ਸ਼ਹਿਰੀ ਵਿਕਾਸ ਦੇ ਕੰਮਾਂ ਲਈ ਨਵਜੋਤ ਸਿੱਧੂ ਨੇ ਖਜ਼ਾਨੇ ਦੇ ਮੂੰਹ ਖੋਲ੍ਹੇ

10/19/2017 12:21:52 AM

ਚੰਡੀਗੜ੍ਹ  (ਭੁੱਲਰ)  - ਗੁਰਦਾਸਪੁਰ ਉਪ ਚੋਣ ਜਿੱਤਣ ਤੋਂ ਬਾਅਦ ਸੱਤਾ ਧਿਰ ਨੇ ਦਸੰਬਰ ਮਹੀਨੇ ਹੋਣ ਵਾਲੀਆਂ ਮਿਊਂਸੀਪਲ ਚੋਣਾਂ 'ਚ ਵੀ ਅਜਿਹੀ ਹੀ ਜਿੱਤ ਹਾਸਲ ਕਰਨ ਲਈ ਕਮਰ ਕੱਸ ਲਈ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰਾਜ ਸਰਕਾਰ ਦੇ ਖਜ਼ਾਨੇ ਦੇ ਮੂੰਹ ਸ਼ਹਿਰੀ ਵਿਕਾਸ ਦੇ ਕੰਮਾਂ ਲਈ ਖੋਲ੍ਹ ਦਿੱਤੇ ਹਨ। ਅੱਜ ਸਿੱਧੂ ਵੱਲੋਂ ਸ਼ਹਿਰੀ ਵਿਕਾਸ ਲਈ 2127 ਕਰੋੜ ਦੀ ਰਾਸ਼ੀ ਹੋਰ ਮਨਜ਼ੂਰ ਕੀਤੀ ਗਈ ਹੈ, ਜਦਕਿ 211 ਕਰੋੜ ਦੀ ਰਾਸ਼ੀ ਬੀਤੇ ਦਿਨੀਂ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਮਨਜ਼ੂਰ ਹੋਣ ਦਾ ਐਲਾਨ ਕੀਤਾ ਗਿਆ ਸੀ। ਇਸ ਮੌਕੇ ਰਾਜ ਦੀਆਂ 37 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ 58 ਕਰੋੜ ਰੁਪਏ ਦੇ ਚੈੱਕ ਵੀ ਦਿੱਤੇ ਗਏ ਸਨ।
 ਉਨ੍ਹਾਂ 2127 ਕਰੋੜ ਦੀ ਰਾਸ਼ੀ ਮਨਜ਼ੂਰ ਹੋਣ ਦਾ ਐਲਾਨ ਕਰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੂਬੇ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ਦੀ ਕਾਇਆ-ਕਲਪ ਕਰਨ ਲਈ ਵਿਆਪਕ ਯੋਜਨਾ ਬਣਾ ਕੇ ਖਾਕਾ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਿੱਧੂ ਨੇ ਆਪਣੇ ਵਿਭਾਗ ਵੱਲੋਂ ਪਿਛਲੇ ਛੇ ਮਹੀਨਿਆਂ ਤੱਕ ਸ਼ਹਿਰਾਂ ਦੇ ਵਿਕਾਸ ਲਈ ਬਣਾਈਆਂ ਯੋਜਨਾਵਾਂ ਅਤੇ ਭਵਿੱਖ 'ਚ ਇਨ੍ਹਾਂ ਨੂੰ ਲਾਗੂ ਕਰਨ ਲਈ ਬਣਾਈ ਯੋਜਨਾ ਦਾ ਖੁਲਾਸਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸ਼ਹਿਰਾਂ ਦੇ ਵਿਕਾਸ ਲਈ 1540 ਕਰੋੜ ਰੁਪਏ ਇਕ ਹਫਤੇ ਤੱਕ ਜਾਰੀ ਹੋ ਜਾਣਗੇ।
ਉਨ੍ਹਾਂ ਕਿਹਾ ਕਿ ਲੁਧਿਆਣਾ ਤੇ ਅੰਮ੍ਰਿਤਸਰ ਦੇ ਵਿਕਾਸ ਲਈ ਕ੍ਰਮਵਾਰ 139 ਕਰੋੜ ਤੇ 125 ਕਰੋੜ ਰੁਪਏ ਮਨਜ਼ੂਰ ਕੀਤੇ ਗਏ, ਜਦੋਂ ਕਿ ਜਲੰਧਰ ਤੇ ਪਟਿਆਲਾ ਸ਼ਹਿਰਾਂ ਲਈ ਆਉਂਦੇ ਦਿਨਾਂ 'ਚ ਮੀਟਿੰਗਾਂ ਕਰ ਕੇ ਰਾਸ਼ੀ ਮਨਜ਼ੂਰ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਹਿਰੀਆਂ ਨੂੰ ਘਰ ਬੈਠਿਆਂ ਸੌਖੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਕਪਤਾਨ ਈ-ਸੇਵਾ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਹਰ ਸ਼ਹਿਰੀ ਆਨਲਾਈਨ ਨਕਸ਼ੇ ਪਾਸ ਕਰਵਾ ਸਕੇਗਾ। ਇਸ ਮੌਕੇ ਵਿਭਾਗ ਦੇ ਸਲਾਹਕਾਰ ਡਾ. ਅਮਰ ਸਿੰਘ, ਡਾਇਰੈਕਟਰ ਕੇ. ਕੇ. ਯਾਦਵ ਤੇ ਪੀ. ਐੱਮ. ਆਈ. ਡੀ. ਸੀ. ਦੇ ਸੀ. ਈ. ਓ. ਅਜੋਏ ਸ਼ਰਮਾ ਵੀ ਹਾਜ਼ਰ ਸਨ।


Related News