ਕਣਕ ਦੀ ਨਾੜ ਨੂੰ ਸਾੜਨ ਵਾਲੇ ਕਿਸਾਨਾਂ ਨੂੰ ਹੋਵੇਗਾ ਜ਼ੁਰਮਾਨਾ

03/27/2017 4:14:46 PM

ਸੰਗਰੂਰ, (ਵਿਵੇਕ ਸਿੰਧਵਾਨੀ, ਯਾਦਵਿੰਦਰ)—ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਹਿੱਤ ਸ਼੍ਰੀ ਅਮਰ ਪ੍ਰਤਾਪ ਸਿੰਘ ਵਿਰਕ ਡਿਪਟੀ ਕਮਿਸ਼ਨਰ ਸੰਗਰੂਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਸੰਗਰੂਰ ਵੱਲੋਂ ਫਸਲਾਂ ਦੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਰਾਤ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕਰਨ ਲਈ ਜ਼ਿਲਾ ਪੱਧਰੀ ਵਿਸ਼ੇਸ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਪ੍ਰਚਾਰ ਵੈਨ ਨੂੰ ਝੰਡੀ ਦੇ ਕੇ ਰਵਾਨਾਂ ਕਰਨ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰੇਕ ਪਿੰਡ ਅਤੇ ਸ਼ਹਿਰ ਵਿੱਚ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲੇ ਕਿਸਾਨਾਂ ਦੇ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਸ. ਜਗਤਾਰ ਸਿੰਘ ਬਰਾੜ ਨੇ ਦੱਸਿਆ ਕਿ ਵਿਭਾਗ ਵੱਲੋਂ ਜ਼ਿਲੇ ਅੰਦਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ 5 ਵੈਨਾਂ ਰਵਾਨਾ ਕੀਤੀਆਂ ਗਈਆਂ ਹਨ, ਜਿਨ੍ਹਾਂ ਅੰਦਰ ਬਕਾਇਦਾ ਆਡਿਓ ਕੈਸਟ ਅਤੇ ਪੋਸਟਰਾਂ ਰਾਹੀ ਦੂਰ-ਦੂਰਾਡੇ ਪਿੰਡਾਂ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 2 ਏਕੜ ਤੱਕ ਦੇ ਜ਼ਮੀਨ ਮਾਲਕ ਨੂੰ ਇੱਕ ਵਾਰ ਅੱਗ ਲਗਾਉਣ ਤੇ 2500 ਰੁਪਏ, 2 ਏਕੜ ਤੋ 5 ਏਕੜ ਤੱਕ ਦੇ ਕਿਸਾਨ ਨੂੰ ਇੱਕ ਵਾਰ ਅੱਗ ਲਗਾਉਣ ''ਤੇ 5000 ਰੁਪਏ ਅਤੇ 5 ਏਕੜ ਤੋ ਉਪਰ ਵਾਲੇ ਕਿਸਾਨਾਂ ਨੂੰ ਇੱਕ ਵਾਰ ਅੱਗ ਲਗਾਉਣ ''ਤੇ 15000 ਰੁਪਏ ਦਾ ਜ਼ੁਰਮਾਨਾਂ ਬਤੌਰ ਵਾਤਾਵਰਣ ਦੂਸਿਤ ਕਰਨ ਦੀ ਭਰਪਾਈ ਲਈ ਅਦਾ ਕਰਨਾ ਪਵੇਗਾ।  ਪ੍ਰਚਾਰ ਵੈਨ ਰਵਾਨਾ ਕਰਨ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀਮਤੀ ਪੂਨਮਦੀਪ ਕੌਰ ਵੀ ਹਾਜ਼ਰ ਸਨ।

Related News