ਝੋਨੇ ਦੇ ਪਰਾਲ ਨੂੰ ਸਾੜਨ ਤੋਂ ਰੋਕਣ ਲਈ ਮਿਸ਼ਨ ਮੋਡ ’ਚ ਕੀਤਾ ਜਾਵੇ ਕੰਮ: ਡਾ.ਜਸਵੰਤ ਰਾਏ

10/05/2022 7:43:22 PM

ਜ਼ਿਲ੍ਹਾ ਜਲੰਧਰ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ. ਜਸਵੰਤ ਰਾਏ ਨੇ ਸਮੂਹ ਅਧਿਕਾਰੀਆਂ ਦਾ ਜ਼ਿਲ੍ਹਾ ਪੱਧਰ ਦੇ ਕਿਸਾਨ ਸਿਖਲਾਈ ਕੈਂਪ ਦੀ ਕਾਮਯਾਬੀ ’ਤੇ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਸਮੂਹ ਬਲਾਕਾਂ ਵਿੱਚ ਕੰਮ ਕਰ ਰਹੇ ਕਰਮਚਾਰੀ ਕਿਸਾਨਾਂ ਨਾਲ ਰਾਬਤਾ ਕਾਇਮ ਕਰਦੇ ਹੋਏ ਝੋਨੇ ਦੀ ਪਰਾਲੀ ਦੀ ਸੁੱਚਜੀ ਸੰਭਾਲ ਲਈ ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਪ੍ਰੇਰਿਤ ਕਰਨ। ਜ਼ਿਲ੍ਹੇ ਵਿੱਚ ਆਈ.ਈ.ਸੀ. ਮੱਦ ਤਹਿਤ 180 ਪਿੰਡ ਪੱਧਰ ਦੇ ਕੈਂਪ ਲਗਾਏ ਜਾਣਗੇ, ਜਿਨ੍ਹਾਂ ’ਚੋਂ ਹੁਣ ਤੱਕ 80 ਕੈਂਪ ਲਗਾਏ ਜਾ ਚੁੱਕੇ ਹਨ। 

ਇਸੇ ਤਰਾਂ ਵੱਖ-ਵੱਖ ਪਿੰਡਾਂ ’ਚ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਸੁਨੇਹੇ ਦੇਣ ਵਾਸਤੇ 900 ਵਾਲ ਪਟਟਿੰਗਜ਼ ਕਰਵਾਉਣ ਦੇ ਪ੍ਰੋਗਰਾਮ ਤਹਿਤ ਹੁਣ ਤੱਕ 600 ਵਾਲ ਪੇਟਿੰਗਜ਼ ਲਗਵਾਈਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਮੁੱਚੀ ਜਾਗਰੂਕਤਾ ਮੁਹਿੰਮ ਦੀ ਸਪੈਸ਼ਲ ਸੈਲ ਵੱਲੋਂ ਰਾਜ ਪੱਧਰ ਤੋਂ ਮੋਨਿਟਰਿੰਗ ਕੀਤੀ ਜਾ ਰਹੀ ਹੈ। ਇਸ ਬਾਰੇ ਸਮੂਹ ਅਧਿਕਾਰੀ ਕੀਤੇ ਜਾ ਰਹੇ ਕੰਮਾਂ ਦੀ ਰੋਜ਼ਾਨਾ ਰਿਪੋਰਟਿੰਗ ਕਰਨ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਦੀ ਸੰਭਾਲ ਬਾਰੇ ਵਿਆਪਕ ਪੱਧਰ ’ਤੇ ਪਿੰਡਾਂ ਵਿੱਚ ਟੂਰ ਕਰਦੇ ਹੋਏ ਕਿਸਾਨਾਂ ਨਾਲ ਵਿਸ਼ੇਸ਼ ਨੁਕੜ ਮੀਟਿੰਗਾਂ ਕੀਤੀਆਂ ਜਾਣ। ਮੀਟਿੰਗ ਵਿੱਚ ਡਾ.ਰਾਏ ਨੇ ਕਿਹਾ ਕਿ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਕੋਲ ਪਈ ਸਮੁੱਚੀ ਖੇਤੀ ਮਸ਼ੀਨਰੀ ਦੀ ਵਰਤੋਂ ਪਰਾਲ ਦੀ ਸੰਭਾਲ ਅਤੇ ਕਣਕ ਦੀ ਬਿਜਾਈ ਲਈ ਕਰਨੀ ਵੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ 1094 ਕਿਸਾਨ ਗਰੁੱਪਾਂ, 49 ਸਹਿਕਾਰੀ ਸਭਾਵਾਂ ਅਤੇ 39 ਪੰਚਾਇਤਾਂ ਨੂੰ ਤਕਰੀਬਨ 2650 ਮਸ਼ੀਨਾਂ ਸਬਸਿਡੀ ’ਤੇ ਮੁਹਈਆਂ ਕਰਵਾ ਦਿੱਤੀਆਂ ਹਨ। ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਆਈ ਖੇਤ ਐਪ ਬਾਰੇ ਵੀ ਦੱਸਿਆ ਜਾਵੇ। ਇਸ ਦੇ ਸਬੰਧ ਵਿੱਚ ਮਾਨਯੋਗ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਵਿਸ਼ੇਸ਼ ਹਦਾਇਤਾਂ ਦਾ ਜ਼ਿਕਰ ਕਰਦੇ ਹੋਏ ਡਾ.ਰਾਏ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਨਾਲ ਤਾਲਮੇਲ ਕਰਦੇ ਹੋਏ ਸਹਿਕਾਰੀ ਸਭਾਵਾਂ, ਕਿਸਾਨ ਗਰੁਪਾਂ ਆਦਿ ਕੋਲ ਪਈ ਖੇਤੀ ਮਸ਼ੀਨਰੀ ਦੀ ਵਰਤੋਂ ਪੂਰੀ ਤਰਾਂ ਨਾਲ ਕਰਨੀ ਯਕੀਨੀ ਬਣਾਈ ਜਾਵੇ। ਇਸ ਬਾਰੇ ਰਿਕਾਰਡ ਮੈਨਟੇਨ ਕਰਨ ਲਈ ਵੀ ਕਿਹਾ ਜਾਵੇ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕੁਆਲਿਟੀ ਕੰਟਰੋਲ ਉਪਰਾਲਿਆਂ ਬਾਰੇ ਚੋਕਸ ਰਹਿਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਰੈਗੂਲਰ ਤੌਰ ’ਤੇ ਡੀਲਰਾਂ ਦੀ ਚੈਕਿੰਗ ਕੀਤੀ ਜਾਵੇ ਤਾਂ ਜੋ ਕਿਸਾਨਾਂ ਨਾਲ ਕੋਈ ਧੋਖਾ ਨਾ ਹੋ ਸਕੇ। 

ਮੀਟਿੰਗ ਵਿੱਚ ਡਾ.ਨਰੇਸ਼ ਕੁਮਾਰ ਗੁਲਾਟੀ ਜ਼ਿਲ੍ਹਾ ਸਿਖਲਾਈ ਅਫ਼ਸਰ ਕਪੂਰਥਲਾ ਕਮ ਖੇਤੀਬਾੜੀ ਅਫ਼ਸਰ ਜਲੰਧਰ ਨੇ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਗੁਰਦੁਆਰਿਆਂ ਤੋਂ ਰੋਜ਼ਾਨਾ ਸਵੇਰੇ-ਸ਼ਾਮ ਪਰਾਲੀ ਨੂੰ ਨਾ ਸਾੜਨ ਬਾਰੇ ਸੁਨੇਹੇ ਪ੍ਰਸਾਰਿਤ ਕਰਵਾਏ ਜਾਣ। ਮੀਟਿੰਗ ਵਿੱਚ ਡਾ.ਰਣਜੀਤ ਸਿੰਘ ਚੋਹਾਨ, ਡਾ. ਬਲਕਾਰ ਚੰਦ, ਡਾ. ਸੁਰਜੀਤ ਸਿੰਘ, ਡਾ.ਜਸਵਿੰਦਰ ਸਿੰਘ ਅਤੇ ਇੰਜ.ਨਵਦੀਪ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਖੇਤੀਬਾੜੀ ਅਧਿਕਾਰੀ ਡਾ. ਅਰੁਣ ਕੋਹਲੀ, ਡਾ .ਗੁਰਿੰਦਰਜੀਤ ਸਿੰਘ, ਡਾ .ਗੁਰਮੀਤ ਸਿੰਘ ਰਿਆੜ, ਡਾ. ਪ੍ਰਵੀਨ ਕੁਮਾਰੀ, ਡਾ. ਗੁਰਪ੍ਰੀਤ ਸਿੰਘ ਸਿੱਧੂ ਆਦਿ ਨੇ ਵੱਖ-ਵੱਖ ਸਕੀਮਾਂ ਅਧੀਨ ਖੇਤੀ ਵਿਕਾਸ ਕਾਰਜਾਂ ਦੀ ਰਿਪੋਰਟ ਮੀਟਿੰਗ ਵਿੱਚ ਪੇਸ਼ ਕੀਤੀ ਅਤੇ ਯਕੀਨ ਦੁਵਾਇਆ ਕਿ ਮੁੱਖ ਖੇਤੀਬਾੜੀ ਅਫ਼ਸਰ ਵੱਲੋ ਹਦਾਇਤਾਂ ਅਨੁਸਾਰ ਸਮੁੱਚੇ ਉਪਰਾਲੇ ਕਰਦੇ ਹੋਏ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਡਾ.ਨਰੇਸ਼ ਕੁਮਾਰ ਗੁਲਾਟੀ
ਖੇਤੀਬਾੜੀ ਅਫ਼ਸਰ ਕਮ ਸੰਪਰਕ ਅਫ਼ਸਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲੰਧਰ।


rajwinder kaur

Content Editor

Related News