ਜਾਣੋ ਲੋਹੜੀ ਦੇ ਤਿਉਹਾਰ ਨਾਲ ਜੁੜੀਆਂ ਖਾਸ ਗੱਲਾਂ

ਪੋਹ ਮਹੀਨੇ ਵਿਚ ਆਉਣ ਵਾਲਾ ਤਿਉਹਾਰ ਲੋਹੜੀ ਭਾਵੇਂ ਸਾਡੇ ਸਮਾਜ ਵਿਚ ਕੋਈ ਧਾਰਮਿਕ ਮਹੱਤਤਾ ਨਹੀਂ ਰੱਖਦਾ ਪਰ ਇਹ ਸੱਭਿਆਚਾਰਕ ਪੱਖ ਤੋਂ...

ਜਲੰਧਰ : ਪੋਹ ਮਹੀਨੇ ਵਿਚ ਆਉਣ ਵਾਲਾ ਤਿਉਹਾਰ ਲੋਹੜੀ ਭਾਵੇਂ ਸਾਡੇ ਸਮਾਜ ਵਿਚ ਕੋਈ ਧਾਰਮਿਕ ਮਹੱਤਤਾ ਨਹੀਂ ਰੱਖਦਾ ਪਰ ਇਹ ਸੱਭਿਆਚਾਰਕ ਪੱਖ ਤੋਂ ਬਹੁਤ ਮਹੱਤਵਪੂਰਨ ਹੈ। ਇਹ ਤਿਉਹਾਰ ਪੋਹ ਮਹੀਨੇ ਦੀ ਅਖੀਰਲੀ ਰਾਤ ਨੂੰ ਮਨਾਇਆ ਜਾਂਦਾ ਹੈ। ਲੋਹੜੀ ਤੋਂ ਅਗਲੇ ਦਿਨ ਮਾਘ ਮਹੀਨੇ ਦੀ ਸੰਗਰਾਂਦ ਹੁੰਦੀ ਹੈ। ਇਸ ਦਿਨ ਮਾਘੀ ਦਾ ਤਿਉਹਾਰ ਹੁੰਦਾ ਹੈ। ਇਸ ਮਹੀਨੇ ਫ਼ਸਲਾਂ ਦੀ ਬਿਜਾਈ ਲਗਭਗ ਹੋ ਚੁੱਕੀ ਹੁੰਦੀ ਹੈ। 
ਭਾਵੇਂ ਅਜੋਕੇ ਸਮੇਂ ਵਿਚ ਕੁੜੀ-ਮੁੰਡੇ 'ਚ ਕੋਈ ਫਰਕ ਨਹੀਂ ਸਮਝਿਆ ਜਾਂਦਾ ਅਤੇ ਲੋਕ ਜਾਗਰੂਕ ਹੋ ਗਏ ਹਨ ਅਤੇ ਕੁੜੀਆਂ ਦੀ ਲੋਹੜੀ ਵੀ ਧੂਮ-ਧਾਮ ਨਾਲ ਮਨਾਈ ਜਾਣ ਲੱਗੀ ਹੈ ਪਰ ਬਾਵਜੂਦ ਇਸਦੇ ਜਿਸ ਘਰ 'ਚ ਮੁੰਡਾ ਜੰਮਿਆ ਹੋਵੇ ਜਾਂ ਨਵਵਿਆਹੀ ਵਹੁਟੀ ਆਈ ਹੋਵੇ, ਉਸ ਦੀ ਪਹਿਲੀ ਲੋਹੜੀ ਨੂੰ ਚਾਅ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਪੁਰਾਣੇ ਸਮਿਆਂ ਵਿਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘੱਟ ਜਾਣ ਨਾਲ ਜੋੜਦੇ ਹਨ। ਸੂਰਜ ਦੇ ਚਾਨਣ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲੀ ਜਾਂਦੀ ਸੀ। ਲੋਹੜੀ ਦੇ ਤਿਉਹਾਰ ਦਾ ਸਬੰਧ ਭਾਵੇਂ ਮੂਲ ਰੂਪ ਵਿਚ ਮੌਸਮ ਨਾਲ ਜੁੜਿਆ ਹੈ ਪਰ ਇਸ ਤਿਉਹਾਰ ਨਾਲ ਕਈ ਕਥਾਵਾਂ ਵੀ ਜੁੜੀਆਂ ਹੋਈਆਂ ਹਨ। ਕੁਝ ਲੋਕ ਇਸ ਤਿਉਹਾਰ ਨੂੰ ਸੰਤ ਕਬੀਰ ਜੀ ਦੀ ਪਤਨੀ 'ਲੋਈ' ਦੇ ਨਾਂਅ ਨਾਲ ਵੀ ਜੋੜਦੇ ਹਨ ਕਿ 'ਲੋਈ' ਦੇ ਨਾਂਅ ਤੋਂ ਹੀ 'ਲੋਹੜੀ' ਦਾ ਨਾਂਅ ਪਿਆ ਹੈ। ਕੁਝ ਲੋਕ ਲੋਹੜੀ ਸ਼ਬਦ 'ਲੋਹ' ਸ਼ਬਦ ਤੋਂ ਪਿਆ ਦੱਸਦੇ ਹਨ, ਜਿਸ ਦਾ ਅਰਥ ਰੌਸ਼ਨੀ ਅਤੇ ਸੇਕ ਹੈ। ਕੁਝ ਲੋਕਾਂ ਦਾ ਮੰਨਣਾ ਹੈ ਕਿ ਤਿਲ ਅਤੇ ਰਿਉੜੀਆਂ ਸ਼ਬਦਾਂ ਦੇ ਸੁਮੇਲ ਤੋਂ ਇਹ ਸ਼ਬਦ ਬਣਿਆ ਹੈ, ਪਹਿਲਾਂ ਇਹ 'ਤਿਲੋਹੜੀ' ਸੀ ਪਰ ਬਾਅਦ ਵਿਚ 'ਲੋਹੜੀ' ਮਸ਼ਹੂਰ ਹੋ ਗਿਆ। 
ਲੋਹੜੀ ਦਾ ਇਤਿਹਾਸ ਅਕਬਰ ਬਾਦਸ਼ਾਹ ਦੇ ਸਮੇਂ 'ਦੁੱਲਾ ਭੱਟੀ' ਨਾਂ ਦੇ ਕਿਰਦਾਰ ਨਾਲ ਵੀ ਜੋੜਿਆ ਜਾਂਦਾ ਹੈ, ਜੋ ਅਮੀਰ ਲੋਕਾਂ ਨੂੰ ਲੁੱਟ ਕੇ ਸਾਰਾ ਧਨ ਗ਼ਰੀਬਾਂ ਵਿਚ ਵੰਡ ਦਿੰਦਾ ਸੀ। ਇਕ ਵਾਰ ਉਸ ਨੇ ਅਗਵਾਕਾਰਾਂ ਦੇ ਚੁੰਗਲ ਵਿਚੋਂ ਇਕ ਲੜਕੀ ਨੂੰ ਛੁਡਾਇਆ ਤੇ ਆਪਣੀ ਧਰਮ ਦੀ ਧੀ ਬਣਾ ਲਿਆ। ਇਕ ਹੋਰ ਲਿਖਤ ਅਨੁਸਾਰ ਕਿਸੇ ਗ਼ਰੀਬ ਬ੍ਰਾਹਮਣ ਦੀਆਂ ਸੁੰਦਰੀ ਤੇ ਮੁੰਦਰੀ ਨਾਂਅ ਦੀਆਂ ਦੋ ਬਹੁਤ ਖੂਬਸੂਰਤ ਧੀਆਂ ਸਨ, ਜਿਨ੍ਹਾਂ ਦੀ ਮੰਗਣੀ ਹੋ ਚੁੱਕੀ ਸੀ। ਉਸ ਸਮੇਂ ਦੇ ਹਾਕਮ ਦੀ ਨਜ਼ਰੀ ਇਹ ਲੜਕੀਆਂ ਚੜ੍ਹ ਗਈਆਂ ਤੇ ਉਹ ਹਾਕਮ ਦੋਵਾਂ ਭੈਣਾਂ ਤੇ ਮੈਲੀ ਅੱਖ ਰੱਖਣ ਲੱਗ ਪਿਆ। ਦੁੱਲੇ ਭੱਟੀ ਨੇ ਕੁੜੀਆਂ ਦੇ ਵਿਆਹ ਕਰਵਾਉਣ ਦਾ ਵਚਨ ਦਿੱਤਾ। ਲੜਕੀਆਂ ਦੇ ਸਹੁਰੇ ਹਾਕਮਾਂ ਤੋਂ ਡਰਦੇ ਮਾਰੇ ਰਾਤ ਨੂੰ ਵਿਆਹ ਕਰਨ ਲਈ ਕਹਿਣ ਲੱਗੇ। ਦੁੱਲੇ ਭੱਟੀ ਨੇ ਲਾਗਲੇ ਪਿੰਡਾਂ ਵਿਚੋਂ ਦਾਨ ਦੇ ਰੂਪ ਵਿਚ ਗੁੜ, ਸ਼ੱਕਰ, ਬਾਲਣ, ਦਾਣੇ ਇਕੱਠੇ ਕੀਤੇ। ਲੋਕ ਸੁੰਦਰੀ ਤੇ ਮੁੰਦਰੀ ਦੇ ਵਿਆਹ 'ਤੇ ਇਕੱਠੇ ਹੋਏ। ਦੁੱਲੇ ਭੱਟੀ ਨੇ ਆਪਣੇ ਹੱਥੀਂ ਲੜਕੀਆਂ ਦੇ ਵਿਆਹ ਕੀਤੇ 'ਤੇ ਸੇਰ-ਸੇਰ ਸ਼ੱਕਰ ਪਾਈ। ਉਸ ਦਿਨ ਤੋਂ ਇਸੇ ਤਰ੍ਹਾਂ ਲੋਹੜੀ ਮਨਾਉਣ ਦਾ ਰਿਵਾਜ ਪੈ ਗਿਆ। ਦੁੱਲਾ ਭੱਟੀ ਏਨਾ ਮਸ਼ਹੂਰ ਹੋ ਗਿਆ ਕਿ ਅੱਜ ਵੀ ਜਦ ਬੱਚੇ ਘਰਾਂ ਵਿਚੋਂ ਲੋਹੜੀ ਮੰਗਦੇ ਹਨ ਤਾਂ ਇਹ ਗੀਤ ਜ਼ਰੂਰ ਗਾਉਂਦੇ ਹਨ।

  • festival
  • Lohri
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ