ਚਿੱਟੀ ਮੱਖੀ ਦੇ ਹਮਲੇ ਤੋਂ ਨਾ ਘਬਰਾਉਣ ਕਿਸਾਨ, ਪ੍ਰਸ਼ਾਸਨ ਵਲੋਂ ਕੀਤੀ ਜਾਵੇਗੀ ਹਰ ਮਦਦ : ਈਸ਼ਾ ਕਾਲੀਆ (ਵੀਡੀਓ)

08/18/2017 3:20:14 PM

ਫਾਜ਼ਿਲਕਾ/ਜਲਾਲਾਬਾਦ (ਸੇਤੀਆ) : ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਜ਼ਿਲੇ ਦੇ ਨਰਮਾ-ਕਪਾਹ ਦੀ ਫਸਲ ਵਾਲੇ ਖੇਤਰ ਦੇ ਪਿੰਡਾਂ ਦਾ ਦੌਰਾ ਕਰਕੇ ਚਿੱਟੀ ਮੱਖੀ ਦੇ ਪ੍ਰਭਾਵ ਦੇ ਅਸਰ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲੇ ਅੰਦਰ ਅਜੇ ਤੱਕ ਚਿੱਟੀ ਮੱਖੀ ਦਾ ਜ਼ਿਆਦਾ ਪ੍ਰਭਾਵ ਨਜ਼ਰ ਨਹੀਂ ਆ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਵੱਲੋਂ ਦੱਸੇ ਗਏ ਕੀਟਨਾਸ਼ਕਾਂ ਦਾ ਹੀ ਛਿੜਕਾਅ ਕਰਨ। ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਉਹ ਲਗਾਤਾਰ ਕਿਸਾਨਾਂ ਨਾਲ ਆਪਣਾ ਰਾਬਤਾ ਬਣਾਈ ਰੱਖਣ ਤੇ ਕਿਸਾਨਾਂ ਨੂੰ ਸਮੇਂ-ਸਮੇਂ 'ਤੇ ਵੱਧ ਤੋਂ ਵੱਧ ਜਾਣੂੰ ਕਰਵਾਈ ਰੱਖਣ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਕਿਸਾਨ ਚਿੱਟੀ ਮੱਖੀ ਦੇ ਹਮਲੇ ਨਾਲ ਨਾ ਘਬਰਾਉਣ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ਼ ਦਵਾਇਆ ਕਿ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਹ ਹਰ ਤਰ੍ਹਾਂ ਨਾਲ ਕਿਸਾਨਾਂ ਦੀ ਮਦਦ ਕਰਨ ਲਈ ਤਿਆਰ ਹਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਵੇਰੇ 12 ਵਜੇ ਤੋਂ ਪਹਿਲਾਂ ਅਤੇ ਸ਼ਾਮ ਨੂੰ 5 ਵਜੇ ਤੋਂ ਬਾਅਦ ਹੀ ਸਪਰੇਅ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ  ਲੰਬੀ ਅਤੇ ਦੌਲਤਪੁਰਾ ਮਾਈਨਰ ਦੇ ਟੇਲਾ 'ਤੇ ਪੈਂਦੇ ਪਿੰਡਾਂ ਦੀ ਜੋ ਨਹਿਰੀ ਪਾਣੀ ਦੀ ਸਮੱਸਿਆ ਸੀ ਉਸਦਾ ਵੀ ਹੱਲ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਵਿਸ਼ਵਾਸ ਦਵਾਇਆ ਕਿ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।


Related News