ਨੌਜਵਾਨ ਨੇ ਗੁਆਂਢੀ ਨੂੰ ਮਾਰ ਦੇਣ ਦੀ ਨੀਅਤ ਨਾਲ ਪਿਲਾਈ ਜ਼ਹਿਰੀਲੀ ਦਵਾਈ, 1 ਨਾਮਜ਼ਦ

08/15/2017 2:05:56 AM

ਮੋਗਾ, (ਆਜ਼ਾਦ)- ਜ਼ਿਲੇ ਦੇ ਪਿੰਡ ਰੋਡੇ ਨਿਵਾਸੀ ਸੁਖਵਿੰਦਰ ਸਿੰਘ ਨੂੰ ਉਸ ਦੇ ਗੁਆਂਢੀ ਵੱਲੋਂ ਹੀ ਉਸ ਨੂੰ ਕੋਈ ਜ਼ਹਿਰੀਲੀ ਦਵਾਈ ਪਿਲਾ ਕੇ ਮਾਰ ਦੇਣ ਦਾ ਯਤਨ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਹਾਲਤ ਨਾਜ਼ੁਕ ਹੋਣ 'ਤੇ ਉਸ ਨੂੰ ਡੀ. ਐੱਮ. ਸੀ. ਲੁਧਿਆਣਾ ਦਾਖਲ ਕਰਵਾਉਣਾ ਪਿਆ। 
ਕੀ ਹੈ ਸਾਰਾ ਮਾਮਲਾ
ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਗੁਰਚਰਨ ਸਿੰਘ ਪੁੱਤਰ ਸੱਗੜ ਸਿੰਘ ਨੇ ਦੱਸਿਆ ਕਿ ਉਸ ਦੇ ਬੇਟੇ ਸੁਖਵਿੰਦਰ ਸਿੰਘ ਦਾ ਵਿਆਹ ਕਰੀਬ 3-4 ਸਾਲ ਪਹਿਲਾਂ ਹੋਇਆ ਸੀ, ਜਿਸ ਦਾ ਇਕ ਬੱਚਾ ਹੈ। ਦੋਸ਼ੀ ਦਲਜੀਤ ਸਿੰਘ ਪੁੱਤਰ ਨੇਕ ਸਿੰਘ, ਜੋ ਉਨ੍ਹਾਂ ਦਾ ਗੁਆਂਢੀ ਹੈ, ਉਸ ਨੂੰ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਉਸ ਦੇ ਮੇਰੀ ਨੂੰਹ ਨਾਲ ਨਾਜਾਇਜ਼ ਸੰਬੰਧ ਹਨ। ਅਸੀਂ ਕਈ ਵਾਰ ਉਨ੍ਹਾਂ ਨੂੰ ਸਮਝਾਉਣ ਦਾ ਯਤਨ ਵੀ ਕੀਤਾ, ਜਿਸ ਕਾਰਨ ਉਹ ਸਾਡੇ ਨਾਲ ਰੰਜਿਸ਼ ਰੱਖ ਰਿਹਾ ਸੀ। ਉਸ ਨੇ ਦੱਸਿਆ ਕਿ ਜਦੋਂ ਮੈਂ ਆਪਣੇ ਬੇਟੇ ਨਾਲ ਖੇਤਾਂ 'ਚੋਂ ਹਰਾ ਚਾਰਾ ਕੱਟ ਕੇ ਵਾਪਸ ਘਰ ਨੂੰ ਆ ਰਿਹਾ ਸੀ ਤਾਂ ਦੋਸ਼ੀ ਦਲਜੀਤ ਸਿੰਘ ਨੇ ਰੰਜਿਸ਼ ਕਾਰਨ ਮੇਰੇ ਬੇਟੇ ਨੂੰ ਜਾਨੋਂ ਮਾਰ ਦੇਣ ਦੀ ਨੀਅਤ ਨਾਲ ਕੋਲਡ ਡਰਿੰਕਸ 'ਚ ਕੋਈ ਜ਼ਹਿਰੀਲੀ ਦਵਾਈ ਮਿਲਾ ਕੇ ਉਸ ਨੂੰ ਪਿਲਾ ਦਿੱਤੀ, ਜਿਸ ਨਾਲ ਉਸ ਦੀ ਹਾਲਤ ਖਰਾਬ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਉਸ ਨੂੰ ਡੀ. ਐੱਮ. ਸੀ. ਲੁਧਿਆਣਾ ਰੈਫਰ ਕਰ ਦਿੱਤਾ। 
ਕੀ ਹੋਈ ਪੁਲਸ ਕਾਰਵਾਈ
ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਮੰਗਲ ਸਿੰਘ ਨੇ ਦੱਸਿਆ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀ ਦਲਜੀਤ ਸਿੰਘ ਖਿਲਾਫ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਆਸ-ਪਾਸ ਦੇ ਲੋਕਾਂ ਕੋਲੋਂ ਵੀ ਪੁੱਛਗਿੱਛ ਕਰ ਕੇ ਇਸ ਮਾਮਲੇ ਦੀ ਸੱਚਾਈ ਜਾਣਨ ਦਾ ਯਤਨ ਕੀਤਾ ਜਾ ਰਿਹਾ ਹੈ। ਦੋਸ਼ੀ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।


Related News