ਪ੍ਰੋ. ਬਡੂੰਗਰ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

10/18/2017 5:59:13 PM

ਅੰਮ੍ਰਿਤਸਰ (ਦੀਪਕ/ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ  ਵਧਾਈ ਦਿੰਦਿਆਂ ਕਿਹਾ ਕਿ ਬੰਦੀ ਛੋੜ ਦਿਵਸ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ 'ਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ਦੀ ਖੁਸ਼ੀ 'ਚ ਮਨਾਇਆ ਜਾਂਦਾ ਹੈ। ਇਹ ਕੌਮੀ ਦਿਹਾੜਾ ਦੁਨੀਆ ਦੇ ਇਤਿਹਾਸ 'ਚ ਵੱਡੀ ਮਹੱਤਤਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਿਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗਲ ਕੈਦ 'ਚੋਂ ਰਿਹਾਅ ਕਰਵਾ ਕੇ ਬੇਮਿਸਾਲ ਪਰਉਪਕਾਰ ਦੀ ਉਦਾਹਰਨ ਪੇਸ਼ ਕੀਤੀ। ਗੁਰੂ ਸਾਹਿਬ ਦੇ ਜੀਵਨ ਤੋਂ ਸਾਨੂੰ ਹੱਕ-ਸੱਚ ਦੀ ਪਹਿਰੇਦਾਰੀ ਲਈ ਨਿਡਰਤਾ ਨਾਲ ਵਿਚਰਨ ਦੀ ਪ੍ਰੇਰਨਾ ਮਿਲਦੀ ਹੈ।
ਛੇਵੇਂ ਪਾਤਿਸ਼ਾਹ ਨੇ ਮੀਰੀ ਤੇ ਪੀਰੀ ਦੀਆਂ 2 ਕ੍ਰਿਪਾਨਾਂ ਧਾਰਨ ਕਰ ਕੇ ਜ਼ੁਲਮ ਖਿਲਾਫ ਲੜਨ ਅਤੇ ਗੁਲਾਮੀ ਤੋਂ ਆਜ਼ਾਦੀ ਵੱਲ ਵਧਣ ਲਈ ਵਿਲੱਖਣ ਮਾਰਗ ਦਰਸਾਇਆ। ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਜਿਥੇ ਅਸੀਂ ਆਪਣਾ ਚੌਗਿਰਦਾ ਦੀਪਮਾਲਾ ਨਾਲ ਰੁਸ਼ਨਾਉਣਾ ਹੈ, ਉਥੇ ਹੀ ਅਸੀਂ ਸ਼ਬਦ ਗੁਰੂ ਦੀ ਸਾਧਨਾ ਦੁਆਰਾ ਮਨ ਵੀ ਰੌਸ਼ਨ ਕਰਨਾ ਹੈ। ਬੰਦੀ ਛੋੜ ਦਿਵਸ ਮੌਕੇ ਸਾਨੂੰ ਆਤਮ ਮੰਥਨ ਕਰਦਿਆਂ ਗੁਰਮਤਿ ਜੁਗਤਿ ਅਨੁਸਾਰ ਜੀਵਨ ਦੀ ਘਾੜਤ ਘੜਨ ਲਈ ਯਤਨਸ਼ੀਲ ਹੋਣਾ ਪਵੇਗਾ। ਪ੍ਰੋ. ਬਡੂੰਗਰ ਨੇ ਸਮੂਹ ਸੰਗਤਾਂ ਨੂੰ ਇਕ ਵਾਰ ਫਿਰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਕੁਦਰਤ ਦੀ ਸਾਂਭ-ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ।


Related News