ਪੰਜਾਬੀ ਯੋਧਿਆਂ ਨੇ ਆਜ਼ਾਦੀ ਦੀ ਲੜਾਈ ''ਚ ਵੱਡੀਆਂ ਕੁਰਬਾਨੀਆਂ ਦਿੱਤੀਆਂ

08/17/2017 8:05:04 AM

ਫਰੀਦਕੋਟ (ਹਾਲੀ) - ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਔਰਤਾਂ ਨੂੰ ਸਮਰੱਥ ਬਣਾਉਣ ਲਈ ਪੰਜਾਬ ਸਰਕਾਰ ਨੇ ਵੱਡੇ ਉਪਰਾਲੇ ਕੀਤੇ ਹਨ, ਜਿਨ੍ਹਾਂ ਵਿਚ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਰਕਾਰਾਂ ਵਿਚ ਔਰਤਾਂ ਨੂੰ 50 ਫ਼ੀਸਦੀ ਰਾਖਵਾਂਕਰਨ ਸਰਕਾਰ ਵੱਲੋਂ ਦਿੱਤਾ ਗਿਆ ਹੈ। ਇਥੇ ਨਹਿਰੂ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਇਲਾਕਾ ਨਿਵਾਸੀਆਂ ਦੇ ਨਾਂ ਸੰਦੇਸ਼ ਦਿੰਦਿਆਂ ਚੰਨੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਲਈ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ਵਿਚ 33 ਫ਼ੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ ਲੜਕੀਆਂ ਨੂੰ ਨਰਸਰੀ ਤੋਂ ਪੀ-ਐੱਚ. ਡੀ. ਤੱਕ ਮੁਫ਼ਤ ਸਿੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ।
ਭਾਰਤ ਦੇ ਆਜ਼ਾਦੀ ਸੰਗਰਾਮ ਦੌਰਾਨ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਅਤੇ ਲਾਸਾਨੀ ਸ਼ਹਾਦਤਾਂ ਦੇਣ ਵਾਲੇ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਦਿੰਦਿਆਂ ਚੰਨੀ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਭਾਰਤ ਆਜ਼ਾਦ ਹੋ ਸਕਿਆ ਤੇ ਮੌਜੂਦਾ ਸਮੇਂ ਵਿਸ਼ਵ ਅੰਦਰ ਸਾਡਾ ਮੁਲਕ ਪੂਰੇ ਗੌਰਵ ਨਾਲ ਵਿਚਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੋਧਿਆਂ ਨੇ ਆਜ਼ਾਦੀ ਦੀ ਲੜਾਈ 'ਚ ਵੱਡੀਆਂ ਕੁਰਬਾਨੀਆਂ ਦਿੱਤੀਆਂ। ਇਨ੍ਹਾਂ ਸ਼ਹਾਦਤਾਂ ਨੂੰ ਮੁਲਕ ਦਾ ਹਰ ਵਾਸੀ ਸਲਾਮ ਕਰਦਾ ਹੈ।
ਉਨ੍ਹਾਂ ਫਰੀਦਕੋਟ ਜ਼ਿਲੇ 'ਚ ਚੱਲ ਰਹੀਆਂ ਦੋ ਉਦਯੋਗਿਕ ਸਿਖਲਾਈ ਸੰਸਥਾਵਾਂ ਦੀਆਂ ਇਮਾਰਤਾਂ ਦੇ ਵਿਸਥਾਰ ਅਤੇ ਤਕਨੀਕੀ ਉਪਕਰਨਾਂ ਲਈ 2 ਕਰੋੜ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਮੁੱਖ ਮਹਿਮਾਨ ਵੱਲੋਂ ਇਸ ਮੌਕੇ ਜਿਥੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਗਿਆ, ਉਥੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਅਤੇ ਵੱਖ-ਵੱਖ ਖੇਤਰਾਂ 'ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖਸੀਅਤਾਂ ਅਤੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਆਜ਼ਾਦੀ ਦਿਵਸ ਪ੍ਰੋਗਰਾਮ ਦੌਰਾਨ ਪੀ. ਟੀ. ਸ਼ੋਅ, ਸੱਭਿਆਚਾਰਕ ਵੰਨਗੀਆਂ, ਰਾਸ਼ਟਰੀ ਗਾਇਨ ਤੇ ਪਰੇਡ ਦੀਆਂ ਟੁਕੜੀਆਂ 'ਚ ਭਾਗ ਲੈਣ ਵਾਲੇ ਸਕੂਲੀ ਵਿਦਿਆਰਥੀਆਂ ਨੂੰ ਇਕ-ਇਕ ਮੈਡਲ ਅਤੇ ਡਿਕਸ਼ਨਰੀ ਮੁਹੱਈਆ ਕਰਵਾਉਣ ਦਾ ਐਲਾਨ ਵੀ ਕੀਤਾ ਗਿਆ। ਇਸ ਮੌਕੇ 2022 ਤੱਕ ਨਵਾਂ ਭਾਰਤ ਉਸਾਰਨ ਸਬੰਧੀ ਨਵ-ਭਾਰਤ ਸੰਕਲਪ ਲਿਆ ਗਿਆ।
ਇਸ ਸਮੇਂ ਵੱਖ-ਵੱਖ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ ਅਤੇ ਸਕੂਲੀ ਟੀਮਾਂ ਵੱਲੋਂ ਸੱਭਿਆਚਾਰਕ ਤੇ ਦੇਸ਼ ਭਗਤੀ ਦੇ ਗੀਤਾਂ 'ਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ। ਜ਼ਿਲਾ ਪ੍ਰਸ਼ਾਸਨ ਵੱਲੋਂ ਚੰਨੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਆ ਗਿਆ। ਅੰਤ ਵਿਚ ਸੇਂਟ ਮੈਰੀਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਇਨ ਕੀਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਕੇ. ਏ. ਪੀ. ਸਿਨਹਾ, ਡਵੀਜ਼ਨਲ ਕਮਿਸ਼ਨਰ ਸੁਮੇਰ ਸਿੰਘ ਗੁਰਜਰ, ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ, ਜ਼ਿਲਾ ਤੇ ਸੈਸ਼ਨ ਜੱਜ ਸਤਵਿੰਦਰ ਸਿੰਘ ਚਹਿਲ, ਓ. ਐੱਸ. ਡੀ. ਮੁੱਖ ਮੰਤਰੀ ਸੰਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਹਿੰਗੋਨੀਆ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਧੂਮੀਤ ਕੌਰ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।


Related News