ਸਮੇਂ ਕਟਾਈ ਕਰਨ ਵਾਲੇ ਕੰਬਾਇਨ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਰਣਦੀਪ ਸਿੰਘ ਹੀਰ,  ਡੀ.ਐਫ.ਐਸ.ਸੀ.  ਗੀਤਾ ਬਿਸ਼ੰਬੂ,  ਐੱਸ.ਡੀ.ਐਮ. ਅਬੋਹਰ ਮਿਸ ਪੂਨਮ ਸਿੰਘ, ਐਸ.ਡੀ.ਐਮ. ਜਲਾਲਾਬਾਦ ਪ੍ਰਿਥੀ ਸਿੰਘ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਲਵਲੀ ਕਾਠਪਾਲ, ਜਲਾਲਾਬਾਦ ਰਾਈਸ ਮਿਲ ਐਸੋਸੀਏਸ਼ਨ ਦੇ ਨੁਮਾਇੰਦੇ ਅਮਿਤ ਠਠੱਈ, ਸੋਨੂੰ ਧਮੀਜਾ ਤੇ ਹਰੀਸ਼ ਸੇਤੀਆ ਅਤੇ ਹੋਰ ਪਤਵੰਤੇ ਹਾਜ਼ਰ ਸਨ।


Related News