ਰਾਜੋਆਣਾ ਦੇ ਮਾਮਲੇ ’ਚ ਕੇਂਦਰ ਸਰਕਾਰ ਤੁਰੰਤ ਲਵੇ ਫ਼ੈਸਲਾ- ਐਡਵੋਕੇਟ ਧਾਮੀ

05/03/2023 5:25:18 PM

ਅੰਮ੍ਰਿਤਸਰ : ਪਿਛਲੇ ਲਗਭਗ 28 ਸਾਲਾਂ ਤੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫ਼ੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹੁਣ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਭਾਈ ਰਾਜੋਆਣਾ ਦੀ ਸਜ਼ਾ ਤਬਦੀਲ ਕਰਦਿਆਂ ਉਸ ਨੂੰ ਰਿਹਾਅ ਕਰਨ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਭਾਈ ਰਾਜੋਆਣਾ ਦੇ ਕੇਸ ਵਿਚ ਗ੍ਰਹਿ ਮੰਤਰਾਲੇ ਨੂੰ ਫ਼ੈਸਲਾ ਲੈਣ ਲਈ ਨਿਰਦੇਸ਼ ਦਿੱਤੇ ਹਨ, ਇਸ ਲਈ ਹੁਣ ਸਰਕਾਰ ਨੇ ਕਾਰਵਾਈ ਕਰਨੀ ਹੈ।

ਇਹ ਵੀ ਪੜ੍ਹੋ : ਸੂਬੇ ਵਿੱਚ ਅਨਾਜ ਵੰਡ ਲਈ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਭਾਈ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ ਪਹਿਲਾਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੋਇਆ ਹੈ, ਜਿਸ ਦੇ ਮੱਦੇਨਜ਼ਰ ਸਰਕਾਰ ਨੂੰ ਤੁਰੰਤ ਫ਼ੈਸਲਾ ਲੈਣਾ ਚਾਹੀਦਾ ਹੈ। ਸਰਕਾਰ ਆਪਣੇ 2019 ਦੇ ਇਸ ਨੋਟੀਫਿਕੇਸ਼ਨ ਨੂੰ ਲਾਗੂ ਕਰਕੇ ਇਸ ਦੇ ਨਾਲ ਹੀ ਭਾਈ ਰਾਜੋਆਣਾ ਦੀ ਰਿਹਾਈ ਦਾ ਵੀ ਫ਼ੈਸਲਾ ਲਵੇ, ਕਿਉਂਕਿ ਉਹ ਉਮਰ ਕੈਦ ਤੋਂ ਜ਼ਿਆਦਾ ਸਜ਼ਾ ਭੁਗਤ ਚੁੱਕੇ ਹਨ। ਜੇਲ੍ਹ ’ਚ ਨਜ਼ਰਬੰਦੀ ਦੌਰਾਨ ਭਾਈ ਰਾਜੋਆਣਾ ਨੂੰ ਪੈਰੋਲ ਤੋਂ ਵੀ ਵਾਂਝਿਆਂ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡਾ ਝਟਕਾ, ਸਕੂਲ ਮੁਖੀਆਂ ਨੂੰ ਸਖ਼ਤ ਹੁਕਮ ਜਾਰੀ

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਸਿੱਖ ਆਗੂਆਂ ਨੂੰ ਵੀ ਭਾਈ ਰਾਜੋਆਣਾ ਦੇ ਮਾਮਲੇ ਪ੍ਰਤੀ ਸਰਕਾਰ ’ਤੇ ਦਬਾਅ ਬਣਾਉਣਾ ਚਾਹੀਦਾ ਹੈ। ਇਹ ਭਾਜਪਾ ਵਿਚ ਸ਼ਾਮਲ ਸਿੱਖ ਆਗੂਆਂ ਲਈ ਪਰਖ ਦੀ ਘੜੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ  ਇਕਬਾਲ ਸਿੰਘ ਲਾਲਪੁਰਾ ਲਈ ਵੀ ਆਪਣੇ ਫ਼ਰਜ਼ ਨਿਭਾਉਣ ਦਾ ਸਮਾਂ ਹੈ ਕਿਉਂਕਿ ਕੌਮੀ ਘੱਟਗਿਣਤੀ ਕਮਿਸ਼ਨ ਦੀ ਜ਼ਿੰਮੇਵਾਰੀ ਘੱਟਗਿਣਤੀ ਕੌਮਾਂ ਦੇ ਹੱਕਾਂ ਤੇ ਹਿੱਤਾਂ ਦੀ ਪਾਲਣਾ ਕਰਵਾਉਣਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੱਖਾਂ ਦੇ ਮਾਮਲਿਆਂ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ, ਜਿਸ ਕਰਕੇ ਸਿੱਖ ਕੌਮ ਅੰਦਰ ਭਾਰੀ ਰੋਸ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਅਧਿਕਾਰੀਆਂ 'ਤੇ ਨਜ਼ਰਸਾਨੀ ਰੱਖਣ ਲਈ ਮਹਿਕਮੇ ਦਾ ਵੱਡਾ ਫ਼ੈਸਲਾ 

Harnek Seechewal

This news is Content Editor Harnek Seechewal