ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਿਸਾਨਾਂ ਲਈ ਅਰਜ਼ੀਆਂ ਦੇਣ ਦੀ ਤਾਰੀਖ਼ 5 ਅਗਸਤ ਤੱਕ ਵਧੀ

Monday, Jul 27, 2020 - 12:07 PM (IST)

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਿਸਾਨਾਂ ਲਈ ਅਰਜ਼ੀਆਂ ਦੇਣ ਦੀ ਤਾਰੀਖ਼ 5 ਅਗਸਤ ਤੱਕ ਵਧੀ

ਚੰਡੀਗੜ੍ਹ (ਸ਼ਰਮਾ) - ਸੂਬੇ ਦੇ 9.50 ਲੱਖ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਅਰਜ਼ੀਆਂ ਦੇਣ ਦਾ ਸਮਾਂ ਵਧਾ 5 ਅਗਸਤ, 2020 ਤੱਕ ਕਰ ਦਿੱਤਾ ਹੈ। ਅਜਿਹਾ ਤਾਂ ਕੀਤਾ ਗਿਆ ਤਾਂਕਿ ਕੋਈ ਵੀ ਕਿਸਾਨ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਇਹ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਯੋਗ ਕਿਸਾਨਾਂ ਪਾਸੋਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਘੋਸ਼ਣਾ ਪੱਤਰ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਏ ਕੋਲ 24 ਜੁਲਾਈ ਤੱਕ ਜਮ੍ਹਾਂ ਕਰਵਾਉਣ ਦੀ ਤਰੀਕ ਮਿੱਥੀ ਗਈ ਸੀ, ਜਿਸ ਨੂੰ ਹੁਣ ਵਧਾ ਕੇ 5 ਅਗਸਤ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ, ਜਿਨ੍ਹਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ।

ਬੁਲਾਰੇ ਨੇ ਦੱਸਿਆ ਕਿ ਸਾਲ 2020-21 ਦੌਰਾਨ 8.70 ਲੱਖ ‘ਜੇ’ ਫਾਰਮ ਹੋਲਡਰ ਕਿਸਾਨਾਂ ਅਤੇ 80,000 ਗੰਨਾ ਉਤਪਾਦਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ। ਮੰਡੀ ਬੋਰਡ ਵਲੋਂ ਇਕ ਜਨਵਰੀ, 2020 ਨੂੰ ਅਤੇ ਉਸ ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਨ੍ਹਾਂ ਦੀ ਖੇਤੀਬਾੜੀ ਉਪਜ ਵੇਚਣ ਲਈ ‘ਜੇ’ ਫਾਰਮ ਹੋਲਡਰਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਇਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ 80,000 ਗੰਨਾ ਉਤਪਾਦਕ ਹਨ, ਜੋ ਇਸ ਯੋਜਨਾ ਲਈ ਯੋਗ ਮੰਨੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਸਾਰੇ 9.50 ਲੱਖ ਕਿਸਾਨ ਤੇ ਉਨ੍ਹਾਂ ਦੇ ਪਰਿਵਾਰ 20 ਅਗਸਤ, 2020 ਜਿਸ ਦਿਨ ਇਹ ਸਕੀਮ ਲਾਗੂ ਹੋਣੀ ਹੈ, ਦਾ ਲਾਭ ਲੈਣ ਦੇ ਹੱਕਦਾਰ ਬਣ ਜਾਣਗੇ ।

ਬੁਲਾਰੇ ਨੇ ਦੱਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਾਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਦੁਰਘਟਨਾ ਆਦਿ ਦੇ ਕੇਸਾਂ ਵਰਗੇ ਵੱਡੇ ਅਾਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬੀਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ। ਬੁਲਾਰੇ ਨੇ ਦੱਸਿਆ ਕਿ ਇਛੁੱਕ ਕਿਸਾਨਾਂ ਵਲੋਂ ਸਵੈ-ਘੋਸ਼ਣਾ ਪੱਤਰ ਵਾਲਾ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਆ ਫਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫੇਰ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟ www.mandiboard.nic.in ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਬੁਲਾਰੇ ਨੇ ਦੱਸਿਆ ਕਿ ਕੋਈ ਵੀ ਹੋਰ ਜਾਣਕਾਰੀ ਹਾਸਲ ਕਰਨ ਲਈ ਟੋਲ ਫ੍ਰੀ ਨੰਬਰ 1800-180-1551 ’ਤੇ ਸੰਪਰਕ ਕੀਤਾ ਜਾ ਸਕਦਾ ਹੈ।


author

rajwinder kaur

Content Editor

Related News