ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਮੰਗਣ ਮੁਆਫੀ : ਬਡੂੰਗਰ

06/26/2017 11:51:57 PM

ਰੂਪਨਗਰ, (ਵਿਜੇ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਮੁਆਫੀ ਮੰਗਣ ਲਈ ਕਿਹਾ ਹੈ। ਬਡੂੰਗਰ ਰੂਪਨਗਰ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਮ ਕਮੇਟੀ ਦੀ ਮੀਟਿੰਗ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ 'ਤੇ ਕਿਹਾ ਕਿ ਸਰਕਾਰ ਪੰਜਾਬੀ ਭਾਸ਼ਾ ਦਾ ਪਹਿਲਾਂ ਵਾਲਾ ਰੁਤਬਾ ਕਾਇਮ ਰੱਖੇ।
ਬਡੂੰਗਰ ਨੇ ਨੀਟ ਦੀ ਪ੍ਰੀਖਿਆ 'ਚ ਅੱਵਲ ਰਹੇ ਨਵਦੀਪ ਸਿੰਘ ਤੇ ਗੁਰਪ੍ਰੀਤ ਕੌਰ ਨੂੰ ਸਨਮਾਨਿਤ ਕਰਨ ਦੀ ਗੱਲ ਵੀ ਕਹੀ। ਉਨ੍ਹਾਂ ਦੱਸਿਆ ਕਿ 3 ਜੁਲਾਈ ਨੂੰ ਮੀਰੀ-ਪੀਰੀ ਦਿਵਸ ਦੇ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਗੱਤਕੇ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਅੰਮ੍ਰਿਤਸਰ ਵਿਖੇ ਵਧੀ ਸ਼ਰਧਾਲੂਆਂ ਦੀ ਗਿਣਤੀ ਨੂੰ ਮੁੱਖ ਰੱਖਦੇ ਹੋਏ ਅਕਾਲੀ ਮਾਰਕੀਟ 'ਚ ਗੁਰੂ ਅਮਰਦਾਸ ਸਰਾਂ ਦਾ ਨਿਰਮਾਣ ਕਰਵਾਇਆ ਜਾਵੇਗਾ।
ਇਸ ਦੌਰਾਨ ਪ੍ਰੋ. ਬਡੂੰਗਰ ਨੇ ਪਿਛਲੇ ਦਿਨੀਂ ਵਿਧਾਨ ਸਭਾ 'ਚ ਦਸਤਾਰ ਦੀ ਬੇਅਦਬੀ ਤੇ ਮਹਿਲਾ ਵਿਧਾਇਕ ਨਾਲ ਬਦਸਲੂਕੀ ਦੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਦੇ ਲਈ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਮੁਆਫੀ ਮੰਗਣ। ਉਨ੍ਹਾਂ ਕਿਹਾ ਕਿ ਸੱਤਾ ਤਬਦੀਲੀ ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਾਂਗਰਸ ਪਾਰਟੀ ਦੇ ਵਿਧਾਇਕ ਤੇ ਹੋਰ ਨੇਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ 'ਤੇ ਕਬਜ਼ੇ ਕਰਨ ਲੱਗ ਪਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐੱਸ. ਜੀ. ਪੀ. ਸੀ. ਨਾਲ ਗੱਲ ਕਰਨ ਤੇ ਮਾਲ ਵਿਭਾਗ 'ਚ ਇਨ੍ਹਾਂ ਜ਼ਮੀਨਾਂ ਦਾ ਰਿਕਾਰਡ ਚੈੱਕ ਕਰਨ।


Related News