ਹੈਲਥ ਵਰਕਰਾਂ ਨੇ ਫੂਕੇ ਸਿਹਤ ਮੰਤਰੀ ਦੇ ਪੁਤਲੇ

06/26/2017 2:38:03 AM

ਬਠਿੰਡਾ/ਮਾਨਸਾ ,   (ਸੁਖਵਿੰਦਰ, ਜੱਸਲ)-  ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਸੱਤਾਹੀਣ ਹੋਣ ਦੇ 3 ਮਹੀਨਿਆਂ ਦੇ ਅੰਦਰ ਬੇਰੋਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪੱਕਾ ਰੋਜ਼ਗਾਰ ਦੇਣ ਦਾ ਭਰੋਸਾ ਦਿਵਾਇਆ ਗਿਆ ਸੀ ਪਰ ਸੱਤਾ 'ਤੇ ਕਾਬਿਜ਼ ਹੋਣ ਦੇ ਬਾਅਦ ਨਿਰਧਾਰਿਤ ਸਮਾਂ ਲੰਘਣ ਤੋਂ ਬਾਅਦ ਵੀ ਸਰਕਾਰ ਵੱਲੋਂ ਪੱਕੀਆਂ ਨਿਯੁਕਤੀਆਂ ਨਾ ਦੇਣ 'ਤੇ ਗੁੱਸੇ 'ਚ ਆਏ ਬੇਰੋਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ (ਮੇਲ) ਨੇ ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਦਾ ਪੁਤਲਾ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕਰ ਕੇ ਭੜਾਸ ਕੱਢੀ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 15 ਜੁਲਾਈ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ 16 ਜੁਲਾਈ ਨੂੰ ਕਰਮਚਾਰੀ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਨੂੰ ਮਜਬੂਰ ਹੋਣਗੇ। ਪ੍ਰਦਰਸ਼ਨਕਾਰੀਆਂ ਨੇ ਰੋਸ ਜਤਾਉਂਦੇ ਹੋਏ ਕਿਹਾ ਕਿ ਸਰਕਾਰ ਨੇ 'ਹਰ ਘਰ ਨੌਕਰੀ' ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਹੈ, ਜਿਸ ਲਈ ਸਾਰੇ ਬੇਰੋਜ਼ਗਾਰਾਂ 'ਚ ਰੋਸ ਦੀ ਲਹਿਰ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਸਰਕਾਰ ਨੇ 1263 ਮਲਟੀਪਰਪਜ਼ ਹੈਲਥ ਵਰਕਰਾਂ ਦੀ ਭਰਤੀ ਲਈ ਇਸ਼ਤਿਹਾਰ ਦਿੱਤਾ ਸੀ। ਭਰਤੀ ਪ੍ਰਕਿਰਿਆ ਦੀ ਪਹਿਲੀ ਕੜੀ ਤਹਿਤ 919 ਬੇਰੋਜ਼ਗਾਰ ਵਰਕਰਾਂ ਦੀ ਕਾਊਂਸਲਿੰਗ ਅਤੇ ਜਾਂਚ ਪ੍ਰਕਿਰਿਆ ਮੁਕੰਮਲ ਹੋਣ ਦੇ ਬਾਅਦ ਉਨ੍ਹਾਂ ਨੂੰ ਅਜੇ ਤੱਕ ਨਿਯੁਕਤ ਨਹੀਂ ਕੀਤਾ ਗਿਆ। ਉਨ੍ਹਾਂ ਨੇ ਸਰਕਾਰ ਤੋਂ ਕੁਲ 1723 ਕਰਮਚਾਰੀਆਂ ਨੂੰ ਆਪਣੇ ਵਾਅਦੇ ਅਨੁਸਾਰ ਰੋਜ਼ਗਾਰ ਦੇਣ ਅਤੇ ਭਰਤੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੀ ਮੰਗ ਕੀਤੀ। ਇਸ ਮੌਕੇ ਅਮਨਦੀਪ ਸਿੰਘ ਮੌੜ, ਹਰਪ੍ਰੀਤ ਸਿੰਘ ਸੋਨੀ, ਜਗਜੀਤ ਸਿੰਘ, ਦਵਿੰਦਰ ਸਿੰਘ ਸੋਨੀ, ਗੁਰਦੀਪ ਸਿੰਘ ਗਿਆਨਾ, ਹਰਕਰਨ ਸਿਵੀਆ, ਨਨੂੰ ਮਹਿਰਾਜ, ਖੁਸ਼ਵਿੰਦਰ ਫੂਲ ਆਦਿ ਮੌਜੂਦ ਸਨ। 
ਇਸੇ ਤਰ੍ਹਾਂ ਮਾਨਸਾ ਵਿਖੇ ਵੀ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਜ਼ਿਲਾ ਪ੍ਰਧਾਨ ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਗਮਦੂਰ ਸਿੰਘ, ਤੇਜਿੰਦਰ ਸਿੰਘ ਨੇ ਦੱਸਿਆ ਕਿ ਬੇਰੋਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਦੇ 12-13 ਸਾਲ ਲੰਮੇ ਸੰਘਰਸ਼ ਸਦਕਾ ਸਿਹਤ ਵਿਭਾਗ 'ਚ ਮਹਿਜ 1263 ਅਸਾਮੀਆਂ ਦਾ ਇਸ਼ਤਿਹਾਰ ਲੰਘੀ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਸੀ। ਇਸ ਸਬੰਧੀ ਦਸੰਬਰ 2016 'ਚ ਲਿਖਤੀ ਪ੍ਰੀਖਿਆ ਲੈਣ ਮਗਰੋਂ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਵੱਲੋਂ ਉਮੀਦਵਾਰਾਂ ਦੇ ਕਾਗਜ਼ਾਂ ਦੀ ਜਾਂਚ ਪੜਤਾਲ ਵੀ ਪੂਰੀ ਕਰ ਲਈ ਗਈ ਸੀ ਪਰ ਹੁਣ ਹਰ ਘਰ ਨੌਕਰੀ ਦੇਣ ਦਾ ਵਾਅਦਾ ਕਰ ਕੇ ਸੱਤਾ 'ਤੇ ਕਾਬਜ਼ ਕਾਂਗਰਸ ਸਰਕਾਰ ਨੇ 3 ਮਹੀਨੇ ਬੀਤਣ 'ਤੇ ਕਿਸੇ ਦੀ ਸਾਰ ਨਹੀਂ ਲਈ।
ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ 30 ਅਪ੍ਰੈਲ 2017 ਨੂੰ ਪਟਿਆਲਾ ਦੇ ਬਾਰਾਂਦਰੀ ਗਾਰਡਨ ਅੱਗੇ ਭਰੋਸਾ ਦਿੱਤਾ ਸੀ ਕਿ ਸਾਰੇ ਉਮੀਦਵਾਰਾਂ ਨੂੰ ਡੇਢ ਮਹੀਨੇ ਦੇ ਅੰਦਰ-ਅੰਦਰ ਅਸਾਮੀਆਂ 'ਚ ਵਾਧਾ ਕਰ ਕੇ ਨਿਯੁਕਤ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 15 ਜੁਲਾਈ ਤੱਕ ਕੋਈ ਸੁਣਵਾਈ ਨਾ ਹੋਈ ਤਾਂ 16 ਜੁਲਾਈ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਪਟਿਆਲਾ ਵਿਖੇ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਬਿਕਰਮਜੀਤ ਸਿੰਘ, ਅਮਨ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ, ਕ੍ਰਿਸ਼ਨ ਕੁਮਾਰ, ਸਿਮਰਜੀਤ ਸਿੰਘ, ਗੁਰਵਿੰਦਰ ਸਿੰਘ, ਤਲਵਿੰਦਰ ਸਿੰਘ, ਮੰਗਲ, ਅਮਰੀਕ, ਸੁਖਪ੍ਰੀਤ, ਕੁਲਵੀਰ, ਮਨਜੀਤ ਸਿੰਘ, ਜਸਵੀਰ ਸਿੰਘ, ਲਖਵਿੰਦਰ ਸਿੰਘ ਆਦਿ ਸ਼ਾਮਲ ਸਨ। 


Related News