ਮੰਡ ਹੁਸੈਨਪੁਰ ਬੂਲੇ ਦੇ ਕਿਸਾਨਾਂ ਦਾ ਧਰਨਾ 10ਵੇਂ ਦਿਨ ਵੀ ਜਾਰੀ

10/16/2017 3:01:55 AM

ਸੁਲਤਾਨਪੁਰ ਲੋਧੀ, (ਧੀਰ)- ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਹੁਸੈਨਪੁਰ ਬੂਲੇ ਦੇ ਸੰਘਰਸ਼ਮਈ ਅਬਾਦਕਾਰ ਕਿਸਾਨਾਂ ਨੂੰ ਉਸ ਵਕਤ ਹੋਰ ਬਲ ਮਿਲਿਆ, ਜਦ ਬਹੁਤ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਇਨ੍ਹਾਂ ਅਬਾਦਕਾਰ ਕਿਸਾਨਾਂ ਦਾ ਸੰਘਰਸ਼ਮਈ ਧਰਨਾ ਅੱਜ 10ਵੇਂ ਦਿਨ ਵੀ ਜਾਰੀ ਰਿਹਾ।
ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਕੰਵਲਜੀਤ ਸਿੰਘ ਪੰਨੂ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਬੀ. ਕੇ. ਯੂ. ਏਕਤਾ ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਬੁਰਨ ਗਿੱਲਾਂ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁਡੀਕੇ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ, ਕ੍ਰਾਂਤੀਕਾਰੀ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ, ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਨੱਥੂਵਾਲ ਨੇ ਮੰਡ ਹੁਸੈਨਪੁਰ ਬੂਲੇ ਹਲਕਾ ਸੁਲਤਾਨਪੁਰ ਲੋਧੀ ਦੇ ਅੰਦੋਲਨਕਾਰੀ ਅਬਾਦਕਾਰ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਅਬਾਦਕਾਰ ਕਿਸਾਨਾਂ ਨੂੰ ਹਰ ਤਰ੍ਹਾਂ ਦੀਆਂ ਮਾਲਕੀ ਜ਼ਮੀਨਾਂ ਦੇ ਹੱਕ ਦਿਵਾਉਣ ਲਈ ਸੰਘਰਸ਼ ਕਰ ਰਹੀਆਂ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਮੰਡ ਹੁਸੈਨਪੁਰ ਬੂਲੇ ਦੇ ਕਿਸਾਨਾਂ ਦਾ ਜ਼ਮੀਨਾਂ ਤੋਂ ਉਜਾੜਾ ਕਿਸੇ ਵੀ ਸੂਰਤ 'ਚ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨਾ ਕਿਸਾਨਾਂ ਨੇ ਹੀ ਲਾਇਆ ਹੈ ਤੇ ਉਹ ਹੀ ਇਸ ਨੂੰ ਕੱਟਣਗੇ ਤੇ ਜਥੇਬੰਦੀਆਂ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੀਆਂ।ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਨਾਲ 16 ਅਕਤੂਬਰ ਨੂੰ ਹੋ ਰਹੀ ਹੈ ਤੇ ਉਸ 'ਚ ਵੀ ਇਨ੍ਹਾਂ ਕਿਸਾਨਾਂ ਦਾ ਮਸਲਾ ਵੀ ਉਠਾਇਆ ਜਾਵੇਗਾ। ਸਮੂਹ ਕਿਸਾਨ ਪਰਿਵਾਰਾਂ ਅਤੇ ਜ਼ਮੀਨਾਂ ਦੀ ਰਾਖੀ ਲਈ ਜਥੇਬੰਦੀਆਂ ਕਿਸਾਨ ਅੰਦੋਲਨ ਦਾ ਡਟਵਾਂ ਸਾਥ ਦੇਣਗੀਆਂ। ਉਨ੍ਹਾਂ ਅਬਾਦਕਾਰ ਕਿਸਾਨਾਂ ਨੂੰ ਜਥੇਬੰਦੀਆਂ ਨੇ ਅਪੀਲ ਕਰਦਿਆਂ ਕਿਹਾ ਕਿ ਆਪਣੀ ਰਾਖੀ ਜਥੇਬੰਦ ਸੰਘਰਸ਼ ਨਾਲ ਹੀ ਕੀਤੀ ਜਾ ਸਕਦੀ ਹੈ, ਨਿਰਾਸ਼ ਹੋ ਕੇ ਖੁਦਕੁਸ਼ੀਆਂ ਕਿਸੇ ਵੀ ਮਸਲੇ ਦਾ ਹੱਲ ਨਹੀਂ ਤੇ ਮਸਲਿਆਂ ਦੇ ਹੱਲ ਤਕ ਅੰਦੋਲਨ ਜਾਰੀ ਰਹੇਗਾ।


Related News