ਪੰਜਾਬ ਸਰਕਾਰ ਵਲੋਂ ਮਾਲੇਰਕੋਟਲਾ ਨੂੰ ਜ਼ਿਲਾ ਬਣਾਉਣ ਦਾ ਐਲਾਨ

06/27/2017 11:17:52 AM

ਮਾਲੇਰਕੋਟਲਾ (ਜ਼ਹੂਰ) : ਈਦ-ਉਲ-ਫ਼ਿਤਰ ਦੇ ਪਵਿੱਤਰ ਤਿਓਹਾਰ ਦੇ ਮੌਕੇ 'ਤੇ ਸਥਾਨਕ ਵੱਡੀ ਈਦਗਾਹ ਵਿਖੇ ਮੁਸਲਿਮ ਭਾਈਚਾਰੇ ਨੂੰ ਸਰਕਾਰ ਵਲੋਂ ਵਿਸ਼ੇਸ਼ ਤੌਰ 'ਤੇ ਮੁਬਾਰਕਬਾਦ ਦੇਣ ਲਈ ਸ਼ਾਮਲ ਹੋਏ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਕਿ ਰਾਜ ਵਿਚ ਭਾਈਚਾਰਕ ਸਾਂਝ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਮਾੜੀਆਂ ਤਾਕਤਾਂ ਨੂੰ ਪੰਜਾਬ ਸਰਕਾਰ ਵੱਲੋਂ ਕਿਸੇ ਕੀਮਤ 'ਤੇ ਵੀ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।
ਮਨਪ੍ਰੀਤ ਬਾਦਲ ਨੇ ਈਦਗਾਹ ਲਈ ਪੰਜਾਬ ਸਰਕਾਰ ਵਲੋਂ ਇਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਪਹਿਲੇ ਬਜਟ ਵਿਚ ਮੁਸਲਿਮ ਭਾਈਚਾਰੇ ਲਈ ਵੱਡੀਆਂ ਸੁਵਿਧਾਵਾਂ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਵਿਚ ਮਾਲੇਰਕੋਟਲਾ ਵਿਖੇ ਉਰਦੂ ਅਕਾਦਮੀ ਲਈ 3 ਕਰੋੜ ਰੁਪਏ, ਪੰਜਾਬ ਵਿਚ ਕਬਰਸਤਾਨਾਂ ਲਈ 10 ਕਰੋੜ ਰੁਪਏ ਅਤੇ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਵੀ ਸ਼ਾਮਲ ਹੋਵੇਗਾ। ਉਨ੍ਹਾਂ ਅਪੀਲ ਕੀਤੀ ਕਿ ਖੁਦ ਭਾਵੇਂ ਇਕ ਵਕਤ ਦੀ ਰੋਟੀ ਘੱਟ ਖਾ ਲਈ ਜਾਵੇ ਪਰ ਆਪਣੇ ਬੱਚਿਆਂ ਨੂੰ ਉਚੇਰੀ ਵਿੱਦਿਆ ਜ਼ਰੂਰ ਮੁਹੱਈਆ ਕਰਵਾਈ ਜਾਵੇ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਜਿਥੇ ਈਦਗਾਹ ਲਈ ਆਪਣੇ ਫੰਡ ਵਿਚੋਂ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਉਥੇ ਹੀ ਕਾਂਗਰਸ ਸਰਕਾਰ ਵਲੋਂ ਮਾਲੇਰਕੋਟਲਾ ਨੂੰ ਜ਼ਿਲਾ ਬਣਾਏ ਜਾਣ ਦਾ ਵਿਸ਼ਵਾਸ਼ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਵਿਖੇ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਲਈ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਵਾਅਦਾ ਵੀ ਜ਼ਰੂਰ ਪੂਰਾ ਕੀਤਾ ਜਾਵੇਗਾ। ਸਿੱਧੂ ਨੇ ਵਿਸ਼ਵਾਸ਼ ਦਿਵਾਇਆ ਕਿ ਕਾਂਗਰਸ ਸਰਕਾਰ ਵਿਚ ਮੁਸਲਿਮ ਭਾਈਚਾਰੇ ਦਾ ਪੂਰਾ ਮਾਣ-ਸਨਮਾਨ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਈਦ ਦਾ ਪਵਿੱਤਰ ਤਿਓਹਾਰ ਪ੍ਰੇਮ ਅਤੇ ਆਪਸੀ ਭਾਈਚਾਰੇ ਦਾ ਪੈਗਾਮ ਲੈ ਕੇ ਆਉਂਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਮਿਲਵਰਤਨ ਨਾਲ ਰਹਿ ਕੇ ਲੋਕ ਸੇਵਾ ਪ੍ਰਤੀ ਸਮਰਪਿਤ ਹੋਣਾ ਚਾਹੀਦਾ ਹੈ।


Related News