ਸ਼ਹਿਰਾਂ ਦੀ ਸਫਾਈ ਨਾਲ ਕੋਈ ਸਮਝੌਤਾ ਨਹੀਂ : ਸਿੱਧੂ

Saturday, May 20, 2017 12:38 AM
ਸ਼ਹਿਰਾਂ ਦੀ ਸਫਾਈ ਨਾਲ ਕੋਈ ਸਮਝੌਤਾ ਨਹੀਂ : ਸਿੱਧੂ

ਚੰਡੀਗੜ੍ਹ - ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ-ਸੁਥਰੀ ਦਿੱਖ ਦੇਣ ਅਤੇ ਸ਼ਹਿਰਾਂ ਦੀ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਦੇ ਮਕਸਦ ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਾਲ ਲੈ ਕੇ ਸੂਬੇ ਦੀਆਂ 10 ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਸਥਾਨਕ ਸਰਕਾਰਾਂ ਭਵਨ ਵਿਖੇ ਹੋਈ ਇਸ ਮੀਟਿੰਗ ''ਚ ਸਿੱਧੂ ਨੇ ਕਲੱਸਟਰ ਅਨੁਸਾਰ ਸਾਰੀਆਂ ਸਥਾਨਕ ਸਰਕਾਰਾਂ ਇਕਾਈਆਂ ''ਚ ਚੱਲ ਰਹੇ ਠੋਸ ਰਹਿੰਦ-ਖੂੰਹਦ ਅਤੇ ਸਫਾਈ ਲਈ ਕੀਤੇ ਜਾਂਦੇ ਇੰਤਜ਼ਾਮਾਂ ਦੀ ਹਰ ਪੱਖੋਂ ਘੋਖ ਕਰਦੇ ਹੋਏ ਸਮੀਖਿਆ ਕੀਤੀ। ਮੀਟਿੰਗ ਵਿਚ ਵਿਭਾਗ ਦੇ ਸਲਾਹਕਾਰ ਡਾ. ਅਮਰ ਸਿੰਘ, ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ, ਡਾਇਰੈਕਟਰ ਕੇ. ਕੇ. ਯਾਦਵ ਅਤੇ ਚੀਫ ਇੰਜੀਨੀਅਰ ਏ. ਐੱਸ. ਧਾਲੀਵਾਲ ਵੀ ਹਾਜ਼ਰ ਸਨ।
ਸਿੱਧੂ ਨੇ ਕਿਹਾ ਕਿ ਸ਼ਹਿਰਾਂ ''ਚ ਬਹੁਤ ਥਾਈਂ ਸੀਵਰੇਜ ਬਲਾਕ ਹੋਏ ਪਏ ਹਨ ਜਿਸ ਕਾਰਨ ਬਰਸਾਤਾਂ ਦੌਰਾਨ ਇਨ੍ਹਾਂ ਸ਼ਹਿਰਾਂ ਵਿਚ ਪਾਣੀ ਖੜ੍ਹਨ ਦੀ ਸਮੱਸਿਆ ਆਉਂਦੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ ''ਤੇ ਹੱਲ ਕੀਤਾ ਜਾਵੇ ਜਿਸ ਲਈ ਉਨ੍ਹਾਂ ਅਤਿ ਆਧੁਨਿਕ ਤਕਨਾਲੋਜੀ ਨਾਲ ਲੈਸ ਸੁਪਰ ਸਕਸ਼ਨ ਮਸ਼ੀਨਾਂ ਨੂੰ ਵਰਤੋਂ ਵਿਚ ਲਿਆਉਣ ਨੂੰ ਕਿਹਾ।
ਇਸ ਸਬੰਧੀ ਉਨ੍ਹਾਂ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਬਾਰੇ ਪਾਵਰ ਪੁਆਇੰਟ ਪੇਸ਼ਕਾਰੀ ਵੀ ਦੇਖੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੰਜ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਬਠਿੰਡਾ ਜਿਨ੍ਹਾਂ ਵਿਚ ਸੂਬੇ ਦੀ 40 ਫੀਸਦੀ ਤੋਂ ਵੱਧ ਆਬਾਦੀ ਰਹਿੰਦੀ ਹੈ, ਵਿਚ ਪਹਿਲ ਦੇ ਆਧਾਰ ''ਤੇ ਇਨ੍ਹਾਂ ਵੱਡੀਆਂ ਮਸ਼ੀਨਾਂ ਰਾਹੀਂ ਸੀਵਰੇਜ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇਗਾ ਤਾਂ ਜੋ ਆਉਣ ਵਾਲੇ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਇਨ੍ਹਾਂ ਵੱਡੇ ਸ਼ਹਿਰਾਂ ਦੇ ਵਸਨੀਕਾਂ ਨੂੰ ਪਾਣੀ ਦੀ ਸਮੱਸਿਆ ਨਾਲ ਨਾ ਜੂਝਣਾ ਪਵੇ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਸਿੱਧੂ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ ਸ਼ਹਿਰਾਂ ਦੀ ਸਾਫ-ਸਫਾਈ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸਫਾਈ ਪ੍ਰਬੰਧਾਂ ਵਿਚ ਅਣਗਹਿਲੀ ਵਰਤਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਵੱਛ ਭਾਰਤ ਮਿਸ਼ਨ ਤਹਿਤ ਮਿਲਣ ਵਾਲੀ ਰਾਸ਼ੀ ਦਾ ਇੱਕ-ਇੱਕ ਪੈਸਾ ਸਿਰਫ ਸਫਾਈ ਉਪਰ ਹੀ ਖਰਚ ਕੀਤਾ ਜਾਵੇ। ਸਿੱਧੂ ਨੇ ਮੀਟਿੰਗ ਦੌਰਾਨ ਦਿੱਲੀ ਸਮੇਤ ਦੇਸ਼ ਦੇ ਹੋਰਨਾਂ ਵੱਡੇ ਸ਼ਹਿਰਾਂ ਵਿਚ ਚੱਲ ਰਹੇ ਸਫਲ ਪ੍ਰਾਜੈਕਟਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਪੰਜਾਬ ਅੰਦਰ ਲਾਗੂ ਕੀਤਾ ਜਾਵੇ।ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!