ਭਾਰਤ-ਕੈਨੇਡਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਾਸ ਕੀਤਾ ਵਿਸ਼ੇਸ਼ ਮਤਾ

Monday, Sep 25, 2023 - 05:37 PM (IST)

ਭਾਰਤ-ਕੈਨੇਡਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਾਸ ਕੀਤਾ ਵਿਸ਼ੇਸ਼ ਮਤਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੀ ਸੰਸਦ ਅੰਦਰ ਉਥੋਂ ਦੇ ਵਸਨੀਕ ਸਿੱਖ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਭਾਰਤੀ ਏਜੰਸੀਆਂ ਦੇ ਅਧਿਕਾਰੀਆਂ ਦਾ ਹੱਥ ਹੋਣ ਬਾਰੇ ਲਗਾਏ ਦੋਸ਼ਾਂ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਗਈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਪਾਸ ਕੀਤੇ ਗਏ ਇਕ ਵਿਸ਼ੇਸ਼ ਮਤੇ ਵਿਚ ਕਿਹਾ ਗਿਆ ਕਿ ਕਿਸੇ ਵੀ ਦੇਸ਼ ਦੀ ਸੰਸਦ ਵਿਚ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਗਿਆ ਬਿਆਨ ਆਮ ਨਹੀਂ ਸਮਝਿਆ ਜਾਂਦਾ, ਸਗੋਂ ਦੇਸ਼ ਦੇ ਸੰਵਿਧਾਨ ਦੀ ਮਾਣ-ਮਰਯਾਦਾ ਦੇ ਦਾਇਰੇ ਵਿਚ ਤੱਥਾਂ ਅਧਾਰਿਤ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ : ਝੋਨੇ ਦੀ ਫ਼ਸਲ ਪੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਪਾਰਲੀਮੈਂਟ ਅੰਦਰ ਪ੍ਰਧਾਨ ਮੰਤਰੀ ਵੱਲੋਂ ਆਖੀ ਗਈ ਹਰ ਗੱਲ ਨੂੰ ਸਹਿਜੇ ਹੀ ਨਕਾਰਿਆ ਨਹੀਂ ਜਾ ਸਕਦਾ। ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤੀ ਏਜੰਸੀਆਂ ’ਤੇ ਲਗਾਏ ਦੋਸ਼ਾਂ ਦੀ ਸੱਚਾਈ ਦੋਹਾਂ ਦੇਸ਼ਾਂ ਨੂੰ ਰਾਜਨੀਤੀ ਤੋਂ ਪਰ੍ਹੇ ਜਾ ਕੇ ਇਕ ਸੁਹਿਰਦ ਪਹੁੰਚ ਰਾਹੀਂ ਲੋਕਾਂ ਸਾਹਮਣੇ ਰੱਖਣੀ ਚਾਹੀਦੀ ਹੈ। ਜੇਕਰ ਇਸ ਨੂੰ ਸਿਰਫ਼ ਰਾਜਨੀਤੀ ਕਰਕੇ ਹੀ ਦਬਾ ਦਿੱਤਾ ਜਾਂਦਾ ਹੈ ਤਾਂ ਇਹ ਮਾਨਵੀ ਅਧਿਕਾਰਾਂ ਨਾਲ ਨਾਇਨਸਾਫ਼ੀ ਮੰਨੀ ਜਾਵੇਗੀ। ਇਸ ਸਮੁੱਚੇ ਵਰਤਾਰੇ ਵਿਚ ਮੁੱਖ ਮੀਡੀਆ ਅਤੇ ਸ਼ੋਸ਼ਲ ਮੀਡੀਆ ਮੰਚਾਂ ’ਤੇ ਸਿੱਖ ਅਤੇ ਪੰਜਾਬ ਵਿਰੋਧੀ ਫੈਲਾਏ ਜਾ ਰਹੇ ਨਫ਼ਰਤੀ ਕੂੜ ਪ੍ਰਚਾਰ ਦੀ ਵੀ ਕਰੜੀ ਨਿੰਦਾ ਕਰਦਿਆਂ ਕਿਹਾ ਗਿਆ ਹੈ ਕਿ ਮੀਡੀਆ ਦੇ ਵੱਡੇ ਹਿੱਸੇ ਵੱਲੋਂ ਜਾਣਬੁਝ ਕੇ ਭਾਰਤ ਕੈਨੇਡਾ ਮਾਮਲਾ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ’ਤੇ ਹੀ ਕੇਂਦਰਿਤ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ, ਗੁਆਂਢੀ ਸੂਬਾ ਵੀ ਲਪੇਟ 'ਚ ਆਇਆ

ਅੰਤ੍ਰਿੰਗ ਕਮੇਟੀ ਨੇ ਮਤੇ ਰਾਹੀਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਮਸਲੇ ਨੂੰ ਸੰਜੀਦਗੀ ਨਾਲ ਲੈ ਕੇ ਇਸ ਵਿਚ ਸਿੱਖਾਂ ਦੇ ਅਕਸ ਨੂੰ ਖ਼ਰਾਬ ਕਰਨ ਵਾਲੇ ਲੋਕਾਂ ’ਤੇ ਕਾਰਵਾਈ ਕਰੇ। ਇਹ ਵੀ ਸਪੱਸ਼ਟ ਕੀਤਾ ਗਿਆ ਕਿ ਸਿੱਖ ਕੌਮ ਹਰ ਧਰਮ ਦਾ ਸਤਿਕਾਰ ਕਰਦੀ ਹੈ ਅਤੇ ਕਿਸੇ ਨਾਲ ਵੀ ਵੈਰ ਨਹੀਂ ਰੱਖਦੀ। ਕੁਝ ਲੋਕ ਮੌਜੂਦਾ ਸਥਿਤੀ ਨੂੰ ਕੌਮਾਂ ਵਿਚ ਵੰਡੀਆਂ ਪਾਉਣ ਲਈ ਇਕ ਹਥਿਆਰ ਵਜੋਂ ਵਰਤ ਰਹੇ ਹਨ, ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਅੰਤ੍ਰਿੰਗ ਕਮੇਟੀ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਉਹ ਇਸ ਗੱਲ ਵੱਲ ਗੌਰ ਕਰੇ। ਇਹ ਵੀ ਕਿਹਾ ਗਿਆ ਕਿ ਜਿਹੜੀਆਂ ਸ਼ਕਤੀਆਂ ਸਿੱਖਾਂ ਦਾ ਅਕਸ ਖਰਾਬ ਕਰ ਰਹੀਆਂ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਸਿੱਖਾਂ ਅੰਦਰ ਪਨਪ ਰਹੀ ਬੇਵਿਸ਼ਵਾਸੀ ਨੂੰ ਖ਼ਤਮ ਕਰਨ ਵਾਸਤੇ ਵੀ ਢੁੱਕਵੇਂ ਕਦਮ ਚੁੱਕੇ ਜਾਣ।

ਇਹ ਵੀ ਪੜ੍ਹੋ : ਪ੍ਰੇਮੀ ਨਾਲ ਰਲ ਮਾਂ ਨੇ 2 ਸਾਲਾ ਧੀ ਨਾਲ ਕਮਾਇਆ ਧ੍ਰੋਹ, ਲੂ ਕੰਡੇ ਖੜ੍ਹੇ ਕਰੇਗਾ ਪੂਰਾ ਮਾਮਲਾ

ਇਸ ਵਿਸ਼ੇਸ਼ ਮਤੇ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਵੱਲੋਂ ਕਈ ਹੋਰ ਫ਼ੈਸਲੇ ਲੈਣ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਮਾਮਲੇ ਵੀ ਵਿਚਾਰੇ ਗਏ। ਇਕ ਮਤੇ ਵਿਚ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਸਮੇਂ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰਹੇ ਸਿੰਘਾਂ ਦੇ ਕੇਸਾਂ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਦੇ ਨਾਲ-ਨਾਲ ਇਸ ਵਿਚ ਸਹਾਇਤਾ ਕਰਨ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਦੇ ਨਾਲ ਹੀ ਨੋਇਡਾ ਉੱਤਰਪ੍ਰਦੇਸ਼ ਦੇ ਵਸਨੀਕ ਕਾਕਾ ਸਿਦਕਦੀਪ ਸਿੰਘ ਜਿਸ ਦੇ ਸਭ ਤੋਂ ਲੰਮੇ ਕੇਸ ਹੋਣ ਕਾਰਨ ਉਸ ਦਾ ਨਾਮ ਗਿੰਨੀਜ਼ ਬੁੱਕ ਆਫ਼ ਵਰਲਡ ਵਿਚ ਦਰਜ਼ ਹੋਣ ’ਤੇ ਉਸ ਨੂੰ ਵੀ ਸਨਮਾਨਿਤ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਕਿਸਾਨਾਂ ਲਈ ਵੱਡੀ ਰਾਹਤ ਦੀ ਖ਼ਬਰ, ਜਾਣੋ ਮੌਸਮ ਦੀ ਤਾਜ਼ਾ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News