ਆਜ਼ਾਦੀ ਦਿਵਸ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

08/13/2017 4:28:03 PM

ਕਪੂਰਥਲਾ(ਮਲਹੋਤਰਾ)— 70ਵੇਂ ਆਜ਼ਾਦੀ ਦਿਵਸ ਦਾ ਜ਼ਿਲਾ ਪੱਧਰੀ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ਼੍ਰੀ ਮੁਹੰਮਦ ਤਈਅਬ 15 ਅਗਸਤ ਨੂੰ ਸਵੇਰੇ 9:00 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਅੱਜ ਸਟੇਡੀਅਮ ਵਿਖੇ ਕੀਤੀ ਗਈ, ਜਿਸ ਦਾ ਨਿਰੀਖਣ ਡਿਪਟੀ ਕਮਿਸ਼ਨਰ ਮੁਹੰਮਦ ਤਈਅਬ ਨੇ ਕੀਤਾ। 
ਇਸ ਮੌਕੇ ਐੱਸ. ਐੱਸ. ਪੀ. ਕਪੂਰਥਲਾ ਸੰਦੀਪ ਕੁਮਾਰ ਸ਼ਰਮਾ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਪਰੇਡ ਕਮਾਂਡਰ ਡੀ. ਐੱਸ. ਪੀ. ਹੈੱਡਕੁਆਰਟਰ ਅਮਰੀਕ ਸਿੰਘ ਚਾਹਲ ਦੀ ਅਗਵਾਈ ਵਿਚ ਪੰਜਾਬ ਪੁਲਸ, ਪੰਜਾਬ ਹੋਮ ਗਾਰਡਜ਼, ਐੱਨ. ਸੀ. ਸੀ. ਕੈਡਿਟਾਂ, ਐੱਨ. ਐੱਸ. ਐੱਸ. ਸਕਾਊਟਸ ਤੇ ਗਰਲਜ਼ ਗਾਈਡਸ ਦੀਆਂ ਟੁਕੜੀਆਂ ਤੋਂ ਇਲਾਵਾ ਪੁਲਸ ਅਤੇ ਸਕੂਲੀ ਬੈਂਡ ਨੇ ਪਰੇਡ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਸ ਪੀ. ਟੀ. ਸ਼ੋਅ ਅਤੇ ਦੇਸ਼-ਭਗਤੀ 'ਤੇ ਆਧਾਰਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪਈਆਂ। ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਵੰਨਗੀਆਂ ਦੌਰਾਨ ਦੇਸ਼-ਭਗਤੀ ਦਾ ਜਜ਼ਬਾ ਪੈਦਾ ਹੋ ਰਿਹਾ ਸੀ, ਜਿਸ ਦੀ ਭਰਪੂਰ ਸ਼ਲਾਘਾ ਕੀਤੀ ਗਈ। 
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਇਨਾਮਾਂ ਤੇ ਸਨਮਾਨਾਂ ਦੀ ਵੰਡ ਸਮੇਤ ਵੱਖ-ਵੱਖ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਜਾਵੇ, ਕਿਉਂਕਿ 15 ਅਗਸਤ 1947 ਨੂੰ ਸਾਡਾ ਦੇਸ਼-ਭਗਤਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦ ਹੋਇਆ ਅਤੇ ਸਮੂਹ ਦੇਸ਼ ਵਾਸੀਆਂ ਲਈ ਇਹ ਗੌਰਵਮਈ ਦਿਨ ਹੈ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿਚ ਉਹ ਆਪਣੇ ਪਰਿਵਾਰਾਂ ਸਮੇਤ ਭਰਵੀਂ ਸ਼ਮੂਲੀਅਤ ਕਰਨ। ਇਸ ਮਗਰੋਂ ਡਿਪਟੀ ਕਮਿਸ਼ਨਰ ਨੇ ਜ਼ਿਲਾ ਅਧਿਕਾਰੀਆਂ ਨਾਲ ਇਕ ਰਿਵੀਊ ਮੀਟਿੰਗ ਕਰਦਿਆਂ ਕਿਹਾ ਕਿ ਦੇਸ਼-ਭਗਤੀ ਦਾ ਜਜ਼ਬਾ ਅਤੇ ਦੇਸ਼ ਪ੍ਰੇਮ ਦੀ ਭਾਵਨਾ ਨੂੰ ਕਾਇਮ ਰੱਖਦੇ ਹੋਏ ਸਾਰੇ ਅਧਿਕਾਰੀ ਤੇ ਕਰਮਚਾਰੀ ਇਸ ਸਮਾਗਮ ਨੂੰ ਕੇਵਲ ਸਰਕਾਰੀ ਸਮਾਗਮ ਤਕ ਸੀਮਤ ਨਾ ਰੱਖਣ, ਸਗੋਂ ਇਸ ਦੀ ਸਫਲਤਾ ਲਈ ਤਨੋ-ਮਨੋ ਯੋਗਦਾਨ ਪਾਉਣ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜ਼ਿਲਾ ਪੱਧਰੀ ਸਮਾਗਮ ਦੌਰਾਨ ਆਪਣੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ। 
ਐੱਸ. ਐੱਸ. ਪੀ. ਕਪੂਰਥਲਾ ਸ਼੍ਰੀ ਸੰਦੀਪ ਕੁਮਾਰ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਸਮਾਗਮ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਸੁਤੰਤਰਤਾ ਦਿਵਸ ਸਮਾਰੋਹ ਨੂੰ ਦੇਖਣ ਲਈ ਪੁੱਜਣ ਵਾਲੇ ਲੋਕਾਂ ਦੇ ਸੁਖਾਵੇਂ ਦਾਖਲੇ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਟੇਡੀਅਮ ਵੱਲ ਆਉਣ ਵਾਲੀ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਾਰਕਿੰਗ ਆਦਿ ਦੇ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐੱਸ. ਡੀ. ਐੱਮ. ਕਪੂਰਥਲਾ ਡਾ. ਨਯਨ ਭੁੱਲਰ, ਸਹਾਇਕ ਕਮਿਸ਼ਨਰ (ਜ) ਮੇਜਰ ਡਾ. ਸੁਮਿਤ ਮੁੱਧ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।


Related News