ਜ਼ਿਲੇ ਅੰਦਰ ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਨੂੰ ਸ਼ੁਰੂ ਹੋਵੇਗੀ

09/23/2016 4:32:51 PM

ਗੁਰਦਾਸਪੁਰ (ਦੀਪਕ, ਨਵੀਨ)—ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ, ਇਸ ਲਈ ਸੰਬੰਧਿਤ ਵਿਭਾਗਾਂ ਵਲੋਂ ਕੀਤੇ ਜਾ ਰਹੇ ਪ੍ਰਬੰਧ 30 ਸਤੰਬਰ ਤੱਕ ਮੁਕੰਮਲ ਕਰ ਲਏ ਜਾਣ। ਇਹ ਪ੍ਰਗਟਾਵਾ ਸ਼੍ਰੀ ਪ੍ਰਦੀਪ ਸੱਭਰਵਾਲ ਡਿਪਟੀ ਕਮਿਸ਼ਨਰ ਨੇ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲਾ ਫੂਡ ਸਪਲਾਈ ਤੇ ਕੰਟਰੋਲਰ ਵਿਭਾਗ, ਖੇਤੀ ਵਿਭਾਗ, ਮੰਡੀ ਬੋਰਡ , ਖਰੀਦ ਏਜੰਸੀਆਂ ਦੇ ਪ੍ਰਤੀਨਿਧ ਤੇ ਆੜ੍ਹਤੀਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।  
ਸੱਭਰਵਾਲ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਮੰਡੀ ਵਿਚ ਕਿਸਾਨਾਂ ਲਈ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਜਾਣ, ਕਿਸਾਨਾਂ ਲਈ ਪੀਣ ਲਈ ਸਾਫ ਪਾਣੀ, ਬੈਠਣ ਦਾ ਪ੍ਰਬੰਧ, ਬਾਰਦਾਨਾ, ਤਰਪਾਲਾਂ ਆਦਿ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਫਸਲ ਦੀ ਚੁਕਾਈ ਤੇ ਖਰੀਦ ਨੂੰ ਯਕੀਨੀ ਬਣਾਇਆ ਜਾਵੇ।  
ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਸਾਲ ਜ਼ਿਲੇ ਅੰਦਰ 3 ਲੱਖ 37 ਹਜ਼ਾਰ ਮੀਟਰਕ ਟਨ ਦੀ ਆਮਦ ਹੋਈ ਸੀ ਤੇ ਇਸ ਸਾਲ 4 ਲੱਖ 75 ਹਜ਼ਾਰ ਮੀਟਰਕ ਟਨ ਆਉਣ ਦੀ ਸੰਭਾਵਨਾ ਹੈ। ਜ਼ਿਲੇ ਵਿਚ ਕੁਲ 95 ਮੰਡੀਆਂ ਹਨ, ਜਿਨ੍ਹਾਂ ਵਿਚ ਝੋਨੇ ਦੀ ਖਰੀਦ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਝੋਨੇ ਦੀ ਤੁਲਾਈ ਪੂਰੀ ਕੀਤੀ ਜਾਵੇ ਅਤੇ ਕਿਸਾਨਾਂ ਦੀ ਕਿਸੇ ਪ੍ਰਕਾਰ ਦੀ ਖੱਜਲ-ਖੁਆਰੀ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਸੁੱਕੀ ਫਸਲ ਲੈ ਕੇ ਆਉਣ ਅਤੇ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।