ਅਕਾਲੀ ਆਗੂਆਂ ਨੂੰ ਸਿਆਸੀ ਨਿਸ਼ਾਨਾ ਬਣਾਉਣ ਦੀ ਸੁਖਬੀਰ ਬਾਦਲ ਵੱਲੋਂ ਸਖ਼ਤ ਨਿਖ਼ੇਧੀ

Thursday, Jun 04, 2026 - 11:42 AM (IST)

ਅਕਾਲੀ ਆਗੂਆਂ ਨੂੰ ਸਿਆਸੀ ਨਿਸ਼ਾਨਾ ਬਣਾਉਣ ਦੀ ਸੁਖਬੀਰ ਬਾਦਲ ਵੱਲੋਂ ਸਖ਼ਤ ਨਿਖ਼ੇਧੀ

ਚੰਡੀਗੜ੍ਹ/ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਤੋਂ ਪਾਰਟੀ ਦੇ ਵੀ. ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਅਤੇ ਕੌਂਸਲਰ ਇੰਦਰਜੀਤ ਸਿੰਘ ਪੰਡੋਰੀ ਖ਼ਿਲਾਫ਼ ਕੀਤੀ ਗਈ ਪੁਲਸ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸਿਆਸੀ ਰੰਜਿਸ਼ ਤਹਿਤ ਅਕਾਲੀ ਵਰਕਰਾਂ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾ ਰਹੀ ਹੈ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਦੱਸਿਆ ਕਿ ਸਿਆਸੀ ਰੰਜਿਸ਼ ਤਹਿਤ ਪੰਡੋਰੀ ਖ਼ਿਲਾਫ਼ ਝੂਠਾ ਪਰਚਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਦੇਰ ਰਾਤ 2:30 ਵਜੇ ਪੰਡੋਰੀ ਦੇ ਗ੍ਰਹਿ ਵਿਖੇ ਛਾਪੇਮਾਰੀ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬੇਵਜ੍ਹਾ ਤੰਗ-ਪਰੇਸ਼ਾਨ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਅਤੇ ਪੁਲਸ ਅਕਾਲੀ ਵਰਕਰਾਂ ਨੂੰ ਦਬਾਉਣ ਲਈ ਹਰ ਸੰਭਵ ਹੀਲਾ ਵਰਤ ਰਹੀ ਹੈ ਪਰ ਅਕਾਲੀ ਆਗੂ ਅਤੇ ਵਰਕਰ ਇਨ੍ਹਾਂ ਧੱਕੇਸ਼ਾਹੀਆਂ ਅੱਗੇ ਕਦੇ ਨਹੀਂ ਝੁਕਣਗੇ। ਸੁਖਬੀਰ ਸਿੰਘ ਬਾਦਲ ਨੇ ਝੂਠੇ ਕੇਸ ਦਰਜ ਕਰਨ ਵਾਲੇ ਪੁਲਸ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਅਜਿਹੇ ਅਧਿਕਾਰੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਹਰ ਗੈਰ-ਕਾਨੂੰਨੀ ਕਾਰਵਾਈ ਦਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਜੋਬਨਪ੍ਰੀਤ ਸਿੰਘ ਦੀ ਗੈਰ-ਕਾਨੂੰਨੀ ਗ੍ਰਿਫ਼ਤਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਹਾਈਕੋਰਟ ਨੇ ਸਰਕਾਰ ਨੂੰ ਸਖ਼ਤ ਝਾੜ ਪਾਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਹਰ ਇੱਕ ਵਰਕਰ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਉਨ੍ਹਾਂ ਦੇ ਹੱਕਾਂ ਲਈ ਹਰ ਲੜਾਈ ਲੜੀ ਜਾਵੇਗੀ।
 


author

Babita

Content Editor

Related News