ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵੱਲੋਂ ਰੋਸ ਪ੍ਰਦਰਸ਼ਨ

10/18/2017 2:43:08 AM

ਹੁਸ਼ਿਆਰਪੁਰ, (ਘੁੰਮਣ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਜ਼ਿਲਾ ਪ੍ਰਧਾਨ ਰਾਮਜੀ ਦਾਸ ਚੌਹਾਨ ਤੇ ਜ਼ਿਲਾ ਕਮੇਟੀ ਦੀ ਅਗਵਾਈ 'ਚ ਰੋਸ ਰੈਲੀ ਕੱਢਣ ਉਪਰੰਤ ਏ. ਡੀ. ਸੀ. ਅਨੁਪਮ ਕਲੇਰ ਰਾਹੀਂ ਮੰਗ-ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਦੇ ਹਰੇਕ ਤਰ੍ਹਾਂ ਦੇ ਐਡਹਾਕ, ਡੇਲੀਵੇਜ, ਟੈਂਪਰੇਰੀ, ਵਰਕਚਾਰਜ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ ਅਧੀਨ ਲਿਆਂਦਾ ਜਾਵੇ ਤੇ ਸੇਵਾਵਾਂ ਰੈਗੂਲਰ ਕੀਤੀਆਂ ਜਾਣ। ਆਂਗਣਵਾੜੀ, ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਦਾ ਸ਼ੋਸ਼ਣ ਬੰਦ ਕਰ ਕੇ ਉਨ੍ਹਾਂ ਨੂੰ ਕਰਮਚਾਰੀ ਮੰਨ ਕੇ ਮਾਣਭੱਤੇ ਦੀ ਥਾਂ ਮੁੱਢਲੀ ਤਨਖਾਹ ਦਿੱਤੀ ਜਾਵੇ। 
ਜਨਵਰੀ 2004 ਤੋਂ ਬਾਅਦ ਭਰਤੀ ਸਮੂਹ ਮੁਲਾਜ਼ਮਾਂ ਸਮੇਤ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ 'ਤੇ ਲਾਗੂ ਨਵੀਂ ਪੈਨਸ਼ਨ ਸਕੀਮ ਰੋਕ ਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਜਨਵਰੀ 2017 ਤੋਂ ਬੰਦ ਪਈ ਮਹਿੰਗਾਈ ਭੱਤੇ ਦੀ ਕਿਸ਼ਤ ਤੁਰੰਤ ਜਾਰੀ ਕੀਤੀ ਜਾਵੇ, ਸੂਬੇ ਅੰਦਰ ਵੱਖ-ਵੱਖ ਵਿਭਾਗਾਂ ਅਧੀਨ ਮੁਲਾਜ਼ਮਾਂ ਦੀਆਂ ਪਿਛਲੇ ਕਈ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ, ਮਾਣਯੋਗ ਸੁਪਰੀਮ ਕੋਰਟ ਵੱਲੋਂ ਬਰਾਬਰ ਕੰਮ-ਬਰਾਬਰ ਤਨਖਾਹ ਦਾ ਫੈਸਲਾ ਲਾਗੂ ਕੀਤਾ ਜਾਵੇ, ਕੈਸ਼ਲੈੱਸ ਹੈਲਥ ਸਕੀਮ ਦੀਆਂ ਤਰੁੱਟੀਆਂ ਦੂਰ ਕਰ ਕੇ ਮੁੜ ਸ਼ੁਰੂ ਕੀਤੀਆਂ ਜਾਣ। ਦਰਜਾ ਚਾਰ ਕਰਮਚਾਰੀਆਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ ਤੇ ਨਾਲ ਹੀ ਵਰਦੀ ਪ੍ਰਾਪਤ ਮੁਲਾਜ਼ਮਾਂ ਦੀਆਂ ਵਰਦੀਆਂ ਦੇ ਰੇਟ ਵਧ ਰਹੀ ਮਹਿੰਗਾਈ 
ਦਰ ਅਨੁਸਾਰ ਵਧਾਏ ਜਾਣ, ਮੁਲਾਜ਼ਮ ਵਿਰੋਧੀ ਪੱਤਰ ਰੱਦ ਕੀਤੇ ਜਾਣ ਅਤੇ ਮੁਲਾਜ਼ਮਾਂ ਦੀਆਂ ਖਾਲੀ ਪਾਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ। ਬੁਲਾਰਿਆਂ ਨੇ ਕਿਹਾ ਕਿ ਜੇਕਰ 
ਇਨ੍ਹਾਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤੇ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਦੀ ਪਿਛਲੇ 10 ਮਹੀਨਿਆਂ ਤੋਂ ਰੁਕੀ ਤਨਖਾਹ ਜਾਰੀ ਨਾ ਕੀਤੀ ਤਾਂ ਆਉਣ ਵਾਲੇ ਸਮੇਂ 'ਚ ਪ. ਸ. ਸ. ਫ. ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। 
ਇਸ ਮੌਕੇ ਪ੍ਰਿੰ. ਅਮਨਦੀਪ ਸ਼ਰਮਾ, ਮਨਜੀਤ ਸੈਣੀ, ਮੱਖਣ ਲੰਗੇਰੀ, ਅਜੀਬ ਦਿਵੇਦੀ, ਇੰਦਰਜੀਤ ਵਿਰਦੀ, ਸੁਨੀਲ ਸ਼ਰਮਾ, ਜੀਤ ਸਿੰਘ, ਮਲਕੀਤ ਸਿੰਘ, ਸੁੱਚਾ ਸਿੰਘ ਸਤਨੌਰ, ਅਮਰ ਸਿੰਘ, ਰਾਜੀਵ ਸ਼ਰਮਾ, ਅਮਰਜੀਤ ਸਿੰਘ, ਸ਼ਕਤੀ ਸਰੂਪ, ਰਘੁਵੀਰ ਸਿੰਘ, ਮਿਥਲੇਸ਼ ਕੁਮਾਰ, ਕੁਲਵੰਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।


Related News