ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਾਹਾ ਲੈਣ ਲਈ 10 ਸਤੰਬਰ ਤੱਕ ਕਰੋ ਇਹ ਕੰਮ

Monday, Sep 04, 2023 - 05:28 PM (IST)

ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਾਹਾ ਲੈਣ ਲਈ 10 ਸਤੰਬਰ ਤੱਕ ਕਰੋ ਇਹ ਕੰਮ

ਚੰਡੀਗੜ੍ਹ (ਹਰੀਸ਼ਚੰਦਰ) : ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ, ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਖੇਤਾਂ ਵਿਚ ਹੀ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ’ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ :  ਕੇਂਦਰ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਕਪੂਰਥਲਾ ਜ਼ਿਲ੍ਹੇ ਦੀ ਵੀ ਹੋਈ ਚੋਣ

ਇਹ ਜਾਣਕਾਰੀ ਸਾਂਝੀ ਕਰਦਿਆਂ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵਲੋਂ ਸਬਸਿਡੀ ’ਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ-ਪੱਤਰ ਮੰਗੇ ਗਏ ਹਨ। ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ 10 ਸਤੰਬਰ, 2023 ਤੱਕ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਵਿਅਕਤੀਗਤ ਕਿਸਾਨਾਂ ਨੂੰ 40,000 ਰੁਪਏ ਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ, ਜਦੋਂਕਿ ਕਸਟਮਰ ਹਾਇਰਿੰਗ ਸੈਂਟਰ ਸਰਫੇਸ ਸੀਡਰ ਦੀ ਖ਼ਰੀਦ ’ਤੇ 64,000 ਰੁਪਏ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ।

ਇਹ ਵੀ ਪੜ੍ਹੋ : ਜਲੰਧਰ ਦੇ ਇਸ ਮਸ਼ਹੂਰ ਸ਼ਾਪਿੰਗ ਮਾਲ 'ਚ ਚੱਲ ਰਿਹੈ 'ਗੰਦਾ ਧੰਦਾ', ਅੰਦਰ ਦੀ ਵੀਡੀਓ ਵਾਇਰਲ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸੂਬੇ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਮਾਮਲਿਆਂ ਨੂੰ ਜ਼ੀਰੋ ’ਤੇ ਲਿਆਉਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ.) ਸਬੰਧੀ ਹੋਰ ਮਸ਼ੀਨਰੀ ਦੀ ਖ਼ਰੀਦ ’ਤੇ ਵੀ ਸਬਸਿਡੀਆਂ ਦੇ ਰਹੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫ੍ਰੀ ਨੰਬਰ 1800-180-1551 ’ਤੇ ਕਾਲ ਕਰ ਸਕਦੇ ਹਨ ਜਾਂ ਆਪੋ-ਆਪਣੇ ਜ਼ਿਲ੍ਹਿਆਂ ਵਿਚ ਖੇਤੀਬਾੜੀ ਦਫ਼ਤਰ ਜਾ ਸਕਦੇ ਹਨ।

ਇਹ ਵੀ ਪੜ੍ਹੋ : ਐਕਵਾਇਰ ਜ਼ਮੀਨ ਬਦਲੇ ਵੱਧ ਮੁਆਵਜ਼ਾ ਅਦਾ ਕਰਨ 'ਤੇ ਸ਼ੱਕ ਦੇ ਘੇਰੇ 'ਚ ਵੱਡੇ ਅਧਿਕਾਰੀ

ਗੁਰਮੀਤ ਸਿੰਘ ਖੁੱਡੀਆਂ ਨੇ ਇਸ ਕਦਮ ਨੂੰ ਕਿਸਾਨਾਂ ਲਈ ਕਿਫ਼ਾਇਤੀ ਕਰਾਰ ਦਿੰਦਿਆਂ ਕਿਹਾ ਕਿ ਕਿਸਾਨ ਮਸ਼ੀਨੀਕਰਨ ਨੂੰ ਅਪਣਾ ਕੇ ਆਪਣੀ ਆਮਦਨ ਵਿਚ ਵਾਧਾ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਬਚਾ ਸਕਦੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harnek Seechewal

Content Editor

Related News