ਸ਼੍ਰੋਮਣੀ ਕਮੇਟੀ ਵਲੋਂ ਸੰਗੀਨ ਦੋਸ਼ਾਂ ਵਾਲੇ ਮੁਲਾਜ਼ਮਾਂ ਨੂੰ ਮੁਅੱਤਲ ਦੀ ਥਾਂ ਕੀਤਾ ਜਾਵੇਗਾ ਨੌਕਰੀ ਤੋਂ ਫ਼ਾਰਗ : ਭਾਈ ਲੌਂਗੋਵਾਲ

12/13/2017 6:50:00 AM

ਫਤਿਹਗੜ੍ਹ ਸਾਹਿਬ(ਜਗਦੇਵ, ਸੁਖਵੀਰ, ਗੁਰਮੀਤ ਕੌਰ, ਵਿਨਾਇਕ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ, ਕਟਾਣਾ ਸਾਹਿਬ ਵਿਖੇ ਹੋਈ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵਿਦਿਅਕ ਅਦਾਰਿਆਂ ਅੰਦਰ ਧਰਮ ਪ੍ਰਚਾਰ ਦੇ ਪ੍ਰੋਗਰਾਮ, ਕਥਾ-ਕੀਰਤਨ, ਸਿੱਖ ਇਤਿਹਾਸ ਨਾਲ ਸਬੰਧਤ ਪ੍ਰਸ਼ਨੋਤਰੀ ਅਤੇ ਗੁਰਬਾਣੀ ਕੰਠ ਆਦਿ ਦੇ ਮੁਕਾਬਲੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀਆਂ ਸਰਗਰਮੀਆਂ ਤੇ ਧਰਮ ਪ੍ਰਚਾਰ ਦੇ ਨਾਲ-ਨਾਲ ਵਿਦਿਅਕ ਅਤੇ ਸਿੱਖ ਸੱਭਿਆਚਾਰ ਨੂੰ ਦਰਸਾਉਂਦੇ ਕਾਰਜਾਂ ਨੂੰ ਸੋਸ਼ਲ ਮੀਡੀਆ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਇਕ ਵੱਖਰਾ ਵਿੰਗ ਸਥਾਪਤ ਕਰਨ ਤੇ ਇਸ ਕਾਰਜ ਲਈ ਤਕਨੀਕੀ ਮਾਹਿਰਾਂ ਦੀਆਂ ਸੇਵਾਵਾਂ ਲੈਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਅੰਤ੍ਰਿੰਗ ਕਮੇਟੀ ਨੇ ਸਿੱਖ ਨੌਜਵਾਨਾਂ  ਨੂੰ ਆਈ. ਏ. ਐੱਸ. ਤੇ ਆਈ. ਪੀ. ਐੱਸ. ਦੀ ਉੱਚ ਪੱਧਰੀ ਕੋਚਿੰਗ ਦੇਣ ਲਈ ਅਕੈਡਮੀ ਖੋਲ੍ਹਣ ਦਾ ਫ਼ੈਸਲਾ ਵੀ ਕੀਤਾ ਹੈ। 29 ਨਵੰਬਰ ਨੂੰ ਨਵੀਂ ਚੁਣੀ ਗਈ ਅੰਤ੍ਰਿੰਗ ਕਮੇਟੀ ਦੀ ਹੋਈ ਪਲੇਠੀ ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਕ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਚਲਾਈ ਜਾਵੇਗੀ ਤੇ ਇਸ ਦਾ ਖੇਤਰ ਆਮ ਸੰਗਤਾਂ ਦੇ ਨਾਲ-ਨਾਲ ਵਿੱਦਿਅਕ ਅਦਾਰਿਆਂ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਨਵੰਬਰ 2018 ਤੱਕ ਸ਼੍ਰੋਮਣੀ ਕਮੇਟੀ 1 ਲੱਖ ਪ੍ਰਾਣੀਆਂ ਨੂੰ ਅੰਮ੍ਰਿਤਧਾਰੀ ਬਣਾਉਣ ਲਈ ਪ੍ਰੇਰਿਤ ਕਰੇਗੀ ਤੇ ਇਸ ਲਹਿਰ ਤਹਿਤ ਹਰ ਹਫ਼ਤੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਗਤਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਖ਼ਾਲਸਾਈ ਪ੍ਰੰਪਰਾਵਾਂ ਅਤੇ ਰਵਾਇਤਾਂ ਅਨੁਸਾਰ ਕੌਮਾਂਤਰੀ ਪੱਧਰ 'ਤੇ ਮਨਾਉਣ ਲਈ ਵਿਚਾਰ-ਵਟਾਂਦਰੇ ਉਪਰੰਤ ਕੇਂਦਰੀ ਤੇ ਸੂਬਾ ਪੱਧਰੀ ਕਮੇਟੀਆਂ ਗਠਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤੇ ਇਹ ਕਮੇਟੀਆਂ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ (ਕਪੂਰਥਲਾ) ਤੇ ਗੁ. ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨਗੀਆਂ। ਉਨ੍ਹਾਂ ਦੱਸਿਆ ਕਿ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 22 ਦਸੰਬਰ ਨੂੰ ਗੁਰਬਾਣੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ ਅਤੇ ਇਹ ਹਰ ਸਾਲ ਮਨਾਇਆ ਜਾਵੇਗਾ।  ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਮਹਾਨ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਧਰਮ ਪ੍ਰਚਾਰ ਕੇਂਦਰ ਤੇ ਸ਼੍ਰੋਮਣੀ ਕਮੇਟੀ ਦੇ ਸਬ-ਆਫ਼ਿਸ ਖੋਲ੍ਹੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਵਿਚ ਪਿਛਲੇ ਸਮੇਂ ਦੌਰਾਨ ਵਿਵਾਦਾਂ ਵਿਚ ਆਈਆਂ ਨਵੀਆਂ ਨਿਯੁਕਤੀਆਂ ਅਤੇ ਤਰੱਕੀਆਂ ਸਬੰਧੀ ਪੜਤਾਲ ਕਰਵਾਈ ਜਾਵੇਗੀ ਅਤੇ ਇਸ ਲਈ ਅੰਤ੍ਰਿੰਗ ਕਮੇਟੀ ਵੱਲੋਂ ਇਕ ਸਬ-ਕਮੇਟੀ ਗਠਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿੱਖ ਕੇਂਦਰੀ ਅਜਾਇਬ ਘਰ ਵਿਚ ਬਾਬਾ ਹਜ਼ਾਰਾ ਸਿੰਘ ਅਲਾਦੀਨਪੁਰ, ਮਲਾਹ ਕੁੰਮਾ ਮਾਸ਼ਕੀ, ਗਿਆਨੀ ਬਾਦਲ ਸਿੰਘ ਪ੍ਰਚਾਰਕ, ਅੱਲ੍ਹਾ ਯਾਰ ਖਾਂ ਜੋਗੀ, ਭਾਈ ਗਨੀ ਖਾਂ ਤੇ ਭਾਈ ਨਬੀ ਖਾਂ, ਭਾਈ ਹਰੀ ਸਿੰਘ ਸ਼੍ਰੋਮਣੀ ਰਾਗੀ ਦੀਆਂ ਤਸਵੀਰਾਂ ਲਗਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। 


Related News