ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਜਮਾਨਤ ਮਿਲੀ

Monday, Mar 11, 2019 - 03:31 PM (IST)

ਬਰਗਾੜੀ ''ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਪੁਲਿਸ ਫਾਇਰਿੰਗ ਮਾਮਲੇ ਵਿਚ ਕੁਝ ਦਿਨ ਪਹਿਲਾ ਸਪੈਸ਼ਲ ਜਾਂਚ ਟੀਮ (ਐੱਸਆਈਟੀ) ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਠਿੰਡਾ ਜ਼ੋਨ ਦੇ ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਫਰੀਦਕੋਟ ਦੀ ਅਦਾਲਤ ਤੋਂ ਜਮਾਨਤ ਮਿਲ ਗਈ ਹੈ।

ਉਮਰਾਨੰਗਲ ਗ੍ਰਿਫ਼ਤਾਰੀ ਤੋਂ ਇੱਕ ਹਫ਼ਤਾ ਪੁਲਿਸ ਹਿਰਾਸਤ ਵਿਚ ਰਹਿਣ ਤੋਂ ਬਾਅਦ 14 ਦਿਨ ਦੇ ਅਦਾਲਤੀ ਰਿਮਾਂਡ ਉੱਤੇ ਪਟਿਆਲਾ ਜੇਲ੍ਹ ਵਿਚ ਬੰਦ ਸਨ।

ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵਿਚ ਵੀਆਈਪੀ ਸਹੂਲਤਾਂ ਦੇਣ ਦੇ ਦੋਸ਼ ਵਿਚ ਪੰਜਾਬ ਸਰਕਾਰ ਨੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਨੂੰ ਮੁਅੱਤਲ ਕਰ ਦਿੱਤਾ ਸੀ।

8 ਮਾਰਚ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਨੰ ਨਿਰਦੇਸ਼ ਜਾਰੀ ਕੀਤੇ ਸਨ ਕਿ ਜੇਕਰ ਬੇਅਦਬੀ ਮਾਮਲੇ ਵਿਚ ਉਮਰਾਨੰਗਲ ਪੁੱਛਗਿੱਛ ਲਈ ਲੋੜੀਂਦੇ ਹੋਣ ਤਾਂ ਉਨ੍ਹਾਂ ਨੂੰ ਇੱਕ ਹਫ਼ਤਾ ਪਹਿਲਾ ਦੱਸਿਆ ਜਾਵੇ।

ਇਹ ਵੀ ਪੜ੍ਹੋ :

ਪਰਮਰਾਜ ਸਿੰਘ ਉਮਰਾਨੰਗਲ 1995 ਦੇ ਪੰਜਾਬ ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਹ ਅੰਮ੍ਰਿਤਸਰ ਦੇ ਆਈਜੀ (ਬਾਰਡਰ ਰੈਂਜ), ਫਿਰੋਜ਼ਪੁਰ ਦੇ ਡੀਆਈਜੀ ਵੀ ਰਹਿ ਚੁੱਕੇ ਹਨ।

ਐਸਆਈਟੀ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਡਿਪਟੀ ਸੀਐੱਮ ਸੁਖਬੀਰ ਸਿੰਘ ਬਾਦਲ ਅਤੇ ਬਾਲੀਵੁੱਡ ਸਟਾਰ ਅਕਸ਼ੇ ਕੁਮਾਰ ਨੂੰ ਸੰਮਨ ਜਾਰੀ ਕਰਕੇ ਪੁੱਛਗਿੱਛ ਕਰ ਚੁੱਕੀ ਹੈ।

ਇਸ ਤੋਂ ਇਲਾਵਾ ਐੱਸਆਈਟੀ ਵੱਲੋਂ ਪਹਿਲਾਂ ਵੀ ਪਰਮਰਾਜ ਸਿੰਘ ਉਮਰਾਨੰਗਲ ਸਮੇਤ ਏਡੀਜੀਪੀ ਜਤਿੰਦਰ ਜੈਨ, ਆਈਜੀ ਅਮਰ ਸਿੰਘ ਚਾਹਲ, ਐਸ ਪੀ ਪਰਮਜੀਤ ਸਿੰਘ ਪੁਨੂੰ ਅਤੇ ਐਸਡੀਐਮ ਹਰਜੀਤ ਸੰਧੂ ਨੂੰ ਸੰਮਨ ਜਾਰੀ ਕਰਕੇ ਪੁੱਛਗਿੱਛ ਕਰ ਚੁੱਕੀ ਹੈ।

14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ਵਿੱਚੋਂ ਦੋ ਨੌਜਵਾਨ ਪੁਲਿਸ ਫਾਇਰਿੰਗ ਵਿੱਚ ਮਾਰੇ ਗਏ ਸਨ।

ਇਹ ਲੋਕ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਧਰਨਾ ਦੇ ਰਹੇ ਸਨ।

ਇਹ ਸਾਰੇ ਅਧਿਕਾਰੀ ਉਸ ਦਿਨ ਡਿਊਟੀ ''ਤੇ ਤਾਇਨਾਤ ਸਨ ਅਤੇ ਇਨ੍ਹਾਂ ''ਤੇ ਕਥਿਤ ਤੌਰ ''ਤੇ ਇਲਜ਼ਾਮ ਹੈ ਕਿ ਇਨ੍ਹਾਂ ਨੇ ਹਜ਼ੂਮ ਨੂੰ ਤੋੜਨ ਲਈ ਉਨ੍ਹਾਂ ''ਤੇ ਗੋਲੀਬਾਰੀ ਕੀਤੀ।

ਇਸ ਤੋਂ ਇਲਾਵਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਹੋਈ ਹੈ। ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਬੇਅਦਬੀ ਮਾਮਲੇ ਦਾ ਪੂਰਾ ਘਟਨਾਕ੍ਰਮ

  • 1 ਜੂਨ 2015: ਗੁਰੂ ਗ੍ਰੰਥ ਸਾਹਿਬ ਪਿੰਡ ਕੋਟਕਪੂਰਾ ਦੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਲਾਪਤਾ।
  • 12 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੇ ਅੰਗ ਬਰਗਾੜੀ ਪਿੰਡ ਵਿੱਚੋਂ ਮਿਲੇ।
  • 14 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ ''ਚ ਸਿੱਖਾਂ ਵੱਲੋਂ ਪ੍ਰਦਰਸ਼ਨ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ। ਇਸੇ ਦਿਨ ਬਹਿਬਲ ਕਲਾਂ ਵਿਚ ਸਿੱਖਾਂ ਅਤੇ ਪੁਲਿਸ ਦੌਰਾਨ ਹੋਈ ਝੜਪ ਵਿਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ।

ਹ ਵੀ ਪੜ੍ਹੋ-

  • 18 ਅਕਤੂਬਰ 2015: ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਿਚ ਐੱਸਆਈਟੀ ਦਾ ਗਠਨ। ਪੁਲਿਸ ਵੱਲੋਂ ਪੂਰਾ ਮਾਮਲਾ ਸੁਲਝਾਉਣ ਦਾ ਦਾਅਵਾ ਪਰ ਪੁਲਿਸ ਦੇ ਦਾਅਵਿਆਂ ਉੱਤੇ ਸਵਾਲ ਖੜੇ ਹੋਏ।
  • 24 ਅਕਤੂਬਰ 2015: ਪੰਜਾਬ ਸਰਕਾਰ ਵੱਲੋਂ ਉਸ ਸਮੇਂ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਹੁਦੇ ਤੋਂ ਹਟਾਇਆ ਗਿਆ ਅਤੇ ਸੇਵਾ ਮੁਕਤ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦਾ ਗਠਨ।
  • 26 ਅਕਤੂਬਰ 2015: ਪੰਜਾਬ ਸਰਕਾਰ ਵੱਲੋਂ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ
  • 30 ਜੂਨ,2016: ਜਸਟਿਸ ਜ਼ੋਰ ਸਿੰਘ ਕਮਿਸ਼ਨ ਨੇ ਰਿਪੋਰਟ ਸਰਕਾਰ ਨੂੰ ਸੌਂਪੀ, ਪਰ ਕਮਿਸ਼ਨ ਦੀਆਂ ਤਜਵੀਜ਼ਾਂ ਉੱਤੇ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।
  • 14 ਅਪ੍ਰੈਲ 2017: ਅਮਰਿੰਦਰ ਸਿੰਘ ਸਰਕਾਰ ਨੇ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿਚ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਕਮਿਸ਼ਨ ਦਾ ਗਠਨ ਕੀਤਾ।
  • 30 ਜੂਨ 2018: ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਦੇ ਮਾਮਲਿਆਂ ਦੀ ਰਿਪੋਰਟ ਸਰਕਾਰ ਨੂੰ ਸੌਂਪੀ।
  • 31 ਜੂਨ 2018: ਅਮਰਿੰਦਰ ਸਿੰਘ ਦੀ ਸਰਕਾਰ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਸੀਬੀਆਈ ਹਵਾਲੇ ਕੀਤੀ।
  • 28 ਅਗਸਤ 2018: ਪੰਜਾਬ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉੱਤੇ ਬਹਿਸ ਅਤੇ ਅਕਾਲੀ ਦਲ ਵੱਲੋਂ ਬਹਿਸ ਦਾ ਬਾਈਕਾਟ। ਮਾਮਲੇ ਦੀ ਜਾਂਚ ਲਈ ਸੀਬੀਆਈ ਤੋਂ ਕੇਸ ਵਾਪਸ ਲੈਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ।
  • 10 ਸਤੰਬਰ 2018: ਪੰਜਾਬ ਸਰਕਾਰ ਵੱਲੋਂ ਬਹਿਬਲਾਂ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਲਈ ਏਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਵਿੱਚ ਐੱਸਆਈਟੀ ਦਾ ਗਠਨ।

ਇਹ ਵੀ ਪੜ੍ਹੋ-

ਇਹ ਵੀਡੀਓ ਵੀ ਜ਼ਰੂਰ ਦੇਖੋ-

https://www.youtube.com/watch?v=xWw19z7Edrs

https://www.youtube.com/watch?v=ePV_3RZO4t4

https://www.youtube.com/watch?v=BGGzEk202YA

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)



Related News