ਮੁੱਖ ਮੰਤਰੀ ਵਲੋਂ ਡੀ. ਜੀ. ਪੀ. ਨੂੰ ਹਿਰਾਸਤ ''ਚ ਲਏ ਗਏ ਸਾਰੇ ਕਿਸਾਨਾਂ ਨੂੰ ਰਿਹਾਅ ਕਰਨ ਦੇ ਹੁਕਮ

09/23/2017 12:19:25 AM

ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੂੰ ਤੁਰੰਤ ਹੁਕਮ ਦਿੱਤੇ ਹਨ ਕਿ ਉਹ ਹਿਰਾਸਤ 'ਚ ਲਏ ਗਏ ਸਾਰੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰ ਦੇਣ। ਮੁੱਖ ਮੰਤਰੀ ਨੇ ਇਹ ਕਦਮ ਮਨੁੱਖੀ ਪਹਿਲੂ ਨੂੰ ਧਿਆਨ 'ਚ ਰੱਖਦਿਆਂ ਉਠਾਇਆ ਹੈ। ਵੱਖ-ਵੱਖ ਕਿਸਾਨ ਯੂਨੀਅਨਾਂ ਵਲੋਂ ਪਟਿਆਲਾ ਤੋਂ ਸ਼ੁਰੂ ਕੀਤੇ ਜਾ ਰਹੇ ਅੰਦੋਲਨ ਨੂੰ ਦੇਖਦਿਆਂ ਪੁਲਸ ਤੇ ਜ਼ਿਲਾ ਅਧਿਕਾਰੀਆਂ ਨੇ ਕਈ ਕਿਸਾਨਾਂ ਨੂੰ ਸਾਵਧਾਨੀ ਦੇ ਨਜ਼ਰੀਏ ਨਾਲ ਹਿਰਾਸਤ 'ਚ ਲਿਆ ਸੀ, ਜਿਨ੍ਹਾਂ ਨੂੰ ਹੁਣ ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਰਿਹਾਅ ਕਰਨਾ ਪਵੇਗਾ।
ਮੁੱਖ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੀ ਪ੍ਰਧਾਨਗੀ 'ਚ ਇਕ ਤਿੰਨ ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਹੈ, ਜੋ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਸੁਣੇਗੀ ਅਤੇ ਸਰਕਾਰ ਤੋਂ ਉਨ੍ਹਾਂ ਦਾ ਨਿਪਟਾਰਾ ਕਰਵਾਉਣ ਦੀ ਕੋਸ਼ਿਸ਼ ਕਰੇਗੀ। ਕਮੇਟੀ 'ਚ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਕਮੇਟੀ ਕਿਸਾਨਾਂ ਨੂੰ ਦੱਸੇਗੀ ਕਿ ਸਰਕਾਰ ਨੇ ਛੋਟੇ ਤੇ ਸਰਹੱਦੀ ਕਿਸਾਨਾਂ ਦਾ 2 ਲੱਖ ਤਕ ਦਾ ਕਰਜ਼ਾ ਮੁਆਫ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਡੀ. ਜੀ. ਪੀ. ਨੂੰ ਕਿਹਾ ਕਿ ਜੋ ਕਿਸਾਨ ਕਾਨੂੰਨ-ਵਿਵਸਥਾ ਦੀ ਸਥਿਤੀ 'ਚ ਕੋਈ ਰੁਕਾਵਟ ਪੈਦਾ ਕਰਨਾ ਨਹੀਂ ਚਾਹੁੰਦੇ ਹਨ, ਨੂੰ ਹਿਰਾਸਤ ਵਿਚ ਨਾ ਰੱਖਿਆ ਜਾਵੇ। ਪੁਲਸ ਨੇ ਅਜੇ ਤਕ 377 ਕਿਸਾਨਾਂ ਨੂੰ ਹਿਰਾਸਤ 'ਚ ਲਿਆ ਹੈ, ਜਿਸ ਵਿਚੋਂ 34 ਨੂੰ ਪਹਿਲਾਂ ਹੀ ਰਿਲੀਜ਼ ਕੀਤਾ ਜਾ ਚੁੱਕਾ ਹੈ ਜਦਕਿ 308 ਨਿਆਇਕ ਹਿਰਾਸਤ ਅਤੇ 35 ਪੁਲਸ ਹਿਰਾਸਤ ਵਿਚ ਹਨ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਤੋਂ ਬਾਅਦ ਸੂਬਾ ਪੁਲਸ ਨੇ ਕਿਸਾਨਾਂ ਨੂੰ ਰਿਹਾਅ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਨੂੰ ਵਿਰਾਸਤ 'ਚ ਸਾਬਕਾ ਅਕਾਲੀ ਸਰਕਾਰ ਤੋਂ ਖਾਲੀ ਖਜ਼ਾਨਾ ਹਾਸਲ ਹੋਇਆ ਪਰ ਉਸ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੂੰ ਛੇਤੀ ਹੀ ਹੁਣ ਲਾਗੂ ਕਰ ਦਿੱਤਾ ਜਾਵੇਗਾ।


Related News