ਕਿਸਾਨਾਂ ਖਿਲਾਫ ਪਰਾਲੀ ਸਾੜਨ ਦੇ ਕੇਸ ਦਰਜ ਕਰ ਰਹੀ ਹੈ ਸਰਕਾਰ : ਸੁਖਬੀਰ

10/18/2017 7:22:02 AM

ਚੰਡੀਗੜ੍ਹ  (ਪਰਾਸ਼ਰ)  - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਰਾਲੀ ਸਾੜਨ ਬਾਰੇ ਕੋਈ ਕੇਸ ਦਰਜ ਨਾ ਕਰਨ ਦੇ ਕੀਤੇ ਲੰਬੇ-ਚੌੜੇ ਦਾਅਵਿਆਂ ਦੇ ਬਾਵਜੂਦ ਸੰਗਰੂਰ ਜ਼ਿਲੇ ਵਿਚ 6 ਕਿਸਾਨਾਂ ਖਿਲਾਫ ਕੇਸ ਦਰਜ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਕਾਂਗਰਸ ਸਰਕਾਰ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਦਬਾਉਣ ਲਈ ਸਖ਼ਤੀ ਦਾ ਸਹਾਰਾ ਲੈ ਰਹੀ ਹੈ। ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਜਿਸ ਦਿਨ ਮੁੱਖ ਮੰਤਰੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਚੰਡੀਗੜ੍ਹ ਸੱਦਿਆ ਸੀ, ਉਸੇ ਦਿਨ ਸੰਗਰੂਰ ਪ੍ਰਸਾਸ਼ਨ ਨੇ 6 ਕਿਸਾਨਾਂ ਖ਼ਿਲਾਫ ਕੇਸ ਦਰਜ ਕੀਤੇ ਸਨ। ਉਨ੍ਹਾਂ ਕਿਹਾ ਕਿ ਕੱਲ ਦੀ ਇਹ ਘਟਨਾ ਸਾਬਿਤ ਕਰਦੀ ਹੈ ਕਿ ਸਰਕਾਰ ਕਿਸਾਨਾਂ ਨੂੰ ਆਪਣੇ ਪੱਧਰ ਉਤੇ ਝੋਨੇ ਦੀ ਪਰਾਲੀ ਨੂੰ ਹੀਲੇ ਲਾਉਣ ਲਈ ਡਰਾਉਣਾ ਚਾਹੁੰਦੀ ਹੈ। ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਇਸ ਕੰਮ ਵਾਸਤੇ ਕੋਈ ਮਾਲੀ ਮਦਦ ਨਹੀਂ ਦੇਵੇਗੀ।
ਇਹ ਆਖਦਿਆਂ ਕਿ ਇਹ ਦੋਵੇਂ ਘਟਨਾਵਾਂ ਕਿਸਾਨੀ ਦੇ ਸੰਕਟ ਨੂੰ ਹੋਰ ਡੂੰਘਾ ਕਰ ਸਕਦੀਆਂ ਹਨ, ਜਦਕਿ ਪਹਿਲਾਂ ਹੀ ਕਾਂਗਰਸ ਸਰਕਾਰ ਦੁਆਰਾ ਕਰਜ਼ਾ ਮੁਆਫੀ ਦਾ ਵਾਅਦਾ ਨਾ ਪੂਰਾ ਕੀਤੇ ਜਾਣ ਕਰਕੇ ਪਿਛਲੇ 7 ਮਹੀਨਿਆਂ ਵਿਚ 250 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਨਾਲ ਖੜ੍ਹਾ ਹੈ ਅਤੇ ਕਿਸਾਨਾਂ ਵਿਰੁੱਧ ਕੇਸ ਦਰਜ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਮੈਂ ਸਾਰੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਤਾਨਾਸ਼ਾਹ ਸਰਕਾਰ ਨੂੰ ਸਬਕ ਸਿਖਾਉਣ ਲਈ ਇਕਜੁੱਟ ਹੋ ਜਾਣ, ਜਿਹੜੀ ਕਿ ਪਰਾਲੀ ਦੀ ਸੰਭਾਲ ਲਈ ਤੁਹਾਡੇ ਕੋਲੋਂ 5 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਜੁਰਮਾਨਾ ਮੰਗਦੀ ਹੈ ਅਤੇ ਕੇਸ ਦਰਜ ਕਰਨ ਅਤੇ ਜੇਲ ਭੇਜਣ ਦੀਆਂ ਧਮਕੀਆਂ ਦਿੰਦੀ ਹੈ। ਅਕਾਲੀ ਸੁਪਰੀਮੋ ਨੇ ਕੱਲ ਮੁੱਖ ਮੰਤਰੀ ਨੂੰ ਮਿਲਣ ਗਏ ਕਿਸਾਨ ਆਗੂਆਂ ਦਾ ਅਪਮਾਨ ਕਰਨ ਵਾਸਤੇ ਵੀ ਸਰਕਾਰ ਦੀ ਨਿੰਦਾ ਕੀਤੀ।
ਬਾਦਲ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਮੁਕੰਮਲ ਕਰਜ਼ਾ ਮੁਆਫੀ ਦੇ ਮੁੱਦੇ ਉਤੇ ਲਗਾਤਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਪ੍ਰਭਾਵ ਦਿੱਤਾ ਗਿਆ ਸੀ ਕਿ ਗੁਰਦਾਸਪੁਰ ਪਾਰਲੀਮਾਨੀ ਜ਼ਿਮਨੀ ਚੋਣ ਮਗਰੋਂ ਤੁਰੰਤ ਕਰਜ਼ਾ ਮੁਆਫੀ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਪਰ ਹੁਣ ਚੋਣ ਮਗਰੋਂ ਸਰਕਾਰ ਨੇ ਫਿਰ ਇਸ ਮੁੱਦੇ ਉੁਤੇ ਚੁੱਪੀ ਧਾਰ ਲਈ ਹੈ। ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਦੱਸਣ ਤੋਂ ਇਨਕਾਰ ਕਰ ਦਿੱਤਾ ਕਿ ਕਰਜ਼ਾ ਮੁਆਫੀ ਬਾਰੇ ਨੋਟੀਫਿਕੇਸ਼ਨ ਕਦੋਂ ਜਾਰੀ ਕੀਤਾ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਸਰਕਾਰ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਵਾਸਤੇ ਤੁਰੰਤ ਕਿਸਾਨਾਂ ਨੂੰ 5 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਫੰਡ ਜਾਰੀ ਕਰਨ ਲਈ ਆਖਿਆ।


Related News