ਗਿ. ਗੁਰਮੁੱਖ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਹੁਦੇ ਤੋਂ ਫਾਰਗ

Friday, April 21, 2017 7:08 PM
ਗਿ. ਗੁਰਮੁੱਖ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਹੁਦੇ ਤੋਂ ਫਾਰਗ
ਫਤਿਹਗੜ੍ਹ ਸਾਹਿਬ (ਜਗਦੇਵ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਇਕੱਤਰਤਾ ਹਾਲ ਵਿਖੇ ਅੱਜ ਹੋਈ ਮੀਟਿੰਗ ''ਚ ਅਹਿਮ ਫੈਸਲਾ ਲੈਂਦਿਆਂ ਗਿਆਨੀ ਗੁਰਮੁੱਖ ਸਿੰਘ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ਵਾਪਸ ਲੈਂਦਿਆਂ ਉਨ੍ਹਾਂ ਦੀ ਤਬਦੀਲੀ ਬਤੌਰ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਧਮਤਾਨ ਸਾਹਿਬ ਪਾਤਸ਼ਾਹੀ ਨੌਵੀਂ (ਹਰਿਆਣਾ) ਵਿਖੇ ਕਰ ਦਿੱਤੀ ਗਈ। ਇਕੱਤਰਤਾ ਉਪਰੰਤ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸਿੰਘ ਸਾਹਿਬਾਨ ਦਾ ਕਾਰਜ ਖੇਤਰ ਧਾਰਮਿਕ ਹੈ ਪਰ ਪਿਛਲੇ ਦਿਨਾਂ ਤੋਂ ਗਿ. ਗੁਰਮੁੱਖ ਸਿੰਘ ਵੱਲੋਂ ਮਰਿਆਦਾ ਤੋਂ ਬਾਹਰ ਜਾ ਕੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ ਕਰ ਕੇ ਅੰਤ੍ਰਿੰਗ ਕਮੇਟੀ ਵੱਲੋਂ ਉਨ੍ਹਾਂ ਪਾਸੋਂ ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ਵਾਪਸ ਲੈ ਕੇ ਉਨ੍ਹਾਂ ਦੀ ਬਦਲੀ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਸੌਂਪੀਆਂ ਹਨ। ਉਨ੍ਹਾਂ ਦੱਸਿਆ ਕਿ ਗਿਆਨੀ ਗੁਰਮੁੱਖ ਸਿੰਘ ਦੀ ਜਗ੍ਹਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਦੇ ਗ੍ਰੰਥੀ ਭਾਈ ਮਲਕੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਹੈੱਡ ਗ੍ਰੰਥੀ ਲਗਾ ਦਿੱਤਾ ਗਿਆ ਹੈ।


ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!