30 ਕਿਸਾਨ-ਜਥੇਬੰਦੀਆਂ ਦੀ ਹੋਈ ਬੈਠਕ, 'ਦਿੱਲੀ ਚੱਲੋ' ਦੇ ਸੱਦੇ ਦੀ ਤਿਆਰੀ ਸਬੰਧੀ ਲਏ ਅਹਿਮ ਫ਼ੈਸਲੇ

11/13/2020 9:48:41 AM

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - 30 ਕਿਸਾਨ-ਜਥੇਬੰਦੀਆਂ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਸਾਂਝੀ-ਮੀਟਿੰਗ ਦੌਰਾਨ ਕੇਂਦਰ-ਸਰਕਾਰ ਦੇ ਗੱਲਬਾਤ ਦੇ ਸੱਦੇ ਨੂੰ ਸਵੀਕਾਰ ਕੀਤਾ ਗਿਆ। ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕਰੀਬ 5 ਘੰਟੇ ਲੰਬੀ ਵਿਚਾਰ-ਚਰਚਾ ਹੋਈ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਵਿਖੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪਿਊਸ਼ ਗੋਇਲ ਨਾਲ ਮੀਟਿੰਗ ਲਈ ਤਿੰਨ ਬੁਲਾਰੇ- ਡਾ. ਦਰਸ਼ਨਪਾਲ, ਬਲਬੀਰ ਸਿੰਘ ਰਾਜੇਵਾਲ ਅਤੇ ਕੁਲਵੰਤ ਸਿੰਘ ਸੰਧੂ ਤੈਅ ਕੀਤੇ ਗਏ ਹਨ, ਜਦੋਂਕਿ ਮੀਟਿੰਗ ਦੌਰਾਨ ਸਾਰੀਆਂ 30 ਕਿਸਾਨ-ਜਥੇਬੰਦੀਆਂ ਦੀ ਸ਼ਮੂਲੀਅਤ ਹੋਵੇਗੀ। 

ਪੜ੍ਹੋ ਇਹ ਵੀ ਖ਼ਬਰ - ਸਟੂਡੈਂਟ ਸਪਾਊਸ ਦੇ ਓਪਨ ਵਰਕ ਪਰਮਿਟ ਜਾਣੋਂ ਕਿਉਂ ਹੋ ਰਹੇ ਨੇ ‘ਧੜਾਧੜ ਰਿਫਿਊਜ’

ਬੁਰਜ਼ਗਿੱਲ ਹੁਣਾਂ ਨੇ ਦੱਸਿਆ ਕਿ ਕਿਸਾਨ-ਜਥੇਬੰਦੀਆਂ ਨੇ ਦੇਸ਼-ਭਰ ਦੀਆਂ ਕਰੀਬ 500 ਜਥੇਬੰਦੀਆਂ ਦੀ ਅਗਵਾਈ 'ਚ 26-27 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਦਿੱਤੇ ਦਿੱਲੀ-ਚੱਲੋ ਦੇ ਸੱਦੇ 'ਤੇ ਤਿਆਰੀ ਦੀ ਸਮੀਖਿਆ ਕੀਤੀ। ਟਰੈਕਟਰ-ਟਰਾਲੀਆਂ ਦੇ ਵੱਡੇ ਕਾਫ਼ਲਿਆਂ ਨਾਲ ਲੱਖਾਂ ਦੀ ਗਿਣਤੀ 'ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ। ਸਾਰੀਆਂ ਜਥੇਬੰਦੀਆਂ ਨੇ ਦਿੱਲੀ-ਪੁਲਸ ਵੱਲੋਂ ਕਿਸਾਨਾਂ ਦੇ ਇਕੱਠ ਸਬੰਧੀ ਕੋਰੋਨਾ ਦਾ ਹਵਾਲਾ ਦਿੰਦਿਆਂ ਪਾਬੰਦੀਆਂ ਮੜ੍ਹਨ ਦੀ ਨਿਖੇਧੀ ਕੀਤੀ। 

ਪੜ੍ਹੋ ਇਹ ਵੀ ਖ਼ਬਰ - Diwali 2020 : ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੇ ਤਿਉਹਾਰਾਂ ਦੀ ਜਾਣੋ ਤਾਰੀਖ਼ ਅਤੇ ਸ਼ੁੱਭ ਮਹੂਰਤ

ਆਗੂਆਂ ਨੇ ਕਿਹਾ ਕਿ ਬਿਹਾਰ ਚੋਣਾਂ ਵੇਲ਼ੇ ਭਾਜਪਾ ਵੱਡੀਆਂ-ਵੱਡੀਆਂ ਰੈਲੀਆਂ ਕੀਤੀਆਂ ਗਈਆਂ, ਪਰ ਹੁਣ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਪਾਬੰਦੀਆਂ ਮੜ੍ਹੀਆਂ ਜਾ ਰਹੀਆਂ ਹਨ। ਦੇਸ਼ ਦੇ ਕਿਸਾਨ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦਾ ਮੂੰਹ ਤੋੜ ਜਵਾਬ ਦੇਣਗੇ। ਮੀਟਿੰਗ ਦੌਰਾਨ ਕਿਸਾਨ-ਜਥੇਬੰਦੀਆਂ ਨੇ ਫ਼ੈਸਲਾ ਕੀਤਾ ਕਿ ਦੀਵਾਲੀ ਮੌਕੇ ਕਿਸਾਨ ਪੱਕੇ-ਮੋਰਚਿਆਂ 'ਤੇ ਡਟੇ ਰਹਿਣਗੇ, ਮੋਰਚਿਆਂ 'ਤੇ ਮਸ਼ਾਲਾਂ ਜਗਾਉਂਦਿਆਂ, ਦੀਵਾਲੀ ਮਨਾਉਂਦਿਆਂ ਘੋਲ਼ ਨੂੰ ਚੜ੍ਹਦੀਕਲਾ 'ਚ ਰੱਖਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - Diwali 2020 : ਦੀਵਾਲੀ ਦੇ ਮੌਕੇ ਜਾਣੋ ਕੀ ਕਰਨਾ ਹੁੰਦੈ ‘ਸ਼ੁੱਭ’ ਅਤੇ ਕੀ ਨਾ ਕਰਨਾ ਹੈ ‘ਅਸ਼ੁੱਭ’

ਕਿਸਾਨ-ਜਥੇਬੰਦੀਆਂ ਨੇ ਪੰਜਾਬ-ਸਰਕਾਰ ਤੋਂ ਮੰਗ ਕੀਤੀ ਕਿ ਗੰਨੇ ਦੀ ਬਕਾਇਆ ਰਾਸ਼ੀ ਕਿਸਾਨਾਂ ਨੂੰ ਤੁਰੰਤ ਜਾਰੀ ਕਰਵਾਈ ਜਾਵੇ ਅਤੇ ਰੇਟ ਘੱਟੋ-ਘੱਟ 350 ਰੁਪਏ ਤੈਅ ਹੋਵੇ। ਜਥੇਬੰਦੀਆਂ ਨੇ ਮੰਗ ਕੀਤੀ ਕਿ ਜੇਲ੍ਹਾਂ 'ਚ ਨਜ਼ਬੰਦ ਬੁੱਧੀਜੀਵੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਸਰਕਾਰ ਆਲੋਚਕਾਂ ਦੀਆਂ ਆਵਾਜ਼ਾਂ ਨੂੰ ਦਬਾਉਣਾ ਬੰਦ ਕਰੇ। ਜਥੇਬੰਦੀਆਂ ਦੀ ਅਗਲੀ ਮੀਟਿੰਗ 18 ਨਵੰਬਰ ਨੂੰ ਮੁੜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਹੋਵੇਗੀ। 

ਪੜ੍ਹੋ ਇਹ ਵੀ ਖ਼ਬਰ - Dhanteras 2020: ਧਨਤੇਰਸ 'ਤੇ ਕੀ ਖ਼ਰੀਦਣਾ ਸ਼ੁੱਭ ਹੁੰਦਾ ਹੈ ਤੇ ਕੀ ਨਹੀਂ, ਜਾਣਨ ਲਈ ਪੜ੍ਹੋ ਇਹ ਖ਼ਬਰ


rajwinder kaur

Content Editor

Related News