ਅਟਾਰੀ ਨੂੰ ਬਣਾਇਆ ਜਾਵੇਗਾ ਪੰਜਾਬ ਦਾ ਪਹਿਲਾ ''ਸਮਾਰਟ ਪਿੰਡ'', ਮੰਤਰੀ ਧਾਲੀਵਾਲ ਨੇ ਕੀਤਾ ਅਹਿਮ ਐਲਾਨ

Friday, Feb 10, 2023 - 05:47 PM (IST)

ਅੰਮ੍ਰਿਤਸਰ/ਅਟਾਰੀ (ਨੀਰਜ) : ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 177ਵਾਂ ਸ਼ਹੀਦੀ ਦਿਹਾੜਾ ਅੱਜ ਅਟਾਰੀ ਸਮਾਧ ’ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਅਤੇ ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਸ਼ਾਮਲ ਹੋਏ। ਇਸ ਮੌਕੇ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੰਤਰੀ ਧਾਲੀਵਾਲ ਨੇ ਐਲਾਨ ਕੀਤਾ ਕਿ ਮਹਾਨ ਜਰਨੈਲ ਸ: ਸ਼ਾਮ ਸਿੰਘ ਅਟਾਰੀਵਾਲਾ ਦੇ ਪਿੰਡ ਅਟਾਰੀ ਨੂੰ ਪੰਜਾਬ ਦਾ ਪਹਿਲਾ ਸਮਾਰਟ ਪਿੰਡ ਬਣਾਇਆ ਜਾਵੇਗਾ। ਉਨ੍ਹਾਂ ਆਪਣੇ ਅਖਤਿਆਰੀ ਫੰਡਜ਼ ਵਿਚੋਂ ਪਿੰਡ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸ਼ਾਮ ਸਿੰਘ ਅਟਾਰੀਵਾਲਾ ਸਿੱਖ ਕੌਮ ਦੇ ਮਹਾਨ ਜਰਨੈਲ ਹੋਏ ਹਨ, ਜਿਨ੍ਹਾਂ ਦੀ ਸ਼ਹਾਦਤ ਆਉਣ ਨਵੀਂ ਪੀੜ੍ਹੀ ਲਈ ਚਾਨਣ ਮੁਨਾਰਾ ਰਹੇਗੀ। ਸ਼ਹੀਦ ਇਕ ਪਰਿਵਾਰ ਨਾਲ ਸਬੰਧਤ ਨਹੀਂ ਹੁੰਦੇ ਉਹ ਕੌਮ ਦਾ ਸਰਮਾਇਆ ਹੁੁੰਦੇ ਹਨ। ਮੰਤਰੀ ਧਾਲੀਵਾਲ ਨੇ ਕਿਹਾ ਕਿ ਸ਼ਾਮ ਸਿੰਘ ਅਟਾਰੀਵਾਲਾ ਨੇ 10 ਫਰਵਰੀ 1846 ਨੂੰ ਸਭਰਾਵਾਂ ਦੀ ਜੰਗ ਵਿਚ ਜਿਸ ਬਹਾਦਰੀ ਨਾਲ ਅੰਗਰੇਜ਼ੀ ਫੌਜਾਂ ਦਾ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਤਾ,ਉਹ ਆਪਣੇ-ਆਪ ਵਿਚ ਮਿਸਾਲ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਇਸ ਮਹਾਨ ਸ਼ਹੀਦ ਦੀ ਸ਼ਹਾਦਤ ਨੂੰ ਸਿਜਦਾ ਕਰਦੀ ਹੈ ਜਿਨ੍ਹਾਂ ਨੇ ਆਪਣੀ ਜਾਨ ਨੂੰ ਦੇਸ਼- ਕੌਮ ਲਈ ਕੁਰਬਾਨ ਕਰ ਦਿੱਤਾ। 

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਹੈਰਾਨ ਕਰੇਗੀ ਕੇਂਦਰ ਸਰਕਾਰ ਵਲੋਂ ਜਾਰੀ ਕੀਤੀ ਇਹ ਰਿਪੋਰਟ

ਸੰਬੋਧਨ ਦੌੌਰਾਨ ਮੰਤਰੀ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਅਣਖ ਦੀ ਖਾਤਿਰ ਸ਼ਹਾਦਤ ਦਿੱਤੀ, ਜਿਸ ਦੀ ਪ੍ਰਸ਼ੰਸਾ ਅਗਰੇਜ਼ਾਂ ਨੇ ਵੀ ਕੀਤੀ। ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੀ, ਜਿਨ੍ਹਾਂ ਨੇ ਅੰਗਰੇਜ਼ ਹਕੂਮਤ ਨੂੰ ਦੇਸ਼ ਵਿਚੋਂ ਕੱਢ ਕੇ ਹੀ ਸਾਹ ਲਿਆ। ਅਟਾਰੀ ਪਿੰਡ ਨੂੰ ਨਵਾਂ ਰੂਪ ਦਿੱਤਾ ਜਾਵੇਗਾ ਤਾਂ ਜੋ ਰੀਟਰੀਟ ਦੇਖਣ ਆਉਣ ਵਾਲੇ ਯਾਤਰੀ ਅਟਾਰੀਵਾਲਾ ਦੀ ਸਮਾਧ 'ਤੇ ਆਉਣ ਅਤੇ ਆਪਣੇ ਬੱਚਿਆਂ ਨੂੰ ਉਨ੍ਹਾਂ ਦੀ ਸ਼ਹਾਦਤ ਬਾਰੇ ਦੱਸਣ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਦੇ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਬੱਚਿਆਂ ਨੂੰ ਵੀ ਇਤਿਹਾਸ ਤੋਂ ਜਾਣੂੰ ਕਰਾਉਣ। ਇਸੇ ਦੌਰਾਨ ਢਾਡੀ ਜਥਿਆਂ ਵੱਲੋਂ ਸ਼ਹੀਦ ਦੀ ਯਾਦ ਵਿੱਚ ਵਾਰਾਂ ਵੀ ਗਈਆਂ। 

ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਦੋਮੋਰੀਆ ਪੁਲ ਨੇੜੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ

ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸ: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਹਰ ਸਾਲ ਇਸ ਦਿਹਾੜੇ ਨੂੰ ਰਾਜ ਪੱਧਰੀ ਤੌਰ ਤੇ ਮਨਾਵੇਗੀ। ਉਨਾਂ ਕਿਹਾ ਕਿ ਸਾਨੁੂੰ ਸਭ ਨੁੂੰ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੇ 18 ਸਾਲ ਦੀ ਉਮਰ ਵਿੱਚ ਯੁੱਧਾਂ ਵਿੱਚ ਭਾਗ ਲੈਣਾ ਸ਼ੁਰੂ ਕਰ ਦਿੱਤਾ ਸੀ ਅਤੇ ਆਪਣੀ ਉਮਰ ਦੇ ਆਖਰੀ ਪੜਾਅ ਵਿੱਚ ਵੀ ਸਿੱਟਿਆ ਦੇ ਅੰਜਾਮ ਦੀ ਪਰਵਾਹ ਕੀਤੇ ਬਿਨਾਂ ਖੁਦ ਆਖਰੀ ਹਮਲੇ ਦੀ ਅਗਵਾਈ ਕੀਤੀ ਅਤੇ ਆਖਰੀ ਸਾਹ ਤੱਕ ਲੜਦੇ ਰਹੇ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 
   


Anuradha

Content Editor

Related News