ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ : ਪ੍ਰੋ. ਬਡੂੰਗਰ

11/19/2017 3:54:40 AM

ਪਟਿਆਲਾ(ਜੋਸਨ, ਪਰਮੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ 'ਚ ਧਰਮ ਪ੍ਰਚਾਰ ਲਹਿਰ ਦੀ ਪ੍ਰਫੁੱਲਤਾ ਲਈ ਅਤੇ ਪਾਤਿਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਇਕੱਤਰਤਾ ਕੀਤੀ ਗਈ। ਇਕੱਤਰਤਾ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸੇਵਕ ਜਥਾ, ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਸ੍ਰੀ ਗੁਰੂ ਹਰਿਗੋਬਿੰਦ ਸੇਵਾ ਸੁਸਾਇਟੀ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਸੁਸਾਇਟੀ ਦੇ ਪ੍ਰਬੰਧਕਾਂ ਤੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰ ਕੇ ਧਾਰਮਿਕ ਸਮਾਗਮ ਸਬੰਧੀ ਰੂਪ-ਰੇਖਾ ਉਲੀਕੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਧਰਮ ਪ੍ਰਚਾਰ ਲਹਿਰ ਦੇ ਪ੍ਰਚਾਰ ਅਤੇ ਪਸਾਰ ਦੇ ਨਾਲ-ਨਾਲ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਅਤੇ ਸ਼ਹੀਦੀ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾ ਕੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। 
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 21 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ। ਉਨ੍ਹਾਂ ਕਿਹਾ ਕਿ 22 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ, ਜੋ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਮਾਪਤ ਹੋਵੇਗਾ। 


Related News