ਤ੍ਰਿਪਤ ਬਾਜਵਾ ਵੱਲੋਂ ਅਧਿਕਾਰੀਆਂ ਨੂੰ ਪਿੰਡਾਂ ''ਚ ਪਖਾਨੇ ਬਣਾਉਣ ਦਾ ਟੀਚਾ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ

12/11/2017 2:01:56 PM

ਬਟਾਲਾ (ਬੇਰੀ, ਸੈਂਡੀ, ਕਲਸੀ, ਵਿਪਨ, ਸਾਹਿਲ, ਅਸ਼ਵਨੀ, ਯੋਗੀ, ਭੱਲਾ, ਖੋਖਰ) - ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਵੱਛ ਅਤੇ ਸਿਹਤਮੰਦ ਪੰਜਾਬ ਮੁਹਿੰਮ ਤਹਿਤ ਸੂਬੇ ਨੂੰ ਖੁੱਲ੍ਹੇ ਵਿਚ ਜੰਗਲ-ਪਾਣੀ ਜਾਣ ਦੀ ਲਾਹਨਤ ਤੋਂ ਮੁਕਤ ਕਰਨ ਲਈ ਹਰ ਘਰ ਵਿਚ ਪਖਾਨੇ ਬਣਾਉਣ ਦੇ ਟੀਚੇ ਨੂੰ ਮਿੱਥੇ ਸਮੇਂ ਅੰਦਰ ਪੂਰਾ ਕੀਤਾ ਜਾਵੇ। ਅੱਜ ਕਾਦੀਆਂ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕਰਦਿਆਂ ਸ. ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਲੋੜਵੰਦ ਘਰ ਵਿਚ ਪਖਾਨੇ ਬਣਾ ਕੇ ਦਿੱਤੇ ਜਾਣੇ ਹਨ ਅਤੇ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਲਈ ਅਧਿਕਾਰੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ।
ਉਨ੍ਹਾਂ ਕਿਹਾ ਕਿ ਜ਼ਿਲਾ ਗੁਰਦਾਸਪੁਰ ਵਿਚ ਵੀ ਇਸ ਮੁਹਿੰਮ ਤਹਿਤ ਤੇਜ਼ੀ ਲਿਆਂਦੀ ਜਾਵੇ ਅਤੇ ਜ਼ਿਲੇ ਦੇ ਸਾਰੇ ਪਿੰਡਾਂ ਨੂੰ ਮਿੱਥੇ ਸਮੇਂ ਅੰਦਰ ਖੁੱਲ੍ਹੇ ਵਿਚ ਜੰਗਲ-ਪਾਣੀ ਜਾਣ ਦੀ ਲਾਹਨਤ ਤੋਂ ਮੁਕਤ ਕੀਤਾ ਜਾਵੇ। ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਭਰ ਵਿਚ ਬੰਦ ਪਈਆਂ ਜਲ ਸਪਲਾਈ ਸਕੀਮਾਂ ਨੂੰ ਚਾਲੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਪੀਣ ਲਈ ਸਾਫ ਤੇ ਸ਼ੁੱਧ ਪਾਣੀ ਮਿਲ ਸਕੇ। 
ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਇਕ ਵਿਸਥਾਰਤ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਬੰਦ ਪਈਆਂ ਸਕੀਮਾਂ ਨੂੰ ਚਾਲੂ ਕਰਨ ਲਈ ਜੋ ਵੀ ਪੈਂਡਿੰਗ ਕੰਮ ਹੈ ਉਸ ਨੂੰ ਪੂਰਾ ਕੀਤਾ ਜਾ ਸਕੇ। ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹਰ ਘਰ ਤੱਕ ਪੀਣ ਲਈ ਸਾਫ ਤੇ ਸ਼ੁੱਧ ਪਾਣੀ ਪਹੁੰਚਾਉਣ ਦਾ ਹੈ ਅਤੇ ਸਰਕਾਰ ਵੱਲੋਂ ਜਲ ਸਪਲਾਈ ਦੇ ਕੁਨੈਕਸ਼ਨ ਬਿਲਕੁਲ ਮੁਫਤ ਦਿੱਤੇ ਜਾਣਗੇ। ਮੀਟਿੰਗ ਦੌਰਾਨ ਡਾਇਰੈਕਟਰ ਸੈਨੀਟੇਸ਼ਨ ਜਨਾਬ ਮੁਹੰਮਦ ਇਸਫਾਕ, ਚੀਫ ਇੰਜੀਨੀਅਰ ਐੱਸ. ਕੇ. ਜੈਨ, ਨਿਗਰਾਨ ਇੰਜੀਨੀਅਰ ਗੁਰਦਾਸਪੁਰ ਜੇ. ਐੱਸ. ਸੈਣੀ, ਐਕਸੀਅਨ ਵਿਜੇ ਕੁਮਾਰ, ਮਹੇਸ਼ ਕੁਮਾਰ, ਐੱਸ. ਡੀ. ਓ. ਹਰਦੀਪ ਸਿੰਘ, ਫੁਲਵਿੰਦਰ ਸਿੰਘ ਤੇ ਕੁਲਵੰਤ ਸਿੰਘ ਵੀ ਹਾਜ਼ਰ ਸਨ।  


Related News