ਦਿੱਲੀ ਵਾਲਿਆਂ ਦੇ ਪ੍ਰਭਾਵ ਹੇਠ ਪੰਜਾਬੀਆਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਮਾਨ ਸਰਕਾਰ : ਐਡਵੋਕੇਟ ਧਾਮੀ

01/25/2023 11:41:36 AM

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਕਲਰਕ ਦੀ ਆਸਾਮੀ ਲਈ ਭਰਤੀ ਪ੍ਰਕਿਰਿਆ ਵਾਸਤੇ ਲਈ ਜਾਣ ਵਾਲੀ ਪ੍ਰੀਖਿਆ ਦੇ ਸਿਲੇਬਸ 'ਚੋਂ ਪੰਜਾਬੀ ਨੂੰ ਦਰਕਿਨਾਰ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀ ਮਾਂ-ਭਾਸ਼ਾ, ਵਿਰਾਸਤ ਅਤੇ ਸੱਭਿਆਚਾਰ ਨੂੰ ਖੋਰਾ ਲਗਾਉਣ ਦੇ ਰਾਹ ਤੁਰੀ ਹੋਈ ਹੈ। ਇਹ ਪੰਜਾਬ ਦੇ ਨੌਜਵਾਨਾਂ ਨੂੰ ਅਸਰ-ਅੰਦਾਜ਼ ਕਰਨ ਵਾਲੀ ਕਾਰਵਾਈ ਹੈ, ਜਿਸ ਨੇ ਪੰਜਾਬੀਆਂ ਦੇ ਹੱਕਾਂ ’ਤੇ ਡਾਕਾ ਮਾਰਨ ਲਈ ਗ਼ੈਰ ਪੰਜਾਬੀਆਂ ਦੀ ਭਰਤੀ ਲਈ ਵੀ ਰਾਹ ਖੋਲ੍ਹਿਆ ਹੈ।

ਇਹ ਵੀ ਪੜ੍ਹੋ : 'ਆਪ' ਨੂੰ ਯਾਦ ਆਏ ਪੁਰਾਣੇ ਵਰਕਰ, ਅਸੈਂਬਲੀ ਪਰਸਨ ਆਫ ਕੰਟੈਕਟ ਲਗਾਉਣ ਦਾ ਪਲਾਨ ਤਿਆਰ

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬੀ ਨੂੰ ਹਰ ਪੱਧਰ ’ਤੇ ਲਾਗੂ ਕਰਨ ਦੀਆਂ ਗੱਲਾਂ ਕਰ ਕੇ ਸਿਰਫ਼ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾ ਰਹੇ ਹਨ, ਜਦਕਿ ਅਸਲੀਅਤ ਇਹ ਹੈ ਕਿ ਉਨ੍ਹਾਂ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਨੂੰ ਅੱਖੋਂ ਓਹਲੇ ਕਰ ਕੇ ਹਰ ਸਰਕਾਰੀ ਕਾਰਵਾਈ ਅੰਗਰੇਜ਼ੀ ਵਿਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੀ ਉਦਾਹਰਨ ਭਗਵੰਤ ਸਿੰਘ ਮਾਨ ਦੇ ਬੀਤੇ ਸਮੇਂ ਦੌਰਾਨ ਜਾਰੀ ਕੀਤੇ ਗਏ ਕਈ ਆਦੇਸ਼ ਹਨ। ਉਹ ਜਦੋਂ ਵੀ ਕੋਈ ਐਲਾਨ ਜਾਂ ਸਰਕੂਲਰ ਜਾਰੀ ਕਰਦੇ ਹਨ ਤਾਂ ਉਹ ਅੰਗਰੇਜ਼ੀ ਭਾਸ਼ਾ ਵਿਚ ਹੁੰਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਦਿੱਲੀ ਵਾਲਿਆਂ ਦੇ ਪ੍ਰਭਾਵ ਹੇਠ ਜਾਣਬੁਝ ਕੇ ਅਣਗੌਲਿਆ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- 'ਆਪ' ਵਿਧਾਇਕਾਂ ਦੀ ਪ੍ਰਵਾਹ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸੁਣਵਾਈ ਮੁਕੰਮਲ, ਰਿਪੋਰਟ ਵਿਧਾਨ ਸਭਾ ਕੋਲ

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕਲਰਕਾਂ ਦੀ ਭਰਤੀ ਲਈ ਮੁੱਖ ਪੇਪਰ ਦੇ ਸਿਲੇਬਸ ਵਿੱਚੋਂ ਪੰਜਾਬੀ ਨੂੰ ਬਾਹਰ ਕਰਨ ਦੀ ਕਾਰਵਾਈ ਸਰਕਾਰ ਦੀ ਪੰਜਾਬ ਪ੍ਰਤੀ ਅਸਲ ਮਨਸ਼ਾ ਦਾ ਪ੍ਰਗਟਾਵਾ ਹੈ, ਜਿਸ ਤੋਂ ਭਗਵੰਤ ਸਿੰਘ ਮਾਨ ਬਰੀ ਨਹੀਂ ਹੋ ਸਕਦੇ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਰਚੀਆਂ ਜਾ ਰਹੀਆਂ ਪੰਜਾਬ ਅਤੇ ਪੰਜਾਬੀ ਭਾਸ਼ਾ ਮਾਰੂ ਸਾਜ਼ਿਸ਼ਾਂ ਨੂੰ ਪਛਾਣਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਹਰ ਪੰਜਾਬੀ ਨੂੰ ਇਸ ਦੇ ਵਿਰੋਧ ਵਿਚ ਖੜ੍ਹਾ ਹੋਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬੀ ਮਾਂ-ਭਾਸ਼ਾ ਨੂੰ ਨੀਵਾਂ ਦਿਖਾਉਣ ਵਾਲੀ ਹਰ ਕਾਰਵਾਈ ਦਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵਿਰੋਧ ਕਰਦੀ ਰਹੇਗੀ।

ਇਹ ਵੀ ਪੜ੍ਹੋ- ਕੀ ਖੰਘ 'ਚ ਬੱਚੇ ਨੂੰ ਰਮ ਜਾਂ ਬਰਾਂਡੀ ਦੇਣੀ ਚਾਹੀਦੀ ਹੈ ? ਜਾਣੋ WHO ਦਾ ਹੈਰਾਨੀਜਨਕ ਖ਼ੁਲਾਸਾ


Harnek Seechewal

Content Editor

Related News