ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਪੰਜਾਬ ਇਕਾਈ ਨੇ ਕੇਂਦਰ ਸਰਕਾਰ ਖ਼ਿਲਾਫ਼ ਉਲੀਕਿਆ ਸੰਘਰਸ਼

06/30/2020 11:12:06 AM

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਪੰਜਾਬ ਇਕਾਈ ਦੀਆਂ 10 ਕਿਸਾਨ ਜਥੇਬੰਦੀਆਂ ਦੀ ਸਾਂਝੀ-ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ, ਲੁਧਿਆਣਾ ਵਿਖੇ ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਦੇ ਸੂਬਾ-ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਉਪਰੰਤ ਕਾਰਵਾਈ ਰਿਪੋਰਟ ਜਾਰੀ ਕਰਦਿਆਂ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੂਲਦੂ ਸਿੰਘ ਮਾਨਸਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਡਾ. ਦਰਸ਼ਨਪਾਲ, ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ ਆਦਿ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ‘ਤੇ ਤਿੰਨ ਆਰਡੀਨੈਂਸ ਲਿਆਂਦੇ ਹਨ। ਲਿਆਂਦੇ ਗਏ ਇਹ ਤਿੰਨ ਆਰਡੀਨੈਂਸਾਂ ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020 ਅਤੇ ਜ਼ਰੂਰੀ ਵਸਤਾਂ (ਸੋਧ) ਆਰਡੀਨੈਂਸ-2020 ਅਤੇ ਬਿਜਲੀ-ਐਕਟ-2020 ਨੂੰ ਕਿਸਾਨ ਅਤੇ ਖੇਤੀਬਾੜੀ ਨਾਲ ਜੁੜੇ ਸਾਰੇ ਵਰਗਾਂ ਸਮੇਤ ਸੰਘੀ ਢਾਂਚੇ ਤਹਿਤ ਮਿਲੇ ਸੂਬੇ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਕਰਾਰ ਦਿੱਤਾ। ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਸਬੰਧੀ ਸਾਂਝੀ ਕਨਵੈਨਸ਼ਨ 6 ਜੁਲਾਈ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਬੁਲਾ ਲਈ ਗਈ ਹੈ। ਇਸ ਕਨਵੈਨਸ਼ਨ ਨੂੰ ਉੱਘੇ-ਅਰਥ-ਸ਼ਾਸ਼ਤਰੀ ਡਾ. ਸੁੱਚਾ ਸਿੰਘ ਗਿੱਲ ਸੰਬੋਧਨ ਕਰਨਗੇ।  

ਲਗਾਤਾਰ ਵਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਦੇਸ਼ ਦੀ ਜਨਤਾ ਦੀ ਥਾਂ ਅੰਬਾਨੀਆਂ-ਅਡਾਨੀਆਂ ਵਰਗੇ ਵੱਡੇ ਕਾਰਪੋਰੇਟ ਘਰਾਨਿਆਂ ਦੀ ਜ਼ਿਆਦਾ ਫ਼ਿਕਰ ਹੈ। ਤੇਲ ਦੀਆਂ ਕੀਮਤਾਂ ਦੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਜਥੇਬੰਦੀਆਂ ਨੇ 30 ਜੂਨ ਨੂੰ ਸੂਬੇ ਭਰ 'ਚ ਪੈਟਰੋਲ ਪੰਪਾਂ 'ਤੇ ਇਕੱਠੇ ਹੋ ਕੇ ਰੋਸ-ਪ੍ਰਗਟਾਉਣ ਦਾ ਸੱਦਾ ਦਿੱਤਾ ਹੈ। ਕਿਸਾਨੀ ਮਸਲਿਆਂ 'ਤੇ ਸਾਂਝੇ-ਸੰਘਰਸ਼ ਦਾ ਦਾਇਰਾ ਵਿਸ਼ਾਲ ਕਰਨ ਲਈ ਜਥੇਬੰਦੀਆਂ ਦੀ ਸਾਂਝੀ ਮੀਟਿੰਗ 1 ਜੁਲਾਈ ਨੂੰ ਨਛੱਤਰ ਸਿੰਘ ਧਾਲੀਵਾਲ ਭਵਨ, ਮੋਗਾ ਵਿਖੇ ਹੋਵੇਗੀ।                                     

 ਕਿਸਾਨ ਆਗੂਆਂ ਵੱਖ-ਵੱਖ ਮਤੇ ਪੇਸ਼ ਕਰਦਿਆਂ ਤਾਲਾਬੰਦੀ ਦੌਰਾਨ ਉੱਤਰ-ਪ੍ਰਦੇਸ਼ ਤੇ ਉੱਤਰਾਖੰਡ ਦੇ ਆਬਾਦਕਾਰਾਂ ਨੂੰ ਉਜਾੜਨ ਦੀ ਨਿਖੇਧੀ ਕੀਤੀ, ਜਮਹੂਰੀ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨ ਆਗੂ ਨਿਰਭੈ ਸਿੰਘ ਢੁੱਡੀਕੇ ਤੇ ਸਾਥੀਆਂ ਨੂੰ ਪੰਜਾਬ ਪੁਲਸ ਵੱਲੋਂ ਗ੍ਰਿਫਤਾਰ ਕਰਨ ਦੀ ਨਿਖੇਧੀ ਕਰਦਿਆਂ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ, ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਸਬੰਧੀ ਪੰਜਾਬ ਕੈਬਨਿਟ ਵੱਲੋਂ ਲਏ ਫੈਸਲੇ ਨੂੰ ਵਾਪਿਸ ਲੈਣ ਅਤੇ ਅਕਾਲੀ-ਭਾਜਪਾ ਸਰਕਾਰ ਵੱਲੋਂ ਨਿੱਜੀ ਕੰਪਨੀਆਂ ਨਾਲ ਕੀਤੇ ਬਿਜਲੀ-ਸਮਝੌਤੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ। 10 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇੱਕਜੁੱਟਤਾ ਪ੍ਰਗਟ ਕਰਦਿਆਂ ਪੰਜਾਬ ਦੀ ਕਿਸਾਨੀ ਨੂੰ ਕੇਂਦਰ ਸਰਕਾਰ ਦੇ ਲੋਕ-ਵਿਰੋਧੀ ਫੈਸਲਿਆਂ ਖ਼ਿਲਾਫ਼ ਸਾਂਝੇ ਸੰਘਰਸ਼ ਕਰਨ ਲਈ ਜੁੱਟ ਜਾਣ ਦਾ ਸੱਦਾ ਦਿੱਤਾ। ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਭੀਖੀ, ਗੌਰਾ ਸਿੰਘ ਭੈਣੀਬਾਘਾ, ਮਨਜੀਤ ਸਿੰਘ ਧਨੇਰ, ਗੁਰਮੀਤ ਸਿੰਘ ਮਹਿਮਾ, ਪਰਗਟ ਸਿੰਘ ਜਾਮਾਰਾਏ, ਚਮਕੌਰ ਸਿੰਘ, ਹਰਜੀਤ ਸਿੰਘ ਰਵੀ ਅਤੇ ਨਿਰਵੈਰ ਸਿੰਘ ਡਾਲੇਕੇ ਨੇ ਵੀ ਵਿਚਾਰ ਚਰਚਾਵਾਂ ਵਿੱਚ ਆਪਣੇ ਆਪਣੇ ਕੀਮਤੀ ਵਿਚਾਰਾਂ ਦਾ ਪ੍ਰਗਟਾਵਾ ਕੀਤਾ।


rajwinder kaur

Content Editor

Related News