ਮੋਦੀ ਸਰਕਾਰ ਵਿਰੁੱਧ ਕਿਸਾਨ ਸੰਘਰਸ਼ ਕਮੇਟੀ ਵੱਲੋਂ ਰੋਸ ਮੁਜ਼ਾਹਰਾ

12/13/2017 6:46:38 AM

ਸੁਲਤਾਨਪੁਰ ਲੋਧੀ, (ਸੋਢੀ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜ਼ੋਨ ਪ੍ਰਧਾਨ ਗੁਰਪ੍ਰੀਤ ਸਿੰਘ ਪੱਸਨ ਕਦੀਮ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਸਮੇਂ ਕਿਸਾਨ ਆਗੂਆਂ ਵੱਲੋਂ ਮੋਦੀ ਸਰਕਾਰ ਨੂੰ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਕਿਸਾਨ ਵਿਰੋਧੀ ਫੈਸਲੇ ਲੈਣ ਦੀ ਤਜਵੀਜ਼ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।
ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਅਮਰੀਕੀ ਸਾਮਰਾਜ ਦੇ ਦਬਾਅ ਹੇਠ ਖੇਤੀ ਦੇ ਮੰਡੀਕਰਨ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਤਿਆਰੀ ਕਰ ਰਹੀ ਹੈ, ਜੋ ਕਿ ਕਿਸਾਨ ਸੰਘਰਸ਼ ਕਮੇਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਕਿਹਾ ਕਿ ਕੇਂਦਰ ਸਰਕਾਰ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰੇ ਤੇ ਫਸਲਾਂ ਦੇ ਭਾਅ ਲਾਗਤ ਖਰਚਿਆਂ 'ਚ 50 ਫੀਸਦੀ ਮੁਨਾਫਾ ਜੋੜ ਕੇ ਦਿੱਤੇ ਜਾਣ । ਜ਼ਿਲਾ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਸਮੁੱਚਾ ਕਰਜ਼ਾ ਸਨਅਤਕਾਰਾਂ ਦੇ ਵਾਅਦੇ ਮੁਤਾਬਕ ਖਤਮ ਕਰੇ। ਇਸ ਸਮੇਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲਾ ਕਪੂਰਥਲਾ ਦੇ ਪਿੰਡਾਂ ਤਕੀਆਂ, ਭਰੋਆਣਾ, ਸ਼ੇਖਮਾਂਗਾ, ਸ਼ੇਰਪੁਰ ਸੱਧਾ ਆਦਿ 'ਚ ਮੀਟਿੰਗਾਂ ਕੀਤੀਆਂ ਗਈਆਂ ਤੇ ਮੈਂਬਰਸ਼ਿਪ ਨੂੰ ਆਧਾਰ ਬਣਾ ਕੇ ਪਿੰਡ ਇਕਾਈਆਂ ਦੀਆਂ ਜਥੇਬੰਦਕ ਚੋਣਾਂ ਕਰਵਾਈਆਂ ਗਈਆਂ ਤੇ ਜ਼ੋਨ ਦੀ ਚੋਣ ਵੀ ਡੈਲੀਗੇਟ ਮੈਂਬਰਸ਼ਿਪ ਦੇ ਆਧਾਰ 'ਤੇ ਕੀਤੀ ਗਈ। ਇਸ ਦੌਰਾਨ ਧਰਮਿੰਦਰ ਸਿੰਘ ਖਿਜਰਪੁਰ, ਡਾਕਟਰ ਮਨਦੀਪ ਸਿੰਘ, ਕੁਲਵੰਤ ਸਿੰਘ, ਹੀਰਾ ਸਿੰਘ ਸ਼ੇਖਮਾਂਗਾ, ਪ੍ਰਧਾਨ ਤਰਸੇਮ ਸਿੰਘ ਵਿੱਕੀ ਜੈਨਪੁਰ, ਹਰਬੰਸ ਸਿੰਘ ਸੁਲਤਾਨਪੁਰ ਆਦਿ ਨੇ ਸ਼ਿਰਕਤ ਕੀਤੀ।


Related News