ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਰਹਿਨੁਮਾਈ ''ਚ ਰਾਸ਼ਟਰੀ ਲੋਕ ਅਦਾਲਤ ਲਾਈ

12/10/2017 11:18:43 AM


ਮੋਗਾ (ਸੰਦੀਪ) - ਮਾਣਯੋਗ ਸ੍ਰੀ ਟੀ. ਪੀ. ਐੱਸ. ਮਾਨ ਜਸਟਿਸ ਪੰਜਾਬ ਤੇ ਹਰਿਆਣਾ ਹਾਈ ਕੋਰਟ-ਕਮ-ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਰਜਿੰਦਰ ਅਗਰਵਾਲ ਇੰਚਾਰਜ ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਰਹਿਨੁਮਾਈ 'ਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। 
ਵਿਨੀਤ ਕੁਮਾਰ ਨਾਰੰਗ ਸੀ. ਜੇ. ਐੱਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ 'ਚ ਕੁਲ 1093 ਕੇਸ ਰੱਖੇ ਗਏ ਸਨ, ਜਿਨ੍ਹਾਂ 'ਚੋਂ 518 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 2 ਕਰੋੜ 85 ਲੱਖ 9 ਹਜ਼ਾਰ 939 ਰੁਪਏ ਦੀ ਸੈਟਲਮੈਂਟ ਕੀਤੀ ਗਈ। 
ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੀ ਸਫਲਤਾ ਸਬੰਧੀ ਮਿਤੀ 11 ਸਤੰਬਰ ਤੋਂ 8 ਦਸੰਬਰ, 2017 ਤੱਕ ਕੁਲ 542 ਕੇਸਾਂ 'ਚੋਂ 326 ਕੇਸਾਂ ਦਾ ਮੋਗਾ ਵਿਖੇ ਅਦਾਲਤਾਂ ਵੱਲੋਂ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਿਸ 'ਚੋਂ 1,59,39,158/- ਰੁਪਏ ਦੀ ਸੈਟਲਮੈਂਟ ਕੀਤੀ ਗਈ ਹੈ। ਸ੍ਰੀ ਨਾਰੰਗ ਨੇ ਦੱਸਿਆ ਕਿ ਅੱਜ ਰਾਸ਼ਟਰੀ ਲੋਕ ਅਦਾਲਤ 'ਚ ਕੁਲ 11 ਬੈਂਚ ਲਾਏ ਗਏ ਸਨ, ਜਿਨ੍ਹਾਂ 'ਚੋਂ 8 ਬੈਂਚ ਜ਼ਿਲਾ ਅਦਾਲਤਾਂ ਅਤੇ 2 ਬੈਂਚ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਲਾਏ ਗਏ ਸਨ ਅਤੇ 1 ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਨੇੜੇ ਦਫਤਰ ਡਿਪਟੀ ਕਮਿਸ਼ਨਰ, ਮੋਗਾ ਵਿਖੇ ਲਾਇਆ ਗਿਆ ਸੀ।
ਉਨ੍ਹਾਂ ਦੀ ਇਸ ਰਾਸ਼ਟਰੀ ਲੋਕ ਅਦਾਲਤ 'ਚ ਹਰ ਤਰ੍ਹਾਂ ਦੇ ਕੇਸ ਰਖੇ ਗਏ ਸਨ, ਜਿਵੇਂ ਕਿ ਸੀ. ਆਰ. ਪੀ. ਸੀ. ਦੀ ਧਾਰਾ 320 ਤਹਿਤ ਆਉਂਦੇ ਰਾਜ਼ੀਨਾਮਾ ਹੋਣ ਯੋਗ ਫੌਜਦਾਰੀ ਮਾਮਲਿਆਂ ਤੋਂ ਇਲਾਵਾ ਚੈੱਕ ਬਾਊਂਸ ਕੇਸ, ਬੈਂਕਾਂ ਦੇ ਰਿਕਵਰੀ ਕੇਸ, ਪਤੀ-ਪਤਨੀ ਦੇ ਆਪਸੀ ਤੇ ਪਰਿਵਾਰਕ ਝਗੜੇ, ਜਾਇਦਾਦ ਸਬੰਧੀ ਝਗੜੇ, ਬਿਜਲੀ ਤੇ ਪਾਣੀ ਦੇ ਬਿਲਾਂ ਦੇ ਝਗੜੇ, ਤਨਖਾਹ ਤੇ ਭੱਤਿਆਂ ਸਬੰਧੀ, ਕਰਮਚਾਰੀਆਂ ਦੀ ਸੇਵਾ ਨਾਲ ਸਬੰਧਤ ਕੇਸ, ਮਾਲ ਵਿਭਾਗ ਨਾਲ ਸਬੰਧਤ, ਮੋਟਰ ਵ੍ਹੀਕਲ ਐਕਟ ਤਹਿਤ ਐੱਮ. ਏ. ਸੀ. ਟੀ. (ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ), ਕਿਰਾਏ ਸਬੰਧੀ ਝਗੜੇ ਤੇ ਹੋਰ ਦੀਵਾਨੀ ਕੇਸਾਂ ਨਾਲ ਸਬੰਧਤ ਝਗੜੇ ਆਦਿ। ਲੋਕ ਅਦਾਲਤ ਦੇ ਫੈਸਲੇ ਨੂੰ ਕੋਰਟ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ ਤੇ ਇਸ ਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ।


Related News