ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ

08/15/2017 12:43:24 AM

ਫਰੀਦਕੋਟ, (ਹਾਲੀ)- ਭਾਰਤ ਦੇ ਆਜ਼ਾਦੀ ਦਿਵਸ ਨੂੰ ਮਨਾਉਣ ਲਈ ਨਹਿਰੂ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਮਾਗਮ ਲਈ ਕੀਤੇ ਗਏ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਡਵੀਜ਼ਨਲ ਕਮਿਸ਼ਨਰ ਸੁਮੇਰ ਸਿੰਘ ਤੇ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਵੱਲੋਂ ਅੱਜ ਸਟੇਡੀਅਮ ਦਾ ਦੌਰਾ ਕੀਤਾ ਗਿਆ।
ਡਵੀਜ਼ਨਲ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਸਮਾਗਮ 'ਚ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਸੰਦੇਸ਼ ਦੇਣਗੇ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਨੂੰ ਪੂਰੇ ਗੌਰਵਮਈ ਤਰੀਕੇ ਨਾਲ ਮਨਾਇਆ ਜਾਵੇਗਾ। 
ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਧ ਚੜ੍ਹ ਕੇ ਇਸ ਸਮਾਗਮ ਵਿਚ ਭਾਗ ਲੈਣ ਤਾਂ ਜੋ ਭਾਰਤ ਦੇ ਆਜ਼ਾਦੀ ਸੰਗਰਾਮ ਅਤੇ ਭਾਰਤ ਦੇ ਕੁਰਬਾਨੀਆਂ ਭਰੇ ਵਿਰਸੇ ਤੋਂ ਆਉਂਦੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਇਆ ਜਾ ਸਕੇ। ਇਸ ਸਮੇਂ ਉਨ੍ਹਾਂ ਵੱਲੋਂ ਸੁਰੱਖਿਆ, ਪੀਣ ਵਾਲੇ ਪਾਣੀ, ਸੀਟਿੰਗ ਪ੍ਰਬੰਧ, ਪਾਰਕਿੰਗ ਤੇ ਹੋਰ ਕੀਤੇ ਗਏ ਪ੍ਰਬੰਧਾਂ ਬਾਰੇ ਸਬੰਧਿਤ ਅਫ਼ਸਰਾਂ ਤੋਂ ਵਿਸਥਾਰ ਵਿਚ ਜਾਣਕਾਰੀ ਲਈ ਗਈ। 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਹਿੰਗੋਨੀਆ, ਐੱਸ. ਡੀ. ਐੱਮ. ਫਰੀਦਕੋਟ ਗੁਰਜੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਜਗਜੀਤ ਸਿੰਘ ਜੌਹਲ, ਵਧੀਕ ਸਹਾਇਕ ਕਮਿਸ਼ਨਰ (ਜਨਰਲ) ਸਿਖਲਾਈ ਅਧੀਨ, ਤਹਿਸੀਲਦਾਰ ਰਮੇਸ਼ ਕੁਮਾਰ ਜੈਨ ਅਤੇ ਹੋਰ ਹਾਜ਼ਰ ਸਨ।


Related News