ਸਿਰਫ ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ : ਐਡਵੋਕੇਟ ਧਾਮੀ

Monday, Apr 13, 2026 - 10:28 PM (IST)

ਸਿਰਫ ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ : ਐਡਵੋਕੇਟ ਧਾਮੀ

ਜੈਤੋ (ਰਘੂਨੰਦਨ ਪਰਾਸ਼ਰ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਲਿਆਂਦੇ ਗਏ ਬਿੱਲ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਗੰਭੀਰ ਮਾਮਲੇ ‘ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ ਫ਼ੈਸਲੇ ਦੀ ਮੰਗ ਕਰਦੀ ਆ ਰਹੀ ਹੈ, ਲੇਕਿਨ ਅਜੇ ਤੱਕ ਕੌਮੀ ਭਾਵਨਾਵਾਂ ਅਨੁਸਾਰ ਕੋਈ ਵੀ ਸਿੱਟਾ ਸਾਹਮਣੇ ਨਹੀਂ ਆ ਸਕਿਆ। ਉਨ੍ਹਾਂ ਆਖਿਆ ਕਿ ਵਿਧਾਨ ਸਭਾ ਵੱਲੋਂ ਇਸ ਸਬੰਧੀ ਬਿੱਲ ਪਾਸ ਕਰਨਾ ਇੱਕ ਸਕਾਰਾਤਮਕ ਕਦਮ ਜ਼ਰੂਰ ਹੈ, ਪਰ ਸਿਰਫ਼ ਬਿੱਲ ਪਾਸ ਕਰ ਦੇਣਾ ਹੀ ਕਾਫ਼ੀ ਨਹੀਂ। ਅਸਲ ਸਵਾਲ ਤਾਂ ਇਸ ਨੂੰ ਲਾਗੂ ਕਰਵਾਉਣ ਦਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਕਿਸੇ ਵੀ ਕੌਮੀ ਮਾਮਲੇ ਵਿਚ ਕੌਮੀ ਭਾਵਨਾਵਾਂ ਦੀ ਤਰਜਮਾਨੀ ਹੋਣੀ ਚਾਹੀਦੀ ਹੈ ਨਾ ਕਿ ਰਾਜਨੀਤੀ। ਉਨ੍ਹਾਂ ਕਿਹਾ ਕਿ ਬਿੱਲ ਪਾਸ ਕਰਨ ਦੀ ਪ੍ਰਕਿਰਿਆ ਤਾਂ ਪਹਿਲੀਆਂ ਸਰਕਾਰਾਂ ਸਮੇਂ ਵੀ ਦੋ ਵਾਰ ਪੂਰੀ ਹੋ ਚੁੱਕੀ ਹੈ। ਜ਼ਰੂਰੀ ਗੱਲ ਇਹ ਹੈ ਕਿ ਇਸ ਨੂੰ ਲੋੜੀਂਦੀ ਪ੍ਰਵਾਨਗੀ ਮਿਲੇ ਤਾਂ ਜੋ ਇਹ ਲਾਗੂ ਹੋ ਸਕੇ।ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਸਰਕਾਰ ਸ਼ੋਸ਼ਲ ਮੀਡੀਆ 'ਤੇ ਏਆਈ ਤਕਨੀਕ ਨਾਲ ਸਿੱਖ ਭਾਵਨਾਵਾਂ ਨਾਲ ਹੁੰਦੇ ਖਿਲਵਾੜ ਅਤੇ ਪਾਵਨ ਗੁਰਬਾਣੀ ਤੇ ਗੁਰਧਾਮਾਂ ਦੀ ਬੇਅਦਬੀ ਦੇ ਰੁਝਾਨ ਪ੍ਰਤੀ ਵੀ ਸੰਜੀਦਾ ਹੋਵੇ। ਉਨ੍ਹਾਂ ਆਖਿਆ ਕਿ ਬੇਅਦਬੀ ਦੀ ਪਰਿਭਾਸ਼ਾ ਬਹੁਪਰਤੀ ਹੈ ਜਿਸ ਨੂੰ ਵਿਆਪਕ ਸੰਦਰਭ ਵਿਚ ਲੈਣ ਦੀ ਜਰੂਰਤ ਹੈ। ਸੋਸ਼ਲ ਮੀਡੀਆ 'ਤੇ ਬੇਅਦਬੀ ਦਾ ਚਲਨ ਵੀ ਦੁੱਖਦਾਈ ਹੈ। ਹਾਲ ਹੀ ਵਿਚ ਕਿਸੇ ਸਿਰਫਿਰੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਉਪਰ ਚੜ੍ਹ ਕੇ ਬੇਅਦਬੀ ਕਰਨ ਦੀ ਏਆਈ ਵੀਡੀਓ ਵਾਇਰਲ ਕੀਤੀ ਗਈ ਹੈ। ਇਹ ਵੀਡੀਓ ਸ਼੍ਰੋਮਣੀ ਕਮੇਟੀ ਵੱਲੋਂ ਕਈ ਪਲੇਟਫ਼ਾਰਮਾਂ ਤੋਂ ਹਟਵਾਈ ਗਈ ਹੈ ਪਰ ਸਰਕਾਰ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਪਾਸੇ ਵੀ ਧਿਆਨ ਦੇਵੇ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਕਾਰਵਾਈਆਂ ਰੋਕਣ ਲਈ ਸਖ਼ਤ ਕਦਮ ਚੁੱਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News